Daily Suraj

ਪੰਜਾਬੀ

ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲੀਸ ਅਸਾਮ ਪਹੁੰਚੀ

22 Apr, 2026 03:07 PM

ਫਰਵਰੀ 2023 ਦੇ ਅਜਨਾਲਾ ਥਾਣਾ ਹਮਲੇ ਨਾਲ ਜੁੜੇ ਮਾਮਲੇ ਵਿੱਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰਨ ਲਈ ਅੰਮ੍ਰਿਤਸਰ (ਦਿਹਾਤੀ) ਪੁਲੀਸ ਅਸਾਮ ਦੇ ਡਿਬਰੂਗੜ੍ਹ ਪਹੁੰਚ ਗਈ ਹੈ। ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਉਸ ਦੀ ਨਜ਼ਰਬੰਦੀ ਮਿਆਦ ਖ਼ਤਮ ਹੋਣ ਤੋਂ ਬਾਅਦ 23 ਅਪ੍ਰੈਲ ਨੂੰ ਗ੍ਰਿਫ਼ਤਾਰੀ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ 23 ਅਪ੍ਰੈਲ 2023 ਤੋਂ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹੈ, ਜਿੱਥੇ ਉਸਨੂੰ ਐਨਐਸਏ ਦੇ ਤਹਿਤ ਹਿਰਾਸਤ ਵਿੱਚ ਰੱਖਿਆ ਗਿਆ ਸੀ। ਇਸ ਮਾਮਲੇ ਵਿੱਚ ਉਸਦੇ ਕਈ ਸਾਥੀਆਂ, ਜਿਵੇਂ ਕਿ ਪਪਲਪ੍ਰੀਤ ਸਿੰਘ, ਦਲਜੀਤ ਸਿੰਘ ਕਲਸੀ, ਕੁਲਵੰਤ ਸਿੰਘ, ਵਰਿੰਦਰ ਜੋਹਲ, ਗੁਰਮੀਤ ਸਿੰਘ ਬੁੱਕਣਵਾਲਾ, ਉਸਦੇ ਚਾਚਾ ਹਰਜੀਤ ਸਿੰਘ, ਬਸੰਤ ਸਿੰਘ, ਗੁਰਿੰਦਰ ਸਿੰਘ ਔਜਲਾ ਅਤੇ ਭਗਵੰਤ ਸਿੰਘ ਨੂੰ ਵੀ ਐਨਐਸਏ ਅਤੇ ਹੋਰ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਸਾਰੇ ਪਹਿਲਾਂ ਹੀ ਪੰਜਾਬ ਲਿਆਂਦੇ ਜਾ ਚੁੱਕੇ ਹਨ ਅਤੇ ਅਜਨਾਲਾ ਅਦਾਲਤ ਵਿੱਚ ਕੇਸ ਦਾ ਸਾਹਮਣਾ ਕਰ ਰਹੇ ਹਨ। ਦੋ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਇਹ ਮਨਜ਼ੂਰੀ ਦਿੱਤੀ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਤੋਂ ਬਾਅਦ ਵੀ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਿਆ ਜਾ ਸਕਦਾ ਹੈ, ਭਾਵੇਂ ਉਸ ‘ਤੇ ਲੱਗੇ ਐਨਐਸਏ ਦੀ ਮਿਆਦ ਖ਼ਤਮ ਹੀ ਕਿਉਂ ਨਾ ਹੋ ਜਾਵੇ। ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਅਪੀਲ ਕਰਦੇ ਹੋਏ ਮੰਗ ਕੀਤੀ ਸੀ ਕਿ ਉਸਨੂੰ ਗ੍ਰਿਫ਼ਤਾਰ ਕਰਕੇ ਅਸਾਮ ਦੀ ਜੇਲ੍ਹ ਵਿੱਚ ਹੀ ਰੱਖਿਆ ਜਾਵੇ, ਕਿਉਂਕਿ ਅੰਮ੍ਰਿਤਸਰ ਲਿਆਂਦੇ ਜਾਣ ਦੀ ਸਥਿਤੀ ਵਿੱਚ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਦੇ ਮਸਲੇ ਪੈਦਾ ਹੋ ਸਕਦੇ ਹਨ। ਇਸ ਦੇ ਨਾਲ ਹੀ ਸਰਕਾਰ ਨੇ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕਰਨ ਦੀ ਵੀ ਅਪੀਲ ਕੀਤੀ ਸੀ। ਹਾਈ ਕੋਰਟ ਨੇ ਆਪਣੇ ਹੁਕਮ ਵਿੱਚ ਅੰਮ੍ਰਿਤਸਰ ਦੀ ਅਦਾਲਤ ਨੂੰ ਇਹ ਇਜਾਜ਼ਤ ਦੇ ਦਿੱਤੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੰਦਿਆਂ ਪੁਲੀਸ ਰਿਮਾਂਡ ਅਤੇ ਜੇਲ੍ਹ ਭੇਜਣ ਸਮੇਤ ਸਾਰੀ ਕਾਰਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇ। ਅਜਨਾਲਾ ਹਿੰਸਾ ਮਾਮਲੇ ਵਿੱਚ ਐੱਫਆਈਆਰ 24 ਫਰਵਰੀ 2023 ਨੂੰ ਦਰਜ ਕੀਤੀ ਗਈ ਸੀ। ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਦੱਸਿਆ ਕਿ ਅਦਾਲਤ ਨੇ ਸੂਬਾ ਸਰਕਾਰ ਨੂੰ ਐਨਐਸਏ ਮਿਆਦ ਖ਼ਤਮ ਹੋਣ ਤੋਂ ਬਾਅਦ ਗ੍ਰਿਫ਼ਤਾਰੀ ਕਰਨ ਅਤੇ ਅਗਲੀ ਕਾਰਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਜਾਰੀ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਆਨਲਾਈਨ ਪੇਸ਼ ਕੀਤਾ ਜਾਵੇਗਾ।

Posted By: Daily Suraj Bureau

Latest News