ਪੰਜਾਬ ਕਾਂਗਰਸ ਵਿੱਚ ਵੱਡੀ ਹਲਚਲ, ਰਾਜਾ ਵੜਿੰਗ ਦੇ ਅਸਤੀਫ਼ੇ ਦੀਆਂ ਚਰਚਾਵਾਂ ਤੇਜ਼
- ਪੰਜਾਬ
- (Asia/Kolkata)
ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਦਰਮਿਆਨ ਪਾਰਟੀ ਦੀ ਲੀਡਰਸ਼ਿਪ ਨੂੰ ਲੈ ਕੇ ਨਵੀਆਂ ਚਰਚਾਵਾਂ ਸਾਹਮਣੇ ਆ ਰਹੀਆਂ ਹਨ। ਸਿਆਸੀ ਹਲਕਿਆਂ ਵਿੱਚ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਸਕਦੇ ਹਨ। ਸੂਤਰਾਂ ਅਨੁਸਾਰ, ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੀ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਰਾਜਾ ਵੜਿੰਗ ਦੀ ਅਗਵਾਈ ਹੇਠ ਚੋਣ ਲੜਨ ਦੇ ਹੱਕ ਵਿੱਚ ਨਹੀਂ ਹਨ। ਹਾਲ ਹੀ ਵਿੱਚ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੌਰਾਨ ਚੰਨੀ ਧੜੇ ਨਾਲ ਮੀਟਿੰਗ ਕੀਤੀ ਸੀ, ਜਿਸ ਵਿੱਚ ਧੜੇ ਦੇ ਆਗੂਆਂ ਨੇ ਸਪੱਸ਼ਟ ਤੌਰ 'ਤੇ ਰਾਜਾ ਵੜਿੰਗ ਦੀ ਅਗਵਾਈ 'ਤੇ ਇਤਰਾਜ਼ ਜਤਾਇਆ। ਮੀਟਿੰਗ ਦੌਰਾਨ ਚੰਨੀ ਧੜੇ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਰਾਜਾ ਵੜਿੰਗ ਦੀ ਅਗਵਾਈ ਮਨਜ਼ੂਰ ਨਹੀਂ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਸੀ ਕਿ ਪਾਰਟੀ ਨੂੰ "ਕੰਪਰੋਮਾਈਜ਼ਡ" ਆਗੂ ਦੀ ਲੋੜ ਨਹੀਂ ਹੈ ਅਤੇ ਕਾਂਗਰਸ ਹਾਈਕਮਾਂਡ ਨੂੰ ਇਸ ਮਾਮਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਇਨ੍ਹਾਂ ਘਟਨਾਕ੍ਰਮਾਂ ਤੋਂ ਬਾਅਦ ਇਹ ਚਰਚਾ ਜ਼ੋਰਾਂ 'ਤੇ ਹੈ ਕਿ ਰਾਜਾ ਵੜਿੰਗ ਹਾਈਕਮਾਂਡ ਦੇ ਸੰਕੇਤ 'ਤੇ ਜਾਂ ਪਾਰਟੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਖੁਦ ਵੀ ਪ੍ਰਧਾਨ ਦਾ ਅਹੁਦਾ ਛੱਡ ਸਕਦੇ ਹਨ। ਹਾਲਾਂਕਿ, ਇਹ ਵੀ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਹਾਈਕਮਾਂਡ ਚਰਨਜੀਤ ਸਿੰਘ ਚੰਨੀ ਜਾਂ ਸੁਖਜਿੰਦਰ ਸਿੰਘ ਰੰਧਾਵਾ ਵਿੱਚੋਂ ਕਿਸੇ ਨੂੰ ਵੀ ਪੰਜਾਬ ਕਾਂਗਰਸ ਪ੍ਰਧਾਨ ਬਣਾਉਣ ਦੇ ਪੱਖ ਵਿੱਚ ਨਹੀਂ ਹੈ। ਫਿਲਹਾਲ, ਕਾਂਗਰਸ ਪਾਰਟੀ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਦਿੱਲੀ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਵਿਚਾਲੇ ਅਹਿਮ ਮੀਟਿੰਗ ਜਾਰੀ ਹੈ। ਇਸ ਮੀਟਿੰਗ ਤੋਂ ਬਾਅਦ ਹੀ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੂੰ ਲੈ ਕੇ ਤਸਵੀਰ ਹੋਰ ਸਪੱਸ਼ਟ ਹੋਣ ਦੀ ਸੰਭਾਵਨਾ ਹੈ।
Leave a Reply