ਹਿਰਾਸਤ ਦੌਰਾਨ ਵਕੀਲ ਅਤੇ ਪਰਿਵਾਰ ਨਾਲ ਗੱਲ ਨਹੀਂ ਕਰਨ ਦਿੱਤੀ ਗਈ: ਸੀਜੇਪੀ ਮੁਖੀ ਅਭਿਜੀਤ ਦੀਪਕੇ ਦੇ ਗੰਭੀਰ ਦੋਸ਼
- ਦੇਸ਼
- (Asia/Kolkata)
ਕੌਕਰੋਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਸੋਮਵਾਰ ਨੂੰ ਦਿੱਲੀ ਪੁਲੀਸ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਪੁਲੀਸ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ‘ਮਾਨਸਿਕ ਤੌਰ ’ਤੇ ਬਹੁਤ ਪ੍ਰੇਸ਼ਾਨ ਕੀਤਾ’ ਹੈ। ਉਨ੍ਹਾਂ ਦੱਸਿਆ ਕਿ 10 ਅਕਤੂਬਰ ਨੂੰ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਤੋਂ ਪਹਿਲਾਂ ਜਦੋਂ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ, ਤਾਂ ਉਨ੍ਹਾਂ ਦੇ ਪਰਿਵਾਰ ਅਤੇ ਵਕੀਲ ਤੱਕ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਕਿ ਉਨ੍ਹਾਂ ਨੂੰ ਕਿੱਥੇ ਰੱਖਿਆ ਗਿਆ ਹੈ। ਦੋ ਦਿਨ ਪਹਿਲਾਂ ਆਪਣੀ ਦਾਦੀ ਦੇ ਦੇਹਾਂਤ ਤੋਂ ਬਾਅਦ ਮਹਾਰਾਸ਼ਟਰ ਦੇ ਹਿੰਗੋਲੀ ਜ਼ਿਲ੍ਹੇ ਦੇ ਪਿੰਡ ਸੰਤੁਕ ਪਿੰਪਰੀ ਪਹੁੰਚੇ ਦੀਪਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਲਾਸਾ ਕੀਤਾ ਕਿ ਦਿੱਲੀ ਉਤਰਦਿਆਂ ਹੀ ਉਨ੍ਹਾਂ ਨੂੰ ਹਵਾਈ ਜਹਾਜ਼ ਵਿੱਚੋਂ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਨੇ ਉਨ੍ਹਾਂ ਦੇ ਮਾਪਿਆਂ ਜਾਂ ਵਕੀਲਾਂ ਨੂੰ ਇਸ ਦੀ ਕੋਈ ਖ਼ਬਰ ਨਹੀਂ ਦਿੱਤੀ ਅਤੇ ਉਨ੍ਹਾਂ ਨੂੰ ਆਪਣੇ ਚਚੇਰੇ ਭਰਾ ਨਾਲ ਵੀ ਫ਼ੋਨ ’ਤੇ ਗੱਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਪੁਲੀਸ ਵੱਲੋਂ ਦਾਦੀ ਦੀ ਮੌਤ ਦੀ ਖ਼ਬਰ ਦੇਣ ਦੇ ਦਾਅਵਿਆਂ ਨੂੰ ਖਾਰਜ ਕਰਦਿਆਂ ਦੀਪਕੇ ਨੇ ਸਵਾਲ ਕੀਤਾ ਕਿ ਜੇਕਰ ਉਨ੍ਹਾਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ, ਤਾਂ ਪੁਲੀਸ ਤੜਕੇ 3:30 ਵਜੇ ਗ੍ਰਿਫ਼ਤਾਰੀ ਦੇ ਕਾਗ਼ਜ਼ ਲੈ ਕੇ ਉਨ੍ਹਾਂ ਕੋਲ ਦਸਤਖ਼ਤ ਕਰਵਾਉਣ ਲਈ ਕਿਉਂ ਆਈ। ਉਨ੍ਹਾਂ ਕਿਹਾ ਕਿ ਪੁਲੀਸ ਸਿਰਫ਼ ਕੈਮਰੇ ਲੈ ਕੇ "ਡਰਾਮਾ ਕਰਨ" ਆਈ ਸੀ ਅਤੇ ਹੁਣ ਇੱਕ ਐਡਿਟਿਡ ਵੀਡੀਓ ਜਾਰੀ ਕਰਕੇ ਸੱਚਾਈ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੁਲੀਸ ਆਪਣੇ ਬੁਨਿਆਦੀ ਹੱਕਾਂ ਦੀ ਉਲਘਣਾ ਵਾਲੀ ਪੂਰੀ ਵੀਡੀਓ ਜਨਤਕ ਕਰੇ। ਸੀਜੇਪੀ ਮੁਖੀ ਨੇ ਅੰਤ ਵਿੱਚ ਸਪੱਸ਼ਟ ਕੀਤਾ ਕਿ ਜਦੋਂ ਤੱਕ ਮੌਜੂਦਾ ਸਰਕਾਰ ਦੀ ਤਾਨਾਸ਼ਾਹੀ ਖ਼ਤਮ ਨਹੀਂ ਹੁੰਦੀ, ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
Leave a Reply