ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਖ਼ਿਲਾਫ਼ ਜਲੰਧਰ 'ਚ ਮੁਕੰਮਲ ਬੰਦ: ਬਾਜ਼ਾਰ ਅਤੇ ਕਾਰੋਬਾਰ ਰਹੇ ਪੂਰੀ ਤਰ੍ਹਾਂ ਠੱਪ

ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਖ਼ਿਲਾਫ਼ ਜਲੰਧਰ 'ਚ ਮੁਕੰਮਲ ਬੰਦ: ਬਾਜ਼ਾਰ ਅਤੇ ਕਾਰੋਬਾਰ ਰਹੇ ਪੂਰੀ ਤਰ੍ਹਾਂ ਠੱਪ

ਲੁਧਿਆਣਾ ਵਿਖੇ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਅੱਜ ਅੰਬੇਡਕਰਵਾਦੀ, ਦਲਿਤ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਬੰਦ ਦੇ ਸੱਦੇ 'ਤੇ ਜਲੰਧਰ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਬੰਦ ਦੇ ਸਮਰਥਨ ਵਿੱਚ ਸ਼ਹਿਰ ਦੇ ਮੁੱਖ ਬਾਜ਼ਾਰ, ਦੁਕਾਨਾਂ ਅਤੇ ਤਮਾਮ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ, ਜਿਸ ਕਾਰਨ ਕਈ ਮੁੱਖ ਇਲਾਕਿਆਂ ਦੀਆਂ ਸੜਕਾਂ 'ਤੇ ਪੂਰੀ ਤਰ੍ਹਾਂ ਸੁੰਨਸਾਨ ਵਰਗਾ ਮਾਹੌਲ ਬਣਿਆ ਰਿਹਾ। ਜ਼ਿਕਰਯੋਗ ਹੈ ਕਿ ਭਗਵਾਨ ਵਾਲਮੀਕਿ ਸ਼ਕਤੀ ਕ੍ਰਾਂਤੀ ਸੈਨਾ ਪੰਜਾਬ, ਭੀਮ ਕ੍ਰਾਂਤੀ ਸੈਨਾ ਅਤੇ ਹੋਰ ਭਾਈਚਾਰਕ ਜਥੇਬੰਦੀਆਂ ਵੱਲੋਂ ਵੀਰਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜਲੰਧਰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ। ਇਸ ਬੰਦ ਦੌਰਾਨ ਬਹੁਜਨ ਸਮਾਜ ਪਾਰਟੀ (ਬਸਪਾ) ਅਤੇ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਵੱਲੋਂ ਵੀ ਜ਼ਿਲ੍ਹੇ ਅੰਦਰ ਥਾਂ-ਥਾਂ ਧਰਨੇ-ਪ੍ਰਦਰਸ਼ਨ ਕੀਤੇ ਗਏ ਅਤੇ ਘਟਨਾ ਖ਼ਿਲਾਫ਼ ਭਾਰੀ ਰੋਸ ਪ੍ਰਗਟਾਇਆ ਗਿਆ। ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਪ੍ਰਦਰਸ਼ਨ ਦੌਰਾਨ ਆਖਿਆ ਕਿ ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਜੋ ਕਿ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ 'ਤੇ ਵੱਡੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਅਜਿਹੇ ਸ਼ਰਾਰਤੀ ਅਨਸਰਾਂ 'ਤੇ ਨਕੇਲ ਕੱਸਣ 'ਚ ਨਾਕਾਮ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਾਰੇ ਬੁੱਤਾਂ ਦੇ ਆਲੇ-ਦੁਆਲੇ ਸੀਸੀਟੀਵੀ (CCTV) ਕੈਮਰੇ ਲਗਾਏ ਜਾਣ। ਦੂਜੇ ਪਾਸੇ, ਕਾਂਗਰਸੀ ਕੌਂਸਲਰ ਸ਼ੇਰੀ ਚੱਢਾ ਨੇ ਵੀ ਰੋਸ ਜਤਾਉਂਦਿਆਂ ਕਿਹਾ ਕਿ ਉਹ ਬੀਤੇ ਦਿਨ ਤੋਂ ਹੀ ਅੰਬੇਡਕਰ ਚੌਕ 'ਚ ਮਾਰਚ ਕੱਢ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਵਾਰ-ਵਾਰ ਬਚ ਨਿਕਲਦੇ ਹਨ, ਜੋ ਕਿ ਬਹੁਤ ਗੰਭੀਰ ਮਾਮਲਾ ਹੈ। ਇਸ ਰੋਸ ਪ੍ਰਦਰਸ਼ਨ ਅਤੇ ਬੰਦ ਦੌਰਾਨ ਸਿਟੀ ਵਾਲਮੀਕਿ ਸਭਾ (ਰਜਿ.), ਜਲੰਧਰ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲੀਸ ਕਮਿਸ਼ਨਰ ਜਲੰਧਰ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ। ਸਭਾ ਨੇ ਮੰਗ ਕੀਤੀ ਕਿ ਸ਼ਹਿਰ 'ਚ ਜਿੱਥੇ ਵੀ ਡਾ. ਅੰਬੇਡਕਰ ਅਤੇ ਹੋਰ ਮਹਾਨ ਸ਼ਖ਼ਸੀਅਤਾਂ ਦੇ ਬੁੱਤ, ਧਾਰਮਿਕ ਅਸਥਾਨ ਅਤੇ ਮੁੱਖ ਚੌਕ ਹਨ, ਉੱਥੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਜਾਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਾਰੇ ਸੰਵੇਦਨਸ਼ੀਲ ਸਥਾਨਾਂ 'ਤੇ ਸੀਸੀਟੀਵੀ ਕੈਮਰੇ ਲਗਾ ਕੇ ਲਗਾਤਾਰ ਨਿਗਰਾਨੀ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।