Daily Suraj

ਪੰਜਾਬੀ

ਬੇਅਦਬੀ ਵਿਰੋਧੀ ਬਿੱਲ ਤੋਂ ਪਹਿਲਾਂ ਅਰਦਾਸ, ਸਪੀਕਰ ਸੰਧਵਾਂ ਨੇ ਮੰਗੀ ਸਫਲਤਾ ਲਈ ਦੁਆ

13 Apr, 2026 09:52 AM

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁਹਾਲੀ ਦੇ ਫੇਜ਼-8 ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ। ਇਹ ਵਿਸ਼ੇਸ਼ ਇਜਲਾਸ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨਾਲ ਸੰਬੰਧਿਤ ਕਾਨੂੰਨ ਬਣਾਉਣ ਲਈ ਬੁਲਾਇਆ ਗਿਆ ਹੈ। ਇਸ ਮੌਕੇ ਸਪੀਕਰ ਸੰਧਵਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਵੀ ਮੌਜੂਦ ਰਹੀ। ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ। ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਹੋਣ ਵਾਲੇ ਵਿਸ਼ੇਸ਼ ਇਜਲਾਸ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੇਸ਼ ਕੀਤੇ ਜਾਣ ਵਾਲੇ ਬਿੱਲ ਦੀ ਸਫਲ ਪੇਸ਼ਕਾਰੀ ਅਤੇ ਸੈਸ਼ਨ ਦੀ ਕਾਰਵਾਈ ਸੁਚੱਜੇ ਢੰਗ ਨਾਲ ਚਲਾਉਣ ਲਈ ਅਰਦਾਸ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਸਨੂੰ ਸੰਪੂਰਨਤਾ ਨਾਲ ਪਾਸ ਕਰਨਾ ਮਹੱਤਵਪੂਰਨ ਹੈ। ਇਸ ਦੌਰਾਨ ਸਪੀਕਰ ਸੰਧਵਾਂ ਨੇ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਸ਼ਰਧਾਲੂਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਬਿੱਲ ਸਬੰਧੀ ਉਠਾਏ ਜਾ ਰਹੇ ਸਵਾਲਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਸੀ ਤਾਂ ਉਸ ਸਮੇਂ ਅਜਿਹੇ ਕਦਮ ਕਿਉਂ ਨਹੀਂ ਚੁੱਕੇ ਗਏ। ਸੰਧਵਾਂ ਨੇ ਇਸ ਮੌਕੇ ਸਮਾਣਾ ਦੇ ਟਾਵਰ ਮੋਰਚੇ ’ਤੇ ਜਾਣ ਦੀ ਗੱਲ ਵੀ ਕਹੀ। ਇਸ ਦੌਰੇ ਦੌਰਾਨ ਡੀਐੱਸਪੀ ਹਰਸਿਮਰਨ ਸਿੰਘ ਬੱਲ ਵੀ ਹਾਜ਼ਰ ਰਹੇ।

Latest News