Daily Suraj

ਪੰਜਾਬੀ

ਰਵਨੀਤ ਬਿੱਟੂ ਦਾ ਭਗਵੰਤ ਮਾਨ ‘ਤੇ ਤਿੱਖਾ ਹਮਲਾ, ਕਿਹਾ- “ISI ਦਾ ਏਜੰਟ”

20 May, 2026 04:40 PM

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਵਿਵਾਦਿਤ ਬਿਆਨ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਦੇਸ਼ ਨੂੰ ਖ਼ਤਰੇ ਵਿੱਚ ਪਾਉਣਾ ਚਾਹੁੰਦੇ ਹਨ ਅਤੇ ਪ੍ਰਧਾਨ ਮੰਤਰੀ ਦੇ ਕੰਮ ਵਿੱਚ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਭਗਵੰਤ ਮਾਨ ਨੂੰ “ਆਈਐੱਸਆਈ ਦਾ ਏਜੰਟ” ਤੱਕ ਕਹਿ ਦਿੱਤਾ। ਰਵਨੀਤ ਬਿੱਟੂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾਣੀ ਚਾਹੀਦੀ ਹੈ। ਇਹ ਬਿਆਨ ਉਸ ਵੇਲੇ ਸਾਹਮਣੇ ਆਇਆ ਜਦੋਂ ਪੱਤਰਕਾਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਵਿਦੇਸ਼ ਦੌਰੇ ਬਾਰੇ ਮੁੱਖ ਮੰਤਰੀ ਵੱਲੋਂ ਕੀਤੀ ਗਈ ਟਿੱਪਣੀ ਸਬੰਧੀ ਸਵਾਲ ਪੁੱਛਿਆ। ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਦੇ ਮੁਖੀ ਹਨ ਅਤੇ ਵਿਦੇਸ਼ ਦੌਰਿਆਂ ਦੌਰਾਨ ਉਨ੍ਹਾਂ ਨੂੰ ਤੇਲ ਅਤੇ ਗੈਸ ਵਰਗੇ ਅਹਿਮ ਮਸਲਿਆਂ ਦਾ ਹੱਲ ਕਰਨਾ ਪੈਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਏਈ ਦੌਰੇ ਦੌਰਾਨ ਤੇਲ ਨਾਲ ਜੁੜੇ ਮਸਲਿਆਂ ਦੇ ਹੱਲ ਲਈ ਮਹੱਤਵਪੂਰਨ ਚਰਚਾਵਾਂ ਕੀਤੀਆਂ ਹਨ। ਰਵਨੀਤ ਬਿੱਟੂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਸਿਆਸੀ ਹਲਕਿਆਂ ਵਿੱਚ ਇਸ ਨੂੰ ਲੈ ਕੇ ਤਿੱਖੀਆਂ ਪ੍ਰਤੀਕਿਰਿਆਵਾਂ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਲਾਂਕਿ, ਖ਼ਬਰ ਲਿਖੇ ਜਾਣ ਤੱਕ ਮੁੱਖ ਮੰਤਰੀ ਭਗਵੰਤ ਮਾਨ ਜਾਂ ਆਮ ਆਦਮੀ ਪਾਰਟੀ ਵੱਲੋਂ ਇਸ ਮਾਮਲੇ ‘ਤੇ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਸੀ।

Latest News