ਮੋਰਿੰਡਾ ਵਿੱਚ ਚੰਨੀ ਦੀ ਰਿਹਾਇਸ਼ 'ਤੇ ਕਾਂਗਰਸ ਦੀ ਅਹਿਮ ਬੈਠਕ, ਹਾਈਕਮਾਂਡ ਨੂੰ ਸੁਨੇਹਾ ਦੇਣ ਦੀ ਮੰਗ
- ਪੰਜਾਬ
- (Asia/Kolkata)
ਪੰਜਾਬ ਕਾਂਗਰਸ ਵਿੱਚ ਸਿਆਸੀ ਸਰਗਰਮੀਆਂ ਉਸ ਵੇਲੇ ਤੇਜ਼ ਹੋ ਗਈਆਂ ਜਦੋਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਸਥਿਤ ਆਪਣੀ ਰਿਹਾਇਸ਼ 'ਤੇ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ ਬੁਲਾਈ। ਇਸ ਬੈਠਕ ਵਿੱਚ ਤਿੰਨ ਮੌਜੂਦਾ ਵਿਧਾਇਕਾਂ ਸਮੇਤ ਕਰੀਬ 50 ਸੀਨੀਅਰ ਆਗੂਆਂ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਬਰਨਾਲਾ ਤੋਂ ਵਿਧਾਇਕ ਕਾਲਾ ਢਿੱਲੋਂ, ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਗੁਰਕੀਰਤ ਕੋਟਲੀ, ਸਾਬਕਾ ਵਿਧਾਇਕ ਗੁਰਪ੍ਰੀਤ ਕਾਂਗੜ, ਨਾਜ਼ਰ ਸਿੰਘ ਮਾਨਸ਼ਾਹੀਆ, ਪਰਮਿੰਦਰ ਸਿੰਘ ਪਿੰਕੀ, ਦਵਿੰਦਰ ਸਿੰਘ ਘੁਬਾਇਆ, ਇੰਦਰਬੀਰ ਸਿੰਘ ਬੁਲਾਰੀਆ, ਲਖਬੀਰ ਲੱਖਾ, ਤਰਸੇਮ ਡੀਸੀ, ਦਰਸ਼ਨ ਬਰਾੜ, ਹਰਮਿੰਦਰ ਸਿੰਘ ਗਿੱਲ, ਮਦਨ ਲਾਲ ਜਲਾਲਪੁਰ, ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ, ਕਮਲਜੀਤ ਕੜਵਲ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ, ਸਾਬਕਾ ਵਿਧਾਇਕ ਜੋਗਿੰਦਰ ਪਾਲ, ਦਿਨੇਸ਼ ਬੱਸੀ, ਦਲਬੀਰ ਗੋਲਡੀ ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਮੇਤ ਕਈ ਹੋਰ ਆਗੂ ਮੌਜੂਦ ਰਹੇ। ਬੈਠਕ ਤੋਂ ਬਾਅਦ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੀਟਿੰਗ ਵਿੱਚ ਸ਼ਾਮਲ ਆਗੂਆਂ ਨੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਹਾਈਕਮਾਂਡ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੇ ਆਗੂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਦੀ ਦੇਖਣਾ ਚਾਹੁੰਦੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਹਾਈਕਮਾਂਡ ਨਾਲ ਕਿਸੇ ਤਰ੍ਹਾਂ ਦਾ ਟਕਰਾਅ ਨਹੀਂ ਹੈ, ਪਰ ਹਾਲ ਹੀ ਵਿੱਚ ਲਏ ਗਏ ਫ਼ੈਸਲੇ ਨੂੰ ਲੈ ਕੇ ਨਾਰਾਜ਼ਗੀ ਜ਼ਰੂਰ ਹੈ। ਉਨ੍ਹਾਂ ਨੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਧਾਨਗੀ ਨੂੰ ਉਹ ਸਵੀਕਾਰ ਨਹੀਂ ਕਰਦੇ ਅਤੇ ਹਾਈਕਮਾਂਡ ਨੂੰ ਇਸ ਫ਼ੈਸਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਹਾਈਕਮਾਂਡ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ 'ਤੇ ਬਰਕਰਾਰ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਫ਼ੈਸਲੇ ਤੋਂ ਬਾਅਦ ਪਾਰਟੀ ਦੇ ਕੁਝ ਆਗੂਆਂ ਵਿੱਚ ਨਾਰਾਜ਼ਗੀ ਦੇ ਸੁਰ ਸਾਹਮਣੇ ਆਏ ਹਨ। ਇਹ ਸਿਆਸੀ ਘਟਨਾਕ੍ਰਮ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਪੰਜਾਬ ਵਿੱਚ ਫਰਵਰੀ 2027 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
Leave a Reply