ਅੰਮ੍ਰਿਤਸਰ ਵਿੱਚ ਪੁਲਿਸ ਮੁਕਾਬਲੇ ਮਗਰੋਂ 30 ਲੱਖ ਦੀ ਫਿਰੌਤੀ ਮਾਮਲੇ ਦਾ ਮੁੱਖ ਮੁਲਜ਼ਮ ਕਾਬੂ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 30 ਲੱਖ ਰੁਪਏ ਦੀ ਫਿਰੌਤੀ ਮੰਗਣ ਅਤੇ ਪਿੰਡ ਪੰਡੋਰੀ ਵੜੈਚ ਵਿੱਚ ਹੋਏ ਪੈਟਰੋਲ ਬੰਬ ਹਮਲੇ ਦੇ ਮਾਮਲੇ ਵਿੱਚ ਲੋੜੀਂਦੇ ਮੁੱਖ ਮੁਲਜ਼ਮ ਗੁਰਲਾਲ ਸਿੰਘ, ਵਾਸੀ ਪਿੰਡ ਬੱਲ ਖੁਰਦ, ਥਾਣਾ ਕੰਬੋ, ਨੂੰ ਪੁਲਿਸ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਨੁਸਾਰ, ਖਾਸ ਸੂਚਨਾ ਦੇ ਆਧਾਰ 'ਤੇ ਪਿੰਡ ਪੰਡੋਰੀ ਵੜੈਚ ਨੇੜੇ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਗਈ। ਇਸ ਦੌਰਾਨ ਮੁਲਜ਼ਮ ਨੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ। ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਮੁਲਜ਼ਮ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਇਹ ਵੀ ਪਤਾ ਲਗਾ ਰਹੀਆਂ ਹਨ ਕਿ ਕੀ ਮੁਲਜ਼ਮ ਦੇ ਹੋਰ ਅਪਰਾਧਿਕ ਗਿਰੋਹਾਂ ਨਾਲ ਵੀ ਕੋਈ ਸਬੰਧ ਹਨ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੇ ਅਗਲੇ ਪੜਾਅ ਵਿੱਚ ਮਾਮਲੇ ਨਾਲ ਜੁੜੇ ਹੋਰ ਤੱਥਾਂ ਦੀ ਵੀ ਜਾਂਚ ਕੀਤੀ ਜਾਵੇਗੀ।
Posted By: Daily Suraj Bureau