ਪੀਏਯੂ-ਕੇਵੀਕੇ, ਸੰਗਰੂਰ ਵੱਲੋਂ ਪੂਰਵ ਸਿਖਿਆਰਥੀ ਸੰਮੇਲਨ ਤੇ ਸਰਟੀਫਿਕੇਟ ਵੰਡ ਸਮਾਰੋਹ ਦਾ ਆਯੋਜਨ

ਪੀਏਯੂ-ਕੇਵੀਕੇ, ਸੰਗਰੂਰ ਵੱਲੋਂ ਪੂਰਵ ਸਿਖਿਆਰਥੀ ਸੰਮੇਲਨ ਤੇ ਸਰਟੀਫਿਕੇਟ ਵੰਡ ਸਮਾਰੋਹ ਦਾ ਆਯੋਜਨ

ਸੰਗਰੂਰ, (ਜਗਸੀਰ ਲੌਂਗੋਵਾਲ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪੂਰਵ ਸਿਖਿਆਰਥੀ ਸੰਮੇਲਨ ਅਤੇ ਸਰਟੀਫਿਕੇਟ ਵੰਡ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਕਿੱਤਿਆਂ ਨਾਲ ਸਬੰਧਤ 40 ਤੋਂ ਵੱਧ ਸਿਖਿਆਰਥੀਆਂ ਨੇ ਭਾਗ ਲਿਆ। ਇਹ ਪ੍ਰੋਗਰਾਮ ਪੂਰਵ ਸਿਖਿਆਰਥੀਆਂ ਵੱਲੋਂ ਅਪਣਾਏ ਗਏ ਸਹਾਇਕ ਧੰਦਿਆਂ ਦੀ ਪ੍ਰਗਤੀ, ਮੌਜੂਦਾ ਸਥਿਤੀ ਅਤੇ ਸਮੱਸਿਆਵਾਂ 'ਤੇ ਚਰਚਾ ਕਰਨ ਲਈ ਆਯੋਜਿਤ ਕੀਤਾ ਗਿਆ ਸੀ।
 

ਇਸ ਸਮਾਗਮ ਵਿੱਚ ਡਾ ਹਰਦੀਪ ਸਿੰਘ, ਡਿਪਟੀ ਡਾਇਰੈਕਟਰ, ਬਾਗਬਾਨੀ, ਜ਼ਿਲਾ ਸੰਗਰੂਰ ਅਤੇ ਮਲੇਰਕੋਟਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਸਿਖਿਆਰਥੀਆਂ ਨੂੰ ਖੇਤੀਬਾੜੀ ਦੇ ਸਹਾਇਕ ਖੇਤਰਾਂ ਵਿੱਚ ਸਵੈ-ਰੁਜ਼ਗਾਰ ਅਤੇ ਉੱਦਮਤਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਉਹਨਾਂ ਨੂੰ ਆਪਣੇ ਲਈ ਆਮਦਨ ਅਤੇ ਰੋਜ਼ਗਾਰ ਦੇ ਅਵਸਰ ਪੈਦਾ ਕਰਨ ਲਈ ਇਹਨਾਂ ਉੱਦਮਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਪੰਜਾਬ ਰਾਜ ਬਾਗਬਾਨੀ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਦੀ ਚਰਚਾ ਵੀ ਕੀਤੀ ਜੋ ਕਿ ਖੁੰਬ ਉਤਪਾਦਕ, ਸਬਜ਼ੀਆਂ ਉਤਪਾਦਕ ਅਤੇ ਫਲ ਉਤਪਾਦਕ ਕਿਸਾਨ ਵੀਰਾਂ ਨੂੰ ਲਾਭ ਪਹੁੰਚਾਉਂਦੀਆਂ ਹਨ। ਜਿਨ੍ਹਾਂ ਵਿੱਚ ਸਬਸਿਡੀਆਂ ਅਤੇ ਤਕਨੀਕੀ ਸਹਾਇਤਾ ਪ੍ਰੋਗਰਾਮ ਸ਼ਾਮਲ ਹਨ। ਉਨ੍ਹਾਂ ਨੇ ਇਨ੍ਹਾਂ ਯੋਜਨਾਵਾਂ ਵਿੱਚ ਦਿਲਚਸਪੀ ਰੱਖਣ ਵਾਲੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਬਾਗਬਾਨੀ ਵਿਕਾਸ ਅਫ਼ਸਰਾਂ ਨਾਲ ਸੰਪਰਕ ਕਰਨ ਤਾਂ ਜੋ ਉਹ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਉਠਾ ਸਕਣ। ਇਸ ਸਮੇਂ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਕੇ.ਵੀ.ਕੇ. ਵੱਲੋਂ ਕਰਵਾਏ ਜਾਂਦੇ ਸਿਖਲਾਈ ਪ੍ਰੋਗਰਾਮਾਂ ਨੇ ਬਹੁਤ ਸਾਰੇ ਸਿਖਿਆਰਥੀਆਂ ਨੂੰ ਖੁੰਬਾਂ ਦੀ ਕਾਸ਼ਤ, ਸਬਜ਼ੀਆਂ ਦੇ ਉਤਪਾਦਨ, ਮਧੂ-ਮੱਖੀ ਪਾਲਣ, ਬੇਕਰੀ ਅਤੇ ਕਨਫੈਕਸ਼ਨਰੀ ਅਤੇ ਐਗਰੋ-ਪ੍ਰੋਸੈਸਿੰਗ ਆਦਿ ਵਿੱਚ ਸਫਲ ਸਵੈ-ਰੁਜ਼ਗਾਰ ਸਥਾਪਤ ਕਰਨ ਦੇ ਯੋਗ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਕੇ.ਵੀ.ਕੇ., ਸੰਗਰੂਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਨਿਰੰਤਰ ਕਿੱਤਾਮੁਖੀ ਸਿਖਲਾਈ ਕੋਰਸ ਆਯੋਜਿਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਉਹਨਾਂ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਸਾਲਾਨਾ ਗਤੀਵਿਧੀਆਂ ਅਤੇ ਪਸਾਰ ਪ੍ਰੋਗਰਾਮਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ। ਇਸ ਮੌਕੇ ਸਫਲ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ ਅਤੇ ਪ੍ਰਗਤੀਸ਼ੀਲ ਪੂਰਵ ਸਿਖਿਆਰਥੀਆਂ, ਬਲਜਿੰਦਰ ਸਿੰਘ ਅਤੇ ਬਲਕਾਰ ਸਿੰਘ (ਖੁੰਬ ਉਤਪਾਦਕ), ਬਲਜਿੰਦਰ ਸਿੰਘ (ਮਧੂ-ਮੱਖੀ ਪਾਲਕ), ਬੇਅੰਤ ਕੌਰ (ਬੇਅੰਤ ਬੁਟੀਕ) ਅਤੇ ਗੁਰਪ੍ਰੀਤ ਕੌਰ (ਬੇਕਰੀ ਅਤੇ ਕਨਫੈਕਸ਼ਨਰੀ) ਨੂੰ ਸਨਮਾਨਿਤ ਕੀਤਾ ਗਿਆ। ਸਮੁੱਚੇ ਪ੍ਰੋਗਰਾਮ ਦੌਰਾਨ ਡਾ. ਗੁਰਬੀਰ ਕੌਰ, ਡਾ. ਰਵਿੰਦਰ ਕੌਰ ਅਤੇ ਡਾ. ਵਿਤਸਤਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਉਹਨਾਂ ਨੇ ਸਿਖਿਆਰਥੀਆਂ ਵੱਲੋਂ ਪੁੱਛੇ ਤਕਨੀਕੀ ਸਵਾਲਾਂ ਦੇ ਜਵਾਬ ਦਿੱਤੇ ਅਤੇ ਮੁੱਖ ਮਹਿਮਾਨ ਅਤੇ ਸੰਮੇਲਨ ਵਿੱਚ ਸ਼ਾਮਲ ਸਮੂਹ ਸਿਖਿਆਰਥੀਆਂ ਦਾ ਧੰਨਵਾਦ ਕੀਤਾ।