Daily Suraj

ਪੰਜਾਬੀ

ਬਰਨਾਲਾ ’ਚ ਪਾਣੀ ਦੀ ਟੈਂਕੀ ’ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਵਿਆਹ ਦਾ ਵਾਅਦਾ ਕਰਕੇ ਧੋਖਾਧੜੀ ਦੇ ਦੋਸ਼

19 Aug, 2026 03:02 PM

ਬਰਨਾਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬੁੱਧਵਾਰ ਨੂੰ ਉਸ ਸਮੇਂ ਹੰਗਾਮੇ ਵਾਲੀ ਸਥਿਤੀ ਬਣ ਗਈ, ਜਦੋਂ ਤਿੰਨ ਮੁਟਿਆਰਾਂ ਕਰੀਬ 50 ਫੁੱਟ ਉੱਚੀ ਪਾਣੀ ਦੀ ਟੈਂਕੀ ’ਤੇ ਚੜ੍ਹ ਗਈਆਂ। ਤਿੰਨਾਂ ਨੇ ਦੋਸ਼ ਲਾਇਆ ਕਿ ਤਿੰਨ ਨੌਜਵਾਨਾਂ ਨੇ ਉਨ੍ਹਾਂ ਨਾਲ ਵਿਆਹ ਕਰਨ ਦਾ ਵਾਅਦਾ ਕਰਕੇ ਸਰੀਰਕ ਸਬੰਧ ਬਣਾਏ, ਪਰ ਬਾਅਦ ਵਿੱਚ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਪਹਿਲੀ ਮੁਟਿਆਰ ਨੇ ਦੋਸ਼ ਲਾਇਆ ਕਿ ਉਸ ਦੀ ਮੰਗਣੀ ਇੱਕ ਮੁਲਜ਼ਮ ਨਾਲ ਹੋਈ ਸੀ। ਮੰਗਣੀ ਤੋਂ ਬਾਅਦ ਉਸ ਨੌਜਵਾਨ ਨੇ ਵਿਆਹ ਦਾ ਭਰੋਸਾ ਦੇ ਕੇ ਉਸ ਨਾਲ ਸਰੀਰਕ ਸਬੰਧ ਬਣਾਏ, ਪਰ ਬਾਅਦ ਵਿੱਚ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਦੂਜੀ ਔਰਤ ਨੇ ਦੱਸਿਆ ਕਿ ਉਹ ਕਰੀਬ ਡੇਢ ਸਾਲ ਤੱਕ ਇੱਕ ਨੌਜਵਾਨ ਨਾਲ ਸਬੰਧਾਂ ਵਿੱਚ ਰਹੀ। ਉਸ ਦਾ ਦੋਸ਼ ਹੈ ਕਿ ਇਸ ਦੌਰਾਨ ਨੌਜਵਾਨ ਨੇ ਉਸ ਨਾਲ ਸਰੀਰਕ ਸਬੰਧ ਬਣਾਏ। ਬਾਅਦ ਵਿੱਚ ਉਸ ਨੂੰ ਪਤਾ ਲੱਗਾ ਕਿ ਨੌਜਵਾਨ ਪਹਿਲਾਂ ਹੀ ਵਿਆਹਿਆ ਹੋਇਆ ਸੀ। ਇਸ ਤੋਂ ਬਾਅਦ ਉਸ ਨੇ ਉਸ ਦਾ ਫੋਨ ਨੰਬਰ ਵੀ ਬਲਾਕ ਕਰ ਦਿੱਤਾ। ਤੀਜੀ ਮੁਟਿਆਰ ਨੇ ਦੋਸ਼ ਲਾਇਆ ਕਿ ਉਹ ਕਰੀਬ ਦੋ ਸਾਲਾਂ ਤੋਂ ਇੱਕ ਨੌਜਵਾਨ ਨਾਲ ਰਹਿ ਰਹੀ ਸੀ ਅਤੇ ਉਸ ਨੇ ਵਿਆਹ ਕਰਨ ਦਾ ਵਾਅਦਾ ਕੀਤਾ ਸੀ। ਉਸ ਦਾ ਕਹਿਣਾ ਹੈ ਕਿ ਸਰੀਰਕ ਸਬੰਧ ਬਣਾਉਣ ਤੋਂ ਬਾਅਦ ਮੁਲਜ਼ਮ ਬਿਨਾਂ ਦੱਸੇ ਵਿਦੇਸ਼ ਚਲਾ ਗਿਆ। ਤਿੰਨਾਂ ਮੁਟਿਆਰਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਸ਼ਿਕਾਇਤਾਂ ਲੈ ਕੇ ਲਗਭਗ ਇੱਕ ਮਹੀਨੇ ਤੋਂ ਵੱਖ-ਵੱਖ ਅਧਿਕਾਰੀਆਂ ਦੇ ਦਫ਼ਤਰਾਂ ਦੇ ਚੱਕਰ ਕੱਟ ਰਹੀਆਂ ਸਨ, ਪਰ ਉਨ੍ਹਾਂ ਦੀਆਂ ਸ਼ਿਕਾਇਤਾਂ ’ਤੇ ਕੋਈ ਸੁਣਵਾਈ ਨਹੀਂ ਹੋਈ। ਇਸੇ ਦੌਰਾਨ ਤਿੰਨਾਂ ਦੀ ਆਪਸ ਵਿੱਚ ਮੁਲਾਕਾਤ ਹੋਈ। ਉਨ੍ਹਾਂ ਨੇ ਦੋਸ਼ ਲਾਇਆ ਕਿ ਵਾਰ-ਵਾਰ ਦਫ਼ਤਰਾਂ ਦੇ ਚੱਕਰ ਲਗਾਉਣ ਦੇ ਬਾਵਜੂਦ ਜਦੋਂ ਕੋਈ ਕਾਰਵਾਈ ਨਹੀਂ ਹੋਈ ਤਾਂ ਉਹ ਪਾਣੀ ਦੀ ਟੈਂਕੀ ’ਤੇ ਚੜ੍ਹ ਗਈਆਂ। ਉਨ੍ਹਾਂ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਹੋਣ ਦੀ ਸੂਰਤ ਵਿੱਚ ਟੈਂਕੀ ਤੋਂ ਛਾਲ ਮਾਰਨ ਦੀ ਧਮਕੀ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੁੰਚੇ। ਅਧਿਕਾਰੀਆਂ ਵੱਲੋਂ ਤਿੰਨਾਂ ਮੁਟਿਆਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ ਢੰਗ ਨਾਲ ਟੈਂਕੀ ਤੋਂ ਹੇਠਾਂ ਉਤਾਰਨ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Posted By: Daily Suraj Bureau

Latest News