ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ੀ ਅੱਜ

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੀ ਅਦਾਲਤ ਵਿੱਚ ਪੇਸ਼ੀ ਅੱਜ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਅੱਜ ਅੰਮ੍ਰਿਤਸਰ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਵੇਗੀ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਇਹ ਪੇਸ਼ੀ ਫਰਵਰੀ 2023 ਵਿੱਚ ਅਜਨਾਲਾ ਪੁਲਿਸ ਸਟੇਸ਼ਨ ’ਤੇ ਹੋਏ ਹਮਲੇ ਅਤੇ ਵਿਰੋਧ ਪ੍ਰਦਰਸ਼ਨ ਨਾਲ ਜੁੜੇ ਹਾਈ-ਪ੍ਰੋਫਾਈਲ ਮਾਮਲੇ ਸਬੰਧੀ ਹੈ। ਇਸ ਤੋਂ ਪਹਿਲਾਂ 14 ਮਈ ਨੂੰ ਅੰਮ੍ਰਿਤਸਰ ਦੀ ਇੱਕ ਅਦਾਲਤ ਨੇ ਅਜਨਾਲਾ ਥਾਣਾ ਹਮਲਾ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਦੋਸ਼ ਤੈਅ ਕੀਤੇ ਸਨ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਰਿਤੁਰਾਜ ਸੰਧੂ ਦੀਆਂ ਦਲੀਲਾਂ ਸੁਣਨ ਮਗਰੋਂ ਅਸਲਾ ਐਕਟ ਅਤੇ ਸਬੂਤ ਨਸ਼ਟ ਕਰਨ ਨਾਲ ਸਬੰਧਤ ਕੁਝ ਧਾਰਾਵਾਂ ਨੂੰ ਰੱਦ ਕਰ ਦਿੱਤਾ ਸੀ। ਬਚਾਅ ਪੱਖ ਨੇ ਦਲੀਲ ਦਿੱਤੀ ਸੀ ਕਿ ਮੁਲਜ਼ਮਾਂ ਤੋਂ ਕੋਈ ਹਥਿਆਰ ਬਰਾਮਦ ਨਹੀਂ ਹੋਏ। ਹਾਲਾਂਕਿ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਵਿਰੁੱਧ ਕਤਲ ਦੀ ਕੋਸ਼ਿਸ਼, ਗੰਭੀਰ ਸੱਟ ਪਹੁੰਚਾਉਣ, ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਕਰਨ ਤੋਂ ਰੋਕਣ, ਅਪਰਾਧਿਕ ਸਾਜ਼ਿਸ਼, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ, ਗੈਰ-ਕਾਨੂੰਨੀ ਭੀੜ ਦੀ ਅਗਵਾਈ ਕਰਨ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਵਰਗੀਆਂ ਗੰਭੀਰ ਧਾਰਾਵਾਂ ਹੇਠ ਦੋਸ਼ ਤੈਅ ਕੀਤੇ ਹਨ। ਸੁਣਵਾਈ ਦੌਰਾਨ ਬਚਾਅ ਪੱਖ ਨੇ ਇਹ ਵੀ ਕਿਹਾ ਸੀ ਕਿ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰ ਰੱਖਣ ਅਤੇ ਸਬੂਤ ਨਸ਼ਟ ਕਰਨ ਨਾਲ ਸਬੰਧਤ ਧਾਰਾਵਾਂ ਗਲਤ ਢੰਗ ਨਾਲ ਲਗਾਈਆਂ ਗਈਆਂ ਹਨ। ਇਹ ਮਾਮਲਾ ਫਰਵਰੀ 2023 ਦੀ ਉਸ ਘਟਨਾ ਨਾਲ ਜੁੜਿਆ ਹੋਇਆ ਹੈ ਜਦੋਂ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ’ਤੇ ਅਜਨਾਲਾ ਪੁਲਿਸ ਸਟੇਸ਼ਨ ’ਤੇ ਹਮਲਾ ਕਰਨ ਦੇ ਦੋਸ਼ ਲੱਗੇ ਸਨ। ਦੋਸ਼ਾਂ ਅਨੁਸਾਰ, ਇਹ ਕਾਰਵਾਈ ਆਪਣੇ ਸਾਥੀ ਲਵਪ੍ਰੀਤ ਤੂਫਾਨ ਦੀ ਰਿਹਾਈ ਲਈ ਦਬਾਅ ਬਣਾਉਣ ਵਾਸਤੇ ਕੀਤੀ ਗਈ ਸੀ, ਜਿਸਨੂੰ ਕਤਲ ਦੀ ਕੋਸ਼ਿਸ਼ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਘਟਨਾ ਮਗਰੋਂ ਪੰਜਾਬ ਪੁਲਿਸ ਨੇ ਮਾਮਲਾ ਦਰਜ ਕਰਕੇ ਰਾਜ ਭਰ ਵਿੱਚ ਵੱਡੇ ਪੱਧਰ ’ਤੇ ਕਾਰਵਾਈ ਸ਼ੁਰੂ ਕੀਤੀ ਸੀ। ਅੰਮ੍ਰਿਤਪਾਲ ਸਿੰਘ ਇਸ ਵੇਲੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਅਤੇ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਨਜ਼ਰਬੰਦੀ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀ ਜੇਲ੍ਹ ਵਿੱਚ ਹਨ।