ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: 4 ਦਸੰਬਰ ਤੋਂ ਸਜਣਗੀਆਂ ਚਾਰ ਸ਼ੋਭਾ ਯਾਤਰਾਵਾਂ, ਮੁੱਖ ਮੰਤਰੀ ਮਾਨ ਨੇ ਲਿਆ ਤਿਆਰੀਆਂ ਦਾ ਜਾਇਜ਼ਾ

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: 4 ਦਸੰਬਰ ਤੋਂ ਸਜਣਗੀਆਂ ਚਾਰ ਸ਼ੋਭਾ ਯਾਤਰਾਵਾਂ, ਮੁੱਖ ਮੰਤਰੀ ਮਾਨ ਨੇ ਲਿਆ ਤਿਆਰੀਆਂ ਦਾ ਜਾਇਜ਼ਾ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਵਿਆਪਕ ਪੱਧਰ 'ਤੇ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਇਨ੍ਹਾਂ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਉਨ੍ਹਾਂ ਦੇ ਫ਼ਲਸਫ਼ੇ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਨ੍ਹਾਂ ਯਾਦਗਾਰੀ ਸਮਾਗਮਾਂ ਵਿੱਚ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ 4 ਤੋਂ 6 ਦਸੰਬਰ ਤੱਕ ਕਰਵਾਏ ਜਾਣਗੇ। ਇਸ ਦੌਰਾਨ ਵਾਰਾਣਸੀ, ਫ਼ਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਆਰੰਭ ਹੋਣਗੀਆਂ, ਜਿਨ੍ਹਾਂ ਦੀ ਸੰਪੂਰਨਤਾ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਵੇਗੀ। ਤਿੰਨ ਰੋਜ਼ਾ ਸਮਾਗਮਾਂ ਦੀ ਰੂਪ-ਰੇਖਾ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸਮਾਗਮ ਸ਼ੁਰੂ ਹੋਣਗੇ। ਇਸ ਦਿਨ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫ਼ਲਸਫ਼ੇ ਨੂੰ ਦਰਸਾਉਂਦੀ ਪ੍ਰਦਰਸ਼ਨੀ, ਸੰਤ ਸੰਮੇਲਨ, ਕਥਾ ਤੇ ਕੀਰਤਨ ਦਰਬਾਰ ਅਤੇ ਡਰੋਨ ਸ਼ੋਅ ਸਮੇਤ ਕਈ ਅਧਿਆਤਮਕ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ। 5 ਦਸੰਬਰ ਨੂੰ ਨਗਰ ਕੀਰਤਨ ਸਜਾਉਣ ਉਪਰੰਤ ਗੁਰੂ ਰਵਿਦਾਸ ਜੀ ਦੀ ਬਾਣੀ 'ਤੇ ਵਿਸ਼ੇਸ਼ ਕਾਨਫਰੰਸ, ਕਥਾ-ਕੀਰਤਨ ਅਤੇ ਡਰੋਨ ਸ਼ੋਅ ਹੋਣਗੇ। ਸਮਾਗਮਾਂ ਦੀ ਸਮਾਪਤੀ 6 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਨਾਲ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਸਮਾਗਮ ਸਿਰਫ਼ ਖੁਰਾਲਗੜ੍ਹ ਤੱਕ ਹੀ ਸੀਮਤ ਨਹੀਂ ਹਨ, ਸਗੋਂ ਸਮਾਜ ਦੇ ਹਰ ਵਰਗ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸਾਲ ਭਰ ਚੱਲਣ ਵਾਲੀਆਂ ਗਤੀਵਿਧੀਆਂ ਦੀ ਲੜੀ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਸੂਬੇ ਭਰ ਵਿੱਚ ਸੈਮੀਨਾਰ, ਵਰਕਸ਼ਾਪਾਂ, ਵਿਸ਼ੇਸ਼ ਕੀਰਤਨ ਸਮਾਗਮ, ਸਕੂਲ ਪੱਧਰੀ ਮੁਕਾਬਲੇ, 13,000 ਪਿੰਡਾਂ ਵਿੱਚ ਦਸਤਾਵੇਜ਼ੀ ਫ਼ਿਲਮਾਂ ਦੀ ਸਕ੍ਰੀਨਿੰਗ, ਡਰੋਨ ਸ਼ੋਅ, ਮੈਰਾਥਨ, ਖ਼ੂਨਦਾਨ ਕੈਂਪ ਅਤੇ ਬੂਟੇ ਲਗਾਉਣ ਦੀਆਂ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।