ਪਟਿਆਲਾ ਪੁਲੀਸ ਦੀ ਵੱਡੀ ਕਾਰਵਾਈ: ਭਗੌੜਾ ਵਿਧਾਇਕ ਅੜਿੱਕੇ
ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ ਜਦੋਂ ਪਿਛਲੇ ਛੇ ਮਹੀਨਿਆਂ ਤੋਂ ਫਰਾਰ ਚੱਲ ਰਹੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲੀਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਪਠਾਣਮਾਜਰਾ ਉੱਤੇ ਜਬਰ-ਜਨਾਹ, ਧੋਖਾਧੜੀ ਅਤੇ ਧਮਕਾਉਣ ਵਰਗੇ ਗੰਭੀਰ ਦੋਸ਼ ਲੱਗੇ ਹੋਏ ਹਨ ਅਤੇ ਅਦਾਲਤ ਵੱਲੋਂ ਉਨ੍ਹਾਂ ਨੂੰ ਪਹਿਲਾਂ ਹੀ ਭਗੌੜਾ ਘੋਸ਼ਿਤ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ, ਇਹ ਵਿਧਾਇਕ ਪਿਛਲੇ ਸਾਲ 2 ਸਤੰਬਰ ਤੋਂ ਪੁਲੀਸ ਤੋਂ ਲੁਕਦਾ ਫਿਰ ਰਿਹਾ ਸੀ। ਉਸ ਦੇ ਖ਼ਿਲਾਫ਼ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਪੰਜਾਬ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਕਾਨੂੰਨ ਤੋਂ ਬਚਣ ਦੀਆਂ ਉਸ ਦੀਆਂ ਸਾਰੀਆਂ ਕੋਸ਼ਿਸ਼ਾਂ ਨਾਕਾਮ ਰਹੀਆਂ ਹਨ ਅਤੇ ਹੁਣ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਇਹ ਗ੍ਰਿਫ਼ਤਾਰੀ ਪੰਜਾਬ ਪੁਲੀਸ ਲਈ ਇੱਕ ਵੱਡੀ ਸਫਲਤਾ ਮੰਨੀ ਜਾ ਰਹੀ ਹੈ, ਕਿਉਂਕਿ ਪਿਛਲੇ 48 ਘੰਟਿਆਂ ਵਿੱਚ ਇਹ ਦੂਜਾ ਵਿਧਾਇਕ ਹੈ ਜੋ ਪੁਲੀਸ ਦੇ ਹੱਥ ਚੜ੍ਹਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਸਾਬਕਾ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਲਗਾਤਾਰ ਹੋ ਰਹੀਆਂ ਇਹ ਕਾਰਵਾਈਆਂ ਨਾਲ ਸਿਆਸੀ ਗਲਿਆਰਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਸੂਤਰਾਂ ਅਨੁਸਾਰ, ਪਟਿਆਲਾ ਪੁਲੀਸ ਨੇ ਇੱਕ ਗੁਪਤ ਅਤੇ ਸੁਚੱਜੇ ਅਪਰੇਸ਼ਨ ਰਾਹੀਂ ਪਠਾਣਮਾਜਰਾ ਨੂੰ ਪਟਿਆਲਾ ਨੇੜੇ ਕਾਬੂ ਕੀਤਾ। ਇਹ ਵੀ ਦੱਸਿਆ ਗਿਆ ਹੈ ਕਿ ਲੁੱਕ-ਆਊਟ ਨੋਟਿਸ ਦੇ ਚਲਦਿਆਂ ਉਹ ਨੇਪਾਲ ਰਾਹੀਂ ਭਾਰਤ ਵਿੱਚ ਦਾਖਲ ਹੋਇਆ ਸੀ ਅਤੇ ਉਸ ਨੇ ਖੁਦ ਗ੍ਰਿਫ਼ਤਾਰੀ ਦੇਣ ਦੀ ਪੇਸ਼ਕਸ਼ ਵੀ ਕੀਤੀ। ਐਸ.ਐਸ.ਪੀ. ਵਰੁਣ ਸ਼ਰਮਾ ਦੇ ਅਨੁਸਾਰ, ਐਸ.ਪੀ. ਵੈਭਵ ਚੌਧਰੀ ਦੀ ਅਗਵਾਈ ਹੇਠ ਪਿਛਲੇ 48 ਘੰਟਿਆਂ ਤੋਂ ਚੱਲ ਰਹੀ ਯੋਜਨਾਬੰਦੀ ਨਾਲ ਇਹ ਕਾਰਵਾਈ ਸੰਭਵ ਹੋਈ। ਪੁਲੀਸ ਦੀਆਂ ਛੇ ਟੀਮਾਂ ਦੇਸ਼ ਦੇ ਸੱਤ ਵੱਖ-ਵੱਖ ਰਾਜਾਂ ਵਿੱਚ ਉਸ ਦੀ ਭਾਲ ਕਰ ਰਹੀਆਂ ਸਨ, ਪਰ ਉਹ ਲਗਾਤਾਰ ਪੁਲੀਸ ਨੂੰ ਚਕਮਾ ਦੇ ਰਿਹਾ ਸੀ। ਪੁਲੀਸ ਦਾ ਕਹਿਣਾ ਹੈ ਕਿ ਇਹ ਗ੍ਰਿਫ਼ਤਾਰੀ ਪੀੜਤਾਂ ਨੂੰ ਇਨਸਾਫ਼ ਦਿਵਾਉਣ ਵੱਲ ਇੱਕ ਅਹਿਮ ਕਦਮ ਹੈ ਅਤੇ ਇਹ ਸਪੱਸ਼ਟ ਸੰਦੇਸ਼ ਹੈ ਕਿ ਕਾਨੂੰਨ ਤੋਂ ਕੋਈ ਵੀ ਉੱਪਰ ਨਹੀਂ, ਭਾਵੇਂ ਉਹ ਕਿਸੇ ਵੀ ਅਹੁਦੇ 'ਤੇ ਕਿਉਂ ਨਾ ਹੋਵੇ।
Posted By: Daily Suraj Bureau