Daily Suraj

ਪੰਜਾਬੀ

ਪੁਲੀਸ ਕਾਰਵਾਈ ਦੇ ਵਿਰੋਧ ਵਿੱਚ ਬਠਿੰਡਾ ਵਿੱਚ ਕਿਸਾਨਾਂ-ਮਜ਼ਦੂਰਾਂ ਦੀ ਰੈਲੀ

06 Mar, 2026 04:17 PM

ਬਠਿੰਡਾ ਦੇ ਐੱਸ ਐੱਸ ਪੀ ਜਯੋਤੀ ਯਾਦਵ ਸਮੇਤ ਪੁਲੀਸ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ ਨੂੰ ਪਾਵਰ ਹਾਊਸ ਰੋਡ ਸਥਿਤ ਪੁੱਡਾ ਗਰਾਊਂਡ ਵਿੱਚ ਔਰਤਾਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੇ "ਸਾਂਝੀ ਲੋਕ ਲਲਕਾਰ" ਨਾਮਕ ਰੋਸ ਰੈਲੀ ਕੀਤੀ। ਜ਼ਿਕਰਯੋਗ ਹੈ ਕਿ 6 ਅਤੇ 18 ਫਰਵਰੀ ਨੂੰ ਜ਼ਿਲ੍ਹੇ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਦਰਸ਼ਨਾਂ ਦੌਰਾਨ ਹੋਈਆਂ ਕਥਿਤ ਪੁਲੀਸ ਵਧੀਕੀਆਂ ਖ਼ਿਲਾਫ਼ ਕਿਸਾਨਾਂ,ਖੇਤ ਮਜ਼ਦੂਰਾਂ ਅਤੇ ਠੇਕਾ ਮੁਲਾਜ਼ਮਾਂ ਦੀਆਂ ਕਰੀਬ 50 ਜਥੇਬੰਦੀਆਂ ਇੱਕਜੁੱਟ ਹੋਈਆਂ ਹਨ। ਇਹ ਪ੍ਰਦਰਸ਼ਨ ਬੀ.ਕੇ.ਯੂ.(ਏਕਤਾ ਉਗਰਾਹਾਂ) ਦੇ ਸੱਦੇ 'ਤੇ ਤੈਅ ਕੀਤਾ ਗਿਆ ਸੀ ਅਤੇ ਇਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਤੋਂ ਮਹਿਜ਼ ਕੁਝ ਮੀਟਰ ਦੀ ਦੂਰੀ 'ਤੇ ਹੋਇਆ। ਬਾਅਦ ਵਿੱਚ ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਦੀਆਂ ਵੱਖ-ਵੱਖ ਸੜਕਾਂ 'ਤੇ ਮਾਰਚ ਕੱਢਿਆ ਜੋ ਹਨੂੰਮਾਨ ਚੌਂਕ ਵਿਖੇ ਸਮਾਪਤ ਹੋਇਆ। 18 ਫਰਵਰੀ ਨੂੰ ਪਿੰਡ ਜਿਉਂਦ ਵਿੱਚ ਕਿਸਾਨਾਂ ਅਤੇ ਪੁਲੀਸ ਵਿਚਾਲੇ ਹੋਈ ਝੜਪ ਵਿੱਚ ਜ਼ਖ਼ਮੀ ਹੋਏ ਦੋ ਕਿਸਾਨ ਚਰਨਜੀਤ ਸਿੰਘ ਮਾੜੀ ਅਤੇ ਪਰਨੀਤ ਸਿੰਘ ਜਿਉਂਦ ਵੀ ਪ੍ਰਦਰਸ਼ਨ ਦੌਰਾਨ ਸਟੇਜ 'ਤੇ ਮੌਜੂਦ ਸਨ। ਕਿਸਾਨਾਂ ਨੇ ਪ੍ਰਦਰਸ਼ਨ ਦੌਰਾਨ ਪਿੰਡ ਜਿਉਂਦ ਵਿੱਚ ਹੋਈਆਂ ਵਧੀਕੀਆਂ ਦੇ ਦੋਸ਼ੀ ਪੁਲੀਸ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ,ਪ੍ਰਦਰਸ਼ਨ ਕਰਨ 'ਤੇ ਲਗਾਈਆਂ ਪਾਬੰਦੀਆਂ ਹਟਾਉਣ,ਜ਼ਖ਼ਮੀਆਂ ਲਈ ਮੁਆਵਜ਼ਾ ਅਤੇ ਸਹੀ ਇਲਾਜ,ਪ੍ਰਦਰਸ਼ਨਾਂ ਦੌਰਾਨ ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਲੈਣ ਅਤੇ ਪੰਜਾਬ ਸਰਕਾਰ ਤੋਂ ਜਨਤਕ ਤੌਰ 'ਤੇ ਮੁਆਫੀ ਮੰਗਣ ਦੀ ਮੰਗ ਕੀਤੀ। ਉਨ੍ਹਾਂ"ਬਠਿੰਡਾ ਦੇ ਐਸ.ਐਸ.ਪੀ.ਜਯੋਤੀ ਯਾਦਵ ਵਿਰੁੱਧ ਕੇਸ ਦਰਜ ਕਰੋ","ਪੰਜਾਬ ਵਿੱਚ ਫਰਜ਼ੀ ਐਨਕਾਊਂਟਰ ਬੰਦ ਕਰੋ" ਅਤੇ "ਪ੍ਰਦਰਸ਼ਨ ਕਰਨ ਦੇ ਅਧਿਕਾਰ ਨੂੰ ਰੋਕਣਾ ਬੰਦ ਕਰੋ" ਲਿਖੀਆਂ ਤਖ਼ਤੀਆਂ ਹੱਥਾਂ ’ਚ ਫੜੀਆਂ ਹੋਈਆਂ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੋਸ਼ ਲਾਇਆ ਕਿ ਰਾਜ ਸਰਕਾਰ ਵੱਲੋਂ ਪੁਲੀਸ ਨੂੰ ਪ੍ਰਦਰਸ਼ਨਾਂ ਨੂੰ ਦਬਾਉਣ ਲਈ ਖੁੱਲ੍ਹੀ ਛੋਟ ਦਿੱਤੀ ਗਈ ਹੈ। ਉਨ੍ਹਾਂ ਨੇ ਅਮਰੀਕਾ ਵਪਾਰ ਸਮਝੌਤੇ,ਬਿਜਲੀ ਸੋਧ ਬਿੱਲ,ਬੀਜ ਬਿੱਲ,ਚਾਰ ਲੇਬਰ ਕੋਡਾਂ ਨੂੰ ਲਾਗੂ ਕਰਨ ਅਤੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਨਰੇਗਾ) ਨੂੰ ਖਤਮ ਕਰਨ ਨਾਲ ਸਬੰਧਤ ਮੁੱਦੇ ਵੀ ਉਠਾਏ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਐਲਾਨ ਕੀਤਾ ਕਿ 10 ਮਾਰਚ ਨੂੰ ਬਰਨਾਲਾ ਵਿਖੇ ਕਿਸਾਨ ਜਥੇਬੰਦੀਆਂ ਦਾ ਵੱਡਾ ਇਕੱਠ ਕੀਤਾ ਜਾਵੇਗਾ। ਬੀ.ਕੇ.ਯੂ.(ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ,"ਐੱਸ ਐੱਸ ਪੀ ਨੇ ਕਿਸਾਨਾਂ ਦੇ ਘਰਾਂ ਵਿੱਚ ਅੱਥਰੂ ਗੈਸ ਦੇ ਗੋਲੇ ਛੱਡਣ ਦੇ ਹੁਕਮ ਦਿੱਤੇ। ਅਸੀਂ ਆਪਣਾ ਅੰਦੋਲਨ ਜਾਰੀ ਰੱਖਾਂਗੇ ਅਤੇ ਇਨਸਾਫ ਮਿਲਣ ਤੱਕ ਮੈਦਾਨ ਵਿੱਚ ਰਹਾਂਗੇ।"

Posted By: Daily Suraj Bureau

Latest News