ਬੈਂਕ ਗਾਹਕਾਂ ਲਈ ਵੱਡੀ ਖ਼ਬਰ: 28 ਤੋਂ 30 ਸਤੰਬਰ ਤੱਕ ਦੇਸ਼ ਵਿਆਪੀ ਹੜਤਾਲ
- ਦੇਸ਼
- (Asia/Kolkata)
ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ (UFBU) ਨੇ 28 ਸਤੰਬਰ ਤੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਬੈਂਕ ਹੜਤਾਲ ਦਾ ਐਲਾਨ ਕੀਤਾ ਹੈ। ਇਹ ਹੜਤਾਲ 28, 29 ਅਤੇ 30 ਸਤੰਬਰ ਨੂੰ ਕੀਤੀ ਜਾਵੇਗੀ। ਇਹ ਫੈਸਲਾ ਮੰਗਲਵਾਰ ਨੂੰ ਉਪ ਮੁੱਖ ਕਿਰਤ ਕਮਿਸ਼ਨਰ ਦੀ ਅਗਵਾਈ ਹੇਠ ਹੋਈ ਸੁਲਹ ਬੈਠਕ ਬੇਨਤੀਜਾ ਰਹਿਣ ਤੋਂ ਬਾਅਦ ਲਿਆ ਗਿਆ। ਇਸ ਤੋਂ ਪਹਿਲਾਂ ਵਿੱਤ ਮੰਤਰਾਲੇ ਵੱਲੋਂ ਬੈਂਕ ਕਰਮਚਾਰੀਆਂ ਨੂੰ ਹੜਤਾਲ ’ਤੇ ਨਾ ਜਾਣ ਦੀ ਅਪੀਲ ਕੀਤੀ ਗਈ ਸੀ। ਹੜਤਾਲ ਦੇ ਐਲਾਨ ਕਾਰਨ ਅਗਲੇ ਹਫ਼ਤੇ ਬੈਂਕਿੰਗ ਸੇਵਾਵਾਂ ਲਗਾਤਾਰ ਪੰਜ ਦਿਨ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। 26 ਸਤੰਬਰ ਨੂੰ ਮਹੀਨੇ ਦਾ ਚੌਥਾ ਸ਼ਨੀਵਾਰ ਅਤੇ 27 ਸਤੰਬਰ ਨੂੰ ਐਤਵਾਰ ਹੋਣ ਕਾਰਨ ਬੈਂਕ ਪਹਿਲਾਂ ਹੀ ਬੰਦ ਰਹਿਣਗੇ। ਇਸ ਤੋਂ ਬਾਅਦ 28 ਤੋਂ 30 ਸਤੰਬਰ ਤੱਕ ਹੜਤਾਲ ਕਾਰਨ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। UFBU ਦਾ ਦਾਅਵਾ ਹੈ ਕਿ ਉਹ ਦੇਸ਼ ਦੇ ਬੈਂਕਿੰਗ ਖੇਤਰ ਦੇ ਕਰੀਬ 90 ਫੀਸਦੀ ਕਰਮਚਾਰੀਆਂ ਦੀ ਨੁਮਾਇੰਦਗੀ ਕਰਦਾ ਹੈ। ਬੈਂਕ ਯੂਨੀਅਨਾਂ ਵੱਲੋਂ ਆਪਣੀਆਂ ਕਈ ਮੰਗਾਂ ਨੂੰ ਲੈ ਕੇ ਇਹ ਹੜਤਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਯੂਨੀਅਨਾਂ ਦੀਆਂ ਮੁੱਖ ਮੰਗਾਂ ਵਿੱਚ ਪੰਜ ਦਿਨਾਂ ਦੀ ਬੈਂਕਿੰਗ ਪ੍ਰਣਾਲੀ ਲਾਗੂ ਕਰਨਾ, ਪੈਨਸ਼ਨ ਨੂੰ ਅਪਡੇਟ ਕਰਨਾ ਅਤੇ ਪੈਨਸ਼ਨ ਸਬੰਧੀ ਸੁਧਾਰ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਸਾਰੇ ਪੈਨਸ਼ਨਰਾਂ ਲਈ ਇਕਸਾਰ ਮਹਿੰਗਾਈ ਭੱਤਾ ਫਾਰਮੂਲਾ ਲਾਗੂ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ। ਯੂਨੀਅਨਾਂ ਵੱਲੋਂ ਰਾਸ਼ਟਰੀ ਪੈਨਸ਼ਨ ਪ੍ਰਣਾਲੀ (NPS) ਤਹਿਤ ਆਉਂਦੇ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਯੋਜਨਾ (OPS) ਵਿੱਚ ਜਾਣ ਦਾ ਵਿਕਲਪ ਦੇਣ ਦੀ ਮੰਗ ਵੀ ਕੀਤੀ ਗਈ ਹੈ। ਜੇਕਰ ਪ੍ਰਸਤਾਵਿਤ ਹੜਤਾਲ ਹੁੰਦੀ ਹੈ ਤਾਂ 26 ਅਤੇ 27 ਸਤੰਬਰ ਦੀ ਹਫ਼ਤਾਵਾਰੀ ਛੁੱਟੀ ਤੋਂ ਬਾਅਦ 28 ਤੋਂ 30 ਸਤੰਬਰ ਤੱਕ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਰਹਿ ਸਕਦੀਆਂ ਹਨ। ਇਸ ਤਰ੍ਹਾਂ ਬੈਂਕਿੰਗ ਕੰਮਕਾਜ ਲਗਾਤਾਰ ਪੰਜ ਦਿਨ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
Leave a Reply