ਪੁਲੀਸ ਥਾਣੇ ਅੰਦਰ ਵਿਸਫੋਟ, ਸ਼ੱਕੀ ਮੋਟਰਸਾਈਕਲ ਸਵਾਰਾਂ ਦੀ ਤਲਾਸ਼ ਜਾਰੀ

ਪੁਲੀਸ ਥਾਣੇ ਅੰਦਰ ਵਿਸਫੋਟ, ਸ਼ੱਕੀ ਮੋਟਰਸਾਈਕਲ ਸਵਾਰਾਂ ਦੀ ਤਲਾਸ਼ ਜਾਰੀ

ਅੰਮ੍ਰਿਤਸਰ (ਦਿਹਾਤੀ) ਪੁਲੀਸ ਦੇ ਅਧੀਨ ਆਉਂਦੇ ਭਿੰਡੀ ਸੈਦਾਂ ਪੁਲੀਸ ਥਾਣੇ ਦੇ ਕੰਪਲੈਕਸ ਅੰਦਰ ਸੋਮਵਾਰ ਤੜਕੇ ਇੱਕ ਧਮਾਕਾ ਹੋਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਧਮਾਕੇ ਦੀ ਜਾਣਕਾਰੀ ਉਸ ਵੇਲੇ ਸਾਹਮਣੇ ਆਈ ਜਦੋਂ ਸਵੇਰੇ ਪੁਲੀਸ ਕਰਮਚਾਰੀ ਥਾਣੇ ਪਹੁੰਚੇ ਅਤੇ ਇਮਾਰਤ ਦੇ ਅੰਦਰ ਨੁਕਸਾਨ ਦੇ ਨਿਸ਼ਾਨ ਵੇਖੇ। ਘਟਨਾ ਤੋਂ ਬਾਅਦ ਪੁਲੀਸ ਵੱਲੋਂ ਤੁਰੰਤ ਥਾਣੇ ਦੀ ਘੇਰਾਬੰਦੀ ਕਰ ਦਿੱਤੀ ਗਈ ਅਤੇ ਕਿਸੇ ਨੂੰ ਵੀ ਅੰਦਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ, ਜਿਸ ਵਿੱਚ ਮੀਡੀਆ ਕਰਮਚਾਰੀ ਵੀ ਸ਼ਾਮਲ ਸਨ। ਸਥਾਨਕ ਵਸਨੀਕਾਂ ਦੇ ਮੁਤਾਬਕ, ਰਾਤ ਦੇ ਸਮੇਂ ਇੱਕ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣੀ ਗਈ ਸੀ। ਹਾਲਾਂਕਿ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ, ਪਰ ਸੂਤਰਾਂ ਅਨੁਸਾਰ ਥਾਣੇ ਦੇ ਅੰਦਰ ਖੜ੍ਹੇ ਵਾਹਨਾਂ ਨੂੰ ਨੁਕਸਾਨ ਪਹੁੰਚਿਆ ਹੈ। ਪ੍ਰਾਰੰਭਿਕ ਜਾਣਕਾਰੀ ਅਨੁਸਾਰ, ਮੋਟਰਸਾਈਕਲ ’ਤੇ ਆਏ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਕਥਿਤ ਤੌਰ ’ਤੇ ਥਾਣੇ ਦੇ ਅੰਦਰ ਕੋਈ ਵਿਸਫੋਟਕ ਚੀਜ਼ ਸੁੱਟੀ ਗਈ, ਜੋ ਕੁਝ ਸਮੇਂ ਬਾਅਦ ਫਟ ਗਈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਸ਼ੱਕੀ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ। ਇਸ ਸਬੰਧੀ ਡੀਐੱਸਪੀ ਗੁਰਿੰਦਰਪਾਲ ਸਿੰਘ ਨਾਗਰਾ ਨੇ ਦੱਸਿਆ ਕਿ ਧਮਾਕਾ ਬੀਤੀ ਰਾਤ ਲਗਭਗ ਡੇਢ ਤੋਂ ਪੌਣੇ ਦੋ ਵਜੇ ਦੇ ਦਰਮਿਆਨ ਹੋਇਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਵੱਖ-ਵੱਖ ਟੀਮਾਂ ਜਾਂਚ ਵਿੱਚ ਜੁਟੀ ਹੋਈਆਂ ਹਨ। ਪੁਲੀਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਇਸ ਧਮਾਕੇ ਵਿੱਚ ਕਿਸੇ ਤਰ੍ਹਾਂ ਦਾ ਜਾਨੀ ਜਾਂ ਵੱਡਾ ਮਾਲੀ ਨੁਕਸਾਨ ਨਹੀਂ ਹੋਇਆ। ਜ਼ਿਕਰਯੋਗ ਹੈ ਕਿ ਭਿੰਡੀ ਸੈਦਾਂ ਪੁਲੀਸ ਥਾਣਾ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਸਥਿਤ ਹੈ ਅਤੇ ਇਹ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਆਉਂਦਾ ਹੈ।