ਭਾਰਤੀ ਹਥਿਆਰਬੰਦ ਬਲਾਂ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ 9 ਦਹਿਸ਼ਤੀ ਟਿਕਾਣਿਆਂ ’ਤੇ ਮਿਜ਼ਾਈਲ ਹਮਲੇ
- ਰਾਸ਼ਟਰੀ
- 07 May,2025

ਨਵੀਂ ਦਿੱਲੀ : ਪਹਿਲਗਾਮ ਦਹਿਸ਼ਤੀ ਹਮਲੇ ਦਾ ਬਦਲਾ ਲੈਂਦਿਆਂ ਭਾਰਤੀ ਹਥਿਆਰਬੰਦ ਬਲਾਂ ਨੇ ਬੁੱਧਵਾਰ ਤੜਕੇ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਨੌਂ ਦਹਿਸ਼ਤੀ ਟਿਕਾਣਿਆਂ ’ਤੇ ਮਿਜ਼ਾਈਲ ਹਮਲੇ ਕੀਤੇ ਹਨ। ਇਨ੍ਹਾਂ ਵਿੱਚ ਬਹਾਵਲਪੁਰ ਵੀ ਸ਼ਾਮਲ ਹੈ ਜੋ ਦਹਿਸ਼ਤੀ ਸੰਗਠਨ ਜੈਸ਼-ਏ-ਮੁਹੰਮਦ ਦਾ ਗੜ੍ਹ ਹੈ। ਭਾਰਤੀ ਫੌਜ ਨੇ ਵੱਡੇ ਤੜਕੇ 1.44 ਵਜੇ ਜਾਰੀ ਕੀਤੇ ਇੱਕ ਬਿਆਨ ਵਿੱਚ ਕਿਹਾ ਕਿ ਫੌਜੀ ਹਮਲੇ ‘ਆਪ੍ਰੇਸ਼ਨ ਸਿੰਦੂਰ’ ਤਹਿਤ ਕੀਤੇ ਗਏ ਹਨ।
ਭਾਰਤੀ ਫੌਜ ਨੇ ਕਿਹਾ, ‘‘ਕਿਸੇ ਵੀ ਪਾਕਿਸਤਾਨੀ ਫੌਜੀ ਟਿਕਾਣੇ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ ਹੈ। ਭਾਰਤ ਨੇ ਟੀਚਿਆਂ ਦੀ ਚੋਣ ਅਤੇ ਹਮਲਿਆਂ ਨੂੰ ਅੰਜਾਮ ਦੇਣ ਵਿਚ ਕਾਫ਼ੀ ਸੰਜਮ ਨਾਲ ਕੰਮ ਲਿਆ ਹੈ।’’ ਪਾਕਿਸਤਾਨ ਫੌਜ ਦੇ ਬੁਲਾਰੇ ਲੈਫਟੀਨੈਂਟ ਜਨਰਲ ਅਹਿਮਦ ਸ਼ਰੀਫ ਚੌਧਰੀ ਨੇ ਕਿਹਾ ਕਿ ਭਾਰਤ ਵੱਲੋਂ ਮਕਬੂਜ਼ਾ ਕਸ਼ਮੀਰ (ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ) ਦੇ ਕੋਟਲੀ ਅਤੇ ਮੁਜ਼ੱਫਰਾਬਾਦ ਅਤੇ ਪੰਜਾਬ ਦੇ ਬਹਾਵਲਪੁਰ ਵਿੱਚ ਮਿਜ਼ਾਈਲ ਹਮਲੇ ਕੀਤੇ ਗਏ। ਉਨ੍ਹਾਂ ਏਆਰਵਾਈ ਨਿਊਜ਼ ਚੈਨਲ ਨੂੰ ਦੱਸਿਆ ਕਿ ਕੁਝ ਸਮਾਂ ਪਹਿਲਾਂ, ਭਾਰਤ ਨੇ ਬਹਾਵਲਪੁਰ ਦੇ ਅਹਿਮਦ ਪੂਰਬੀ ਖੇਤਰ, ਕੋਟਲੀ ਅਤੇ ਮੁਜ਼ੱਫਰਾਬਾਦ ਵਿੱਚ ਤਿੰਨ ਥਾਵਾਂ ’ਤੇ ਹਵਾਈ ਹਮਲੇ ਕੀਤੇ ਸਨ।
ਭਾਰਤੀ ਫੌਜ ਨੇ ਬਿਆਨ ਵਿੱਚ ਕਿਹਾ, ‘‘ਇਹ ਕਦਮ ਪਹਿਲਗਾਮ ਦਹਿਸ਼ਤੀ ਹਮਲੇ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ, ਜਿਸ ਵਿੱਚ 25 ਭਾਰਤੀਆਂ ਅਤੇ ਇੱਕ ਨੇਪਾਲੀ ਨਾਗਰਿਕ ਦੀ ਹੱਤਿਆ ਕਰ ਦਿੱਤੀ ਗਈ ਸੀ।’’ ਬਿਆਨ ਵਿਚ ਕਿਹਾ ਗਿਆ, ‘‘ਅਸੀਂ ਇਸ ਵਚਨਬੱਧਤਾ ’ਤੇ ਖਰੇ ਉਤਰ ਰਹੇ ਹਾਂ ਕਿ ਇਸ ਹਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ।’’ ਇਸ ਮਾਮਲੇ ਤੋਂ ਜਾਣੂ ਲੋਕਾਂ ਨੇ ਕਿਹਾ ਕਿ ਭਾਰਤ ਦੇ ਉੱਚ ਫੌਜੀ ਅਧਿਕਾਰੀ ਇਸ ਕਾਰਵਾਈ ‘ਤੇ ਨੇੜਿਓਂ ਨਜ਼ਰ ਰੱਖ ਰਹੇ ਸਨ।
#IndianMissileStrike #TerroristCampAttack #PakistanKashmirConflict #IndianArmy #CounterTerrorism #BorderSecurity #Pakistan #Kashmir #IndiaPakistanRelations #MilitaryAction
Posted By:

Leave a Reply