ਅਫਗਾਨਿਸਤਾਨ ਵਿੱਚ ਭਿਆਨਕ ਏਅਰਸਟ੍ਰਾਈਕ, 250 ਤੋਂ ਵੱਧ ਜ਼ਖਮੀ
ਪਾਕਿਸਤਾਨ ਵੱਲੋਂ ਸੋਮਵਾਰ ਰਾਤ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਤੇ ਹਵਾਈ ਹਮਲੇ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਸਥਾਨਕ ਮੀਡੀਆ ਰਿਪੋਰਟਾਂ ਅਨੁਸਾਰ, ਪਾਕਿਸਤਾਨੀ ਹਵਾਈ ਸੈਨਾ ਦੇ ਲੜਾਕੂ ਜਹਾਜ਼ਾਂ ਨੇ ਸ਼ਹਿਰ ਦੇ ਕਈ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ। ਇਨ੍ਹਾਂ ਹਮਲਿਆਂ ਵਿੱਚ 400 ਲੋਕਾਂ ਦੀ ਮੌਤ ਹੋਣ ਦਾ ਦਾਅਵਾ ਕੀਤਾ ਗਿਆ ਹੈ, ਜਦਕਿ 250 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਰਿਪੋਰਟਾਂ ਮੁਤਾਬਕ, ਦਾਰੂਲ ਅਮਾਨ, ਅਰਜ਼ਾਨ ਕੀਮਤ, ਖੈਰ ਖਾਨਾ ਅਤੇ ਕਾਬੁਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜਲੇ ਇਲਾਕਿਆਂ ਵਿੱਚ ਕਈ ਧਮਾਕਿਆਂ ਅਤੇ ਗੋਲੀਬਾਰੀ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਹਮਲਿਆਂ ਕਾਰਨ ਇਲਾਕੇ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਬਣ ਗਿਆ। ਤਾਲਿਬਾਨ ਸਰਕਾਰ ਦੇ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਦੋਸ਼ ਲਗਾਇਆ ਕਿ ਪਾਕਿਸਤਾਨੀ ਫੌਜ ਨੇ ਕਾਬੁਲ ਵਿੱਚ ਸਥਿਤ ਇੱਕ ਨਸ਼ਾ ਮੁਕਤੀ ਹਸਪਤਾਲ ਨੂੰ ਵੀ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਦੇ ਹੋਏ ਇਸਨੂੰ “ਮਨੁੱਖਤਾ ਵਿਰੁੱਧ ਅਪਰਾਧ” ਕਰਾਰ ਦਿੱਤਾ ਅਤੇ ਕਿਹਾ ਕਿ ਇਹ ਅਫਗਾਨਿਸਤਾਨ ਦੇ ਹਵਾਈ ਖੇਤਰ ਦੀ ਉਲੰਘਣਾ ਹੈ। ਦੂਜੇ ਪਾਸੇ, ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਬੁਲਾਰੇ ਮੁਸ਼ੱਰਫ ਜ਼ੈਦੀ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਾਬੁਲ ਵਿੱਚ ਕਿਸੇ ਵੀ ਹਸਪਤਾਲ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ ਅਤੇ ਤਾਲਿਬਾਨ ਦੇ ਦੋਸ਼ ਬੇਬੁਨਿਆਦ ਹਨ। ਇਸ ਘਟਨਾ ਨਾਲ ਖੇਤਰ ਵਿੱਚ ਤਣਾਅ ਹੋਰ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਦਕਿ ਦੋਵੇਂ ਪੱਖਾਂ ਵੱਲੋਂ ਇੱਕ-ਦੂਜੇ ’ਤੇ ਲਗਾਏ ਜਾ ਰਹੇ ਦੋਸ਼ ਮਾਮਲੇ ਨੂੰ ਹੋਰ ਗੰਭੀਰ ਬਣਾਉਂਦੇ ਨਜ਼ਰ ਆ ਰਹੇ ਹਨ।
Posted By: Daily Suraj Bureau