ਬੇਕਾਬੂ ਹੋ ਕੇ ਛੱਪੜ ‘ਚ ਡਿੱਗੀ ਤੇਜ਼ ਰਫ਼ਤਾਰ ਕਾਰ, ਤਿੰਨ ਜਣਿਆਂ ਦੀ ਮੌਤ
ਜਗਰਾਉਂ-ਰਾਏਕੋਟ ਰੋਡ ‘ਤੇ ਪਿੰਡ ਬੱਸੀਆਂ ਨੇੜੇ ਵੀਰਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਸਥਿਤ ਇੱਕ ਡੂੰਘੇ ਛੱਪੜ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਆਮ ਆਦਮੀ ਪਾਰਟੀ ਨਾਲ ਸਬੰਧਤ ਤਿੰਨ ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਜ਼ਖਮੀ ਹੋ ਗਏ। ਰਿਪੋਰਟਾਂ ਮੁਤਾਬਕ, ਆਮ ਆਦਮੀ ਪਾਰਟੀ ਦੇ ਇਹ ਵਰਕਰ ਨਕੋਦਰ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਦੇਰ ਰਾਤ ਆਪਣੀ ਕਾਰ ਰਾਹੀਂ ਦਿੜਵਾ ਵਾਪਸ ਪਰਤ ਰਹੇ ਸਨ। ਇਸ ਦੌਰਾਨ ਜਗਰਾਉਂ ਤੋਂ ਕਰੀਬ 12 ਕਿਲੋਮੀਟਰ ਦੂਰ ਪਿੰਡ ਬੱਸੀਆਂ ਨੇੜੇ ਰਾਏਕੋਟ ਰੋਡ ‘ਤੇ ਇਹ ਹਾਦਸਾ ਵਾਪਰ ਗਿਆ। ਮ੍ਰਿਤਕਾਂ ਦੀ ਪਛਾਣ ਆਮ ਆਦਮੀ ਪਾਰਟੀ ਨਾਲ ਸਬੰਧਤ ਬਲਕਾਰ ਸਿੰਘ, ਵਿਸ਼ਾਲ ਅਤੇ ਸੰਦੀਪ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਕਰੀਬੀ ਸਨ। ਜਾਣਕਾਰੀ ਅਨੁਸਾਰ, ਰਾਤ ਕਰੀਬ 1:15 ਵਜੇ ਤੇਜ਼ ਰਫ਼ਤਾਰ ਕਾਰ ਅਚਾਨਕ ਆਪਣਾ ਸੰਤੁਲਨ ਗੁਆ ਬੈਠੀ ਅਤੇ ਸੜਕ ਕਿਨਾਰੇ ਬਣੇ ਡੂੰਘੇ ਛੱਪੜ ਵਿੱਚ ਜਾ ਡਿੱਗੀ। ਕਾਰ ਇੰਨੀ ਤੇਜ਼ੀ ਨਾਲ ਪਾਣੀ ਵਿੱਚ ਡੁੱਬ ਗਈ ਕਿ ਇਸ ਵਿੱਚ ਸਵਾਰ ਲੋਕਾਂ ਨੂੰ ਬਾਹਰ ਨਿਕਲਣ ਦਾ ਮੌਕਾ ਨਹੀਂ ਮਿਲ ਸਕਿਆ। ਹਾਦਸੇ ਦੀ ਆਵਾਜ਼ ਸੁਣਨ ਤੋਂ ਬਾਅਦ ਨੇੜਲੇ ਪਿੰਡਾਂ ਦੇ ਵਸਨੀਕ ਅਤੇ ਰਾਹਗੀਰ ਤੁਰੰਤ ਮੌਕੇ ‘ਤੇ ਪਹੁੰਚੇ। ਇਸ ਤੋਂ ਬਾਅਦ ਪੁਲਿਸ ਅਤੇ ਬਚਾਅ ਟੀਮਾਂ ਦੀ ਮਦਦ ਨਾਲ ਕਾਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਰਾਹਤ ਕਾਰਜ ਸ਼ੁਰੂ ਕੀਤੇ ਗਏ। ਕਾਫ਼ੀ ਮਿਹਨਤ ਤੋਂ ਬਾਅਦ ਕਾਰ ਵਿੱਚ ਫਸੇ ਵਿਅਕਤੀਆਂ ਨੂੰ ਬਾਹਰ ਕੱਢਿਆ ਗਿਆ। ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋਏ।
Posted By: Daily Suraj Bureau