Daily Suraj

ਪੰਜਾਬੀ

ਤਰਨ ਤਾਰਨ ਦੇ ਪਿੰਡ ਕਲਸੀਆਂ ਕਲਾਂ ਵਿੱਚ ਪੁਰਾਣੀ ਰੰਜਿਸ਼ ਕਾਰਨ ਤਣਾਅ: ਘਰ ’ਤੇ ਇੱਟਾਂ-ਰੋੜੇ ਚਲਾਉਣ ਮਗਰੋਂ ਗੋਲੀਬਾਰੀ ਦਾ ਦੋਸ਼, ਪੁਲੀਸ ਜਾਂਚ ਸ਼ੁਰੂ

27 Nov, 2026 09:46 AM

ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਕਲਸੀਆਂ ਕਲਾਂ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਟਕਰਾਅ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਵੀਰਵਾਰ ਰਾਤ ਕਰੀਬ 11 ਵਜੇ ਇੱਕ ਧਿਰ ਵੱਲੋਂ ਦੂਜੀ ਧਿਰ ਦੇ ਘਰ ਉੱਪਰ ਪਹਿਲਾਂ ਇੱਟਾਂ-ਰੋੜੇ ਚਲਾਉਣ ਅਤੇ ਉਸ ਤੋਂ ਬਾਅਦ ਦੇਰ ਰਾਤ ਘਰ ਦੇ ਬਾਹਰ ਗੋਲੀਬਾਰੀ ਕਰਨ ਦੇ ਗੰਭੀਰ ਦੋਸ਼ ਲਾਏ ਗਏ ਹਨ। ਦੂਜੇ ਪਾਸੇ, ਦੋਸ਼ਾਂ ਦਾ ਸਾਹਮਣਾ ਕਰ ਰਹੀ ਧਿਰ ਨੇ ਗੋਲੀਬਾਰੀ ਦੀ ਕਿਸੇ ਵੀ ਘਟਨਾ ਤੋਂ ਸਾਫ਼ ਇਨਕਾਰ ਕੀਤਾ ਹੈ। ਫਿਲਹਾਲ ਪੁਲੀਸ ਵੱਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਬਾਜ ਸਿੰਘ ਨੇ ਦੱਸਿਆ ਕਿ ਉਸ ਦਾ ਗੁਆਂਢੀ ਮਨਪ੍ਰੀਤ ਸਿੰਘ ਉਰਫ਼ ਮੰਨਾ ਉਸ ਨਾਲ ਪੁਰਾਣੀ ਰੰਜਿਸ਼ ਰੱਖਦਾ ਹੈ। ਬਾਜ ਸਿੰਘ ਅਨੁਸਾਰ, ਕੁਝ ਮਹੀਨੇ ਪਹਿਲਾਂ ਕਿਸੇ ਵਿਅਕਤੀ ਨੇ ਮਨਪ੍ਰੀਤ ਸਿੰਘ ਨੂੰ ਇਹ ਕਹਿ ਦਿੱਤਾ ਸੀ ਕਿ ਬਾਜ ਸਿੰਘ ਨੇ ਪੁਲੀਸ ਕੋਲ ਉਸ ਵਿਰੁੱਧ ਪਿਸਤੌਲ ਰੱਖਣ ਬਾਰੇ ਝੂਠੀ ਸੂਚਨਾ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਪਿੰਡ ਦੀ ਪੰਚਾਇਤ ਵਿੱਚ ਵੀ ਸਪੱਸ਼ਟੀਕਰਨ ਦਿੱਤਾ ਜਾ ਚੁੱਕਾ ਸੀ, ਪਰ ਇਸ ਦੇ ਬਾਵਜੂਦ ਮਨ ਵਿੱਚ ਰੰਜਿਸ਼ ਖ਼ਤਮ ਨਹੀਂ ਹੋਈ। ਬਾਜ ਸਿੰਘ ਨੇ ਦੋਸ਼ ਲਾਇਆ ਕਿ ਵੀਰਵਾਰ ਦੇਰ ਰਾਤ ਮਨਪ੍ਰੀਤ ਸਿੰਘ ਕੁਝ ਹੋਰ ਵਿਅਕਤੀਆਂ ਨੂੰ ਨਾਲ ਲੈ ਕੇ ਉਨ੍ਹਾਂ ਦੇ ਘਰ ਆਇਆ ਅਤੇ ਪਹਿਲਾਂ ਘਰ ਉੱਪਰ ਇੱਟਾਂ-ਰੋੜੇ ਚਲਾਏ। ਇਸ ਤੋਂ ਕੁਝ ਦੇਰ ਬਾਅਦ ਹੋਰ ਨੌਜਵਾਨਾਂ ਨੂੰ ਬੁਲਾ ਕੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ। ਪੀੜਤ ਨੇ ਦੱਸਿਆ ਕਿ ਉਨ੍ਹਾਂ ਕੋਲ ਇਸ ਘਟਨਾ ਨਾਲ ਸਬੰਧਤ ਕੁਝ ਵੀਡੀਓਜ਼ ਵੀ ਮੌਜੂਦ ਹਨ, ਹਾਲਾਂਕਿ ਹਨੇਰਾ ਹੋਣ ਕਾਰਨ ਤਸਵੀਰਾਂ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹਨ। ਪੀੜਤ ਮੁਤਾਬਕ, ਘਟਨਾ ਵਾਲੀ ਰਾਤ ਨੂੰ ਹੀ ਉਨ੍ਹਾਂ ਨੇ 112 ਨੰਬਰ ’ਤੇ ਫੋਨ ਕਰਕੇ ਪੁਲੀਸ ਨੂੰ ਸੂਚਿਤ ਕਰ ਦਿੱਤਾ ਸੀ। ਹਾਲਾਂਕਿ, ਉਨ੍ਹਾਂ ਪੁਲੀਸ ਦੀ ਕਾਰਵਾਈ ’ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਹੈ। ਬਾਜ ਸਿੰਘ ਨੇ ਇਹ ਵੀ ਇਲਜ਼ਾਮ ਲਾਇਆ ਕਿ ਮੁਲਜ਼ਮਾਂ ਨੂੰ ਹਲਕਾ ਵਿਧਾਇਕ ਦੀ ਸ਼ਹਿ ਹਾਸਲ ਹੈ। ਉਨ੍ਹਾਂ ਜ਼ਿਲ੍ਹਾ ਤਰਨ ਤਾਰਨ ਦੇ ਐੱਸ.ਐੱਸ.ਪੀ. ਅਤੇ ਪੰਜਾਬ ਦੇ ਡੀ.ਜੀ.ਪੀ. ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਘਰ ਉੱਪਰ ਗੋਲੀਬਾਰੀ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ, ਜਦੋਂ ਇਸ ਸਬੰਧੀ ਦੂਜੀ ਧਿਰ ਦੇ ਮਨਪ੍ਰੀਤ ਸਿੰਘ ਨਾਲ ਸੰਪਰਕ ਕੀਤਾ ਗਿਆ, ਤਾਂ ਉਨ੍ਹਾਂ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਮਨਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਦੂਜੀ ਧਿਰ ਵੱਲੋਂ ਹੀ ਉਨ੍ਹਾਂ ਨੂੰ ਤੰਗ-ਪਰੇਸ਼ਾਨ ਕੀਤਾ ਜਾਂਦਾ ਹੈ, ਜਿਸ ਕਾਰਨ ਦੋਵਾਂ ਧਿਰਾਂ ਵਿਚਾਲੇ ਸਿਰਫ਼ ਤੂੰ-ਤੂੰ, ਮੈਂ-ਮੈਂ ਹੋਈ ਸੀ, ਪਰ ਗੋਲੀਬਾਰੀ ਵਰਗੀ ਕੋਈ ਘਟਨਾ ਨਹੀਂ ਵਾਪਰੀ ਹੈ। ਮੌਕੇ ’ਤੇ ਪਹੁੰਚੇ ਥਾਣਾ ਭਿੱਖੀਵਿੰਡ ਦੇ ਸਬ-ਇੰਸਪੈਕਟਰ ਪਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਪਾਰਟੀ ਘਟਨਾ ਸਥਾਨ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਦੌਰਾਨ ਜੋ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Latest News