ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਲਈ SGPC ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪਾਵਨ ਅਸਥਾਨ ਸਿੱਖ ਧਰਮ ਨਾਲ ਜੁੜੀਆਂ ਕਰੋੜਾਂ ਸੰਗਤਾਂ ਦੀਆਂ ਡੂੰਘੀਆਂ ਧਾਰਮਿਕ ਭਾਵਨਾਵਾਂ ਦਾ ਕੇਂਦਰ ਹੈ। ਐਡਵੋਕੇਟ ਧਾਮੀ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਉਹ ਇਤਿਹਾਸਕ ਧਰਤੀ ਹੈ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ ਅਤੇ ਭਾਈਚਾਰਕ ਸਾਂਝ ਤੇ ਸਰਬੱਤ ਦੇ ਭਲੇ ਦੀ ਸਿੱਖਿਆ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੀਆਂ ਸਿੱਖ ਸੰਗਤਾਂ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਦੀ ਹਮੇਸ਼ਾ ਇੱਛਾ ਰੱਖਦੀਆਂ ਹਨ। ਪੱਤਰ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਨਵੰਬਰ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਦੁਨੀਆ ਭਰ ਦੇ ਸਿੱਖਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਅਰਦਾਸ ਪੂਰੀ ਹੋਈ ਸੀ। ਇਸ ਤੋਂ ਬਾਅਦ ਲੱਖਾਂ ਸ਼ਰਧਾਲੂਆਂ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਪ੍ਰਗਟਾਈ। ਹਾਲਾਂਕਿ ਕੁਝ ਸਮਾਂ ਪਹਿਲਾਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਬਣੇ ਸੁਰੱਖਿਆ ਹਾਲਾਤਾਂ ਕਾਰਨ ਲਾਂਘੇ ਦੀ ਆਵਾਜਾਈ ਰੋਕ ਦਿੱਤੀ ਗਈ, ਜਿਸ ਨਾਲ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਵਿੱਚ ਡੂੰਘੀ ਨਿਰਾਸ਼ਾ ਅਤੇ ਪੀੜਾ ਪੈਦਾ ਹੋਈ ਹੈ। ਐਡਵੋਕੇਟ ਧਾਮੀ ਨੇ ਇਹ ਵੀ ਯਾਦ ਕਰਵਾਇਆ ਕਿ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਲਗਾਤਾਰ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਕਈ ਮਤੇ ਪਾਸ ਕਰਕੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਕੇਂਦਰ ਸਰਕਾਰ ਤੱਕ ਪਹੁੰਚਾ ਚੁੱਕੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਯਾਦ ਪੱਤਰ ਭੇਜ ਕੇ ਇਸ ਮਾਮਲੇ ਵਿੱਚ ਜਲਦ ਕਾਰਵਾਈ ਦੀ ਅਪੀਲ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੂੰ ਭੇਜੇ ਗਏ ਪੱਤਰ ਵਿੱਚ ਕਿਹਾ ਗਿਆ ਹੈ ਕਿ ਕਰਤਾਰਪੁਰ ਲਾਂਘੇ ਦਾ ਮੁੜ ਖੁੱਲ੍ਹਣਾ ਸਿਰਫ਼ ਧਾਰਮਿਕ ਯਾਤਰਾ ਦੀ ਸਹੂਲਤ ਦਾ ਮਾਮਲਾ ਨਹੀਂ, ਸਗੋਂ ਲੱਖਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦੇ ਸਨਮਾਨ ਨਾਲ ਵੀ ਜੁੜਿਆ ਹੋਇਆ ਹੈ। ਇਸ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਮਾਮਲੇ ਨੂੰ ਪਹਿਲ ਦੇ ਆਧਾਰ 'ਤੇ ਵਿਚਾਰਦੇ ਹੋਏ ਸਬੰਧਤ ਮੰਤਰਾਲਿਆਂ ਨੂੰ ਲੋੜੀਂਦੇ ਕੂਟਨੀਤਕ ਅਤੇ ਪ੍ਰਸ਼ਾਸਕੀ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਜਾਣ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਸਿੱਖ ਭਾਈਚਾਰੇ ਦੀ ਇਸ ਭਾਵਨਾਤਮਕ ਅਪੀਲ 'ਤੇ ਸੰਵੇਦਨਸ਼ੀਲਤਾ ਨਾਲ ਵਿਚਾਰ ਕਰੇਗੀ, ਤਾਂ ਜੋ ਦੁਨੀਆ ਭਰ ਦੇ ਸ਼ਰਧਾਲੂ ਮੁੜ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਦਰਸ਼ਨ ਕਰਨ ਦਾ ਸੌਭਾਗ ਪ੍ਰਾਪਤ ਕਰ ਸਕਣ।
Posted By: Daily Suraj Bureau