Daily Suraj

ਪੰਜਾਬੀ

ਮਰੀਜ਼ਾਂ ਅਤੇ ਪਰਿਵਾਰਾਂ ਲਈ ਰਾਹਤ: ਅੰਮ੍ਰਿਤਸਰ ਹਸਪਤਾਲ ਵਿੱਚ ਨਿਸ਼ਕਾਮ ਲੰਗਰ ਸੇਵਾ ਸ਼ੁਰੂ

27 Mar, 2026 04:13 PM

ਗੁਰੂ ਕੇ ਲੰਗਰ’ ਦੀ ਮਹਾਨ ਪਰੰਪਰਾ ਨੂੰ ਹਸਪਤਾਲਾਂ ਤੱਕ ਵਧਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਮਰੀਜ਼ਾਂ ਅਤੇ ਉਨ੍ਹਾਂ ਦੇ ਸਾਥੀਆਂ ਲਈ ਨਿਸ਼ਕਾਮ ਲੰਗਰ ਸੇਵਾ ਦੀ ਸ਼ੁਰੂਆਤ ਕੀਤੀ। ਇਹ ਉਪਰਾਲਾ ਮਾਨਵਤਾ ਦੀ ਸੇਵਾ ਵੱਲ ਇਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਇਸ ਸੇਵਾ ਦੀ ਰਸਮੀ ਸ਼ੁਰੂਆਤ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੂਲ ਮੰਤਰ ਅਤੇ ਗੁਰਮੰਤਰ ਦੇ ਜਾਪ ਮਗਰੋਂ ਅਰਦਾਸ ਕਰਕੇ ਕੀਤੀ ਗਈ। ਹਸਪਤਾਲ ਪਹੁੰਚਣ ’ਤੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਅਤੇ ਡਾ. ਕਰਮਜੀਤ ਸਿੰਘ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਮੌਕੇ ’ਤੇ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਗੁਰੂ ਸਾਹਿਬਾਨ ਦੇ ਦੱਸੇ ਹੋਏ ‘ਸੇਵਾ ਅਤੇ ਸਿਮਰਨ’ ਦੇ ਮਾਰਗ ’ਤੇ ਚੱਲਦਿਆਂ ਲੋਕਾਂ ਦੀ ਭਲਾਈ ਲਈ ਵਚਨਬੱਧ ਰਹੀ ਹੈ। ਉਨ੍ਹਾਂ ਦੱਸਿਆ ਕਿ ਦੂਰ-ਦਰਾਜ ਤੋਂ ਇਲਾਜ ਲਈ ਆਉਣ ਵਾਲੇ ਲੋੜਵੰਦ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਇਹ ਲੰਗਰ ਸੇਵਾ ਵੱਡਾ ਸਹਾਰਾ ਸਾਬਤ ਹੋਵੇਗੀ। ਉਨ੍ਹਾਂ ਇਸ ਉਪਰਾਲੇ ਲਈ ਹਸਪਤਾਲ ਪ੍ਰਬੰਧਨ ਦਾ ਧੰਨਵਾਦ ਵੀ ਕੀਤਾ। ਸਮਾਗਮ ਦੌਰਾਨ SGPC ਦੇ ਕਈ ਪ੍ਰਮੁੱਖ ਮੈਂਬਰ, ਹਸਪਤਾਲ ਦਾ ਸਟਾਫ਼ ਅਤੇ ਹੋਰ ਹਾਜ਼ਰ ਸ਼ਖ਼ਸੀਅਤਾਂ ਮੌਜੂਦ ਰਹੀਆਂ।

Posted By: Daily Suraj Bureau

Latest News