ਪਨਬੱਸ ਅਤੇ PRTC ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਪਨਬੱਸ ਅਤੇ PRTC ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਪੰਜਾਬ ਵਿੱਚ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 10 ਜੂਨ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅੰਦੋਲਨ ਵਿੱਚ ਪੀਆਰਟੀਸੀ ਦੇ ਕੱਚੇ ਕਰਮਚਾਰੀ ਵੀ ਸ਼ਾਮਲ ਹੋ ਰਹੇ ਹਨ, ਜਦਕਿ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਭਰ ਵਿੱਚ ਚੱਕਾ ਜਾਮ ਦੀ ਕਾਲ ਦਿੱਤੀ ਗਈ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਸਰਕਾਰ ਦੀ ਕਿਲੋਮੀਟਰ ਸਕੀਮ ਤੋਂ ਨਾਰਾਜ ਹਨ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਕਿਲੋਮੀਟਰ ਸਕੀਮ ਅਧੀਨ ਚੱਲ ਰਹੀਆਂ ਬੱਸਾਂ ਦਾ ਵਿਰੋਧ, ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਨਾ ਅਤੇ ਮੁਅੱਤਲ ਜਾਂ ਨੌਕਰੀ ਤੋਂ ਕੱਢੇ ਗਏ ਕਰਮਚਾਰੀਆਂ ਦੀ ਮੁੜ ਬਹਾਲੀ ਸ਼ਾਮਲ ਹੈ। ਕਰਮਚਾਰੀਆਂ ਦਾ ਦੋਸ਼ ਹੈ ਕਿ ਉਨ੍ਹਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਅਣਸੁਣੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਹੜਤਾਲ ਦਾ ਫ਼ੈਸਲਾ ਲੈਣਾ ਪਿਆ। ਇਸ ਕਾਰਨ ਅੱਜ ਪੰਜਾਬ ਭਰ ਵਿੱਚ ਸਰਕਾਰੀ ਬੱਸ ਸੇਵਾਵਾਂ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ। ਦੋ ਵੱਡੀਆਂ ਟਰਾਂਸਪੋਰਟ ਯੂਨੀਅਨਾਂ ਦੇ ਇੱਕੋ ਸਮੇਂ ਹੜਤਾਲ ‘ਤੇ ਜਾਣ ਕਾਰਨ ਯਾਤਰੀਆਂ ਅਤੇ ਆਮ ਲੋਕਾਂ ਨੂੰ ਆਵਾਜਾਈ ਸਬੰਧੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਰਮਚਾਰੀਆਂ ਵਿੱਚ ਸਰਕਾਰ ਖ਼ਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ 11 ਜੂਨ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ।