ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀਏ ਬਕਾਏ 'ਤੇ ਹਾਈ ਕੋਰਟ ਦਾ ਸਖ਼ਤ ਰੁੱਖ, 17 ਨਵੰਬਰ ਤੱਕ ਜਵਾਬ ਤਲਬ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀਏ ਬਕਾਏ 'ਤੇ ਹਾਈ ਕੋਰਟ ਦਾ ਸਖ਼ਤ ਰੁੱਖ, 17 ਨਵੰਬਰ ਤੱਕ ਜਵਾਬ ਤਲਬ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਨਾਲ ਜੁੜੇ ਮਾਮਲੇ ਵਿੱਚ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਅਹਿਮ ਸੁਣਵਾਈ ਹੋਈ। ਅਦਾਲਤ ਦੇ ਪਿਛਲੇ ਹੁਕਮਾਂ ਦੀ ਪਾਲਣਾ ਨਾ ਹੋਣ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨਿੱਜੀ ਤੌਰ 'ਤੇ ਹਾਈ ਕੋਰਟ ਵਿੱਚ ਪੇਸ਼ ਹੋਏ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਵਿੱਚ ਸਵੀਕਾਰ ਕੀਤਾ ਕਿ 1 ਜੁਲਾਈ 2021 ਤੋਂ 30 ਸਤੰਬਰ 2026 ਤੱਕ ਡੀਏ ਦੇ ਬਕਾਏ ਦੀ ਕੁੱਲ ਦੇਣਦਾਰੀ 22,818 ਕਰੋੜ ਰੁਪਏ ਬਣਦੀ ਹੈ, ਜਦੋਂ ਕਿ ਹੋਰ ਬਕਾਇਆ ਦੇਣਦਾਰੀਆਂ ਨੂੰ ਮਿਲਾ ਕੇ ਇਹ ਅੰਕੜਾ 32,418 ਕਰੋੜ ਰੁਪਏ ਹੋ ਜਾਂਦਾ ਹੈ। ਹਾਈ ਕੋਰਟ ਨੇ ਮੁੱਖ ਸਕੱਤਰ ਨੂੰ ਇਸ ਮਾਮਲੇ 'ਚ 17 ਨਵੰਬਰ ਤੱਕ ਆਪਣਾ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹੋਈ ਸੁਣਵਾਈ ਦੌਰਾਨ ਹਾਈ ਕੋਰਟ ਨੇ ਆਦੇਸ਼ਾਂ ਦੀ ਪਾਲਣਾ ਨਾ ਕਰਨ 'ਤੇ ਸਖ਼ਤ ਟਿੱਪਣੀਆਂ ਕਰਦਿਆਂ ਮੁੱਖ ਸਕੱਤਰ 'ਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ। 6 ਫ਼ੀਸਦੀ ਵਿਆਜ ਸਮੇਤ ਭੁਗਤਾਨ ਦਾ ਹੁਕਮ ਅਦਾਲਤ ਵਿੱਚ ਦਾਖਲ ਰਿਪੋਰਟ ਵਿੱਚ ਮੁੱਖ ਸਕੱਤਰ ਨੇ ਸਪੱਸ਼ਟ ਕੀਤਾ ਕਿ ਹਾਈ ਕੋਰਟ ਵੱਲੋਂ 3 ਅਗਸਤ ਨੂੰ ਸੁਣਾਏ ਗਏ ਫ਼ੈਸਲੇ 'ਤੇ ਫਿਲਹਾਲ ਕੋਈ ਰੋਕ (Stay) ਨਹੀਂ ਲੱਗੀ ਹੋਈ। ਅਦਾਲਤ ਦੇ ਇਸ ਫ਼ੈਸਲੇ ਅਨੁਸਾਰ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀਏ ਦੇ ਬਕਾਏ ਦੀ ਰਕਮ 6 ਫ਼ੀਸਦੀ ਸਾਲਾਨਾ ਵਿਆਜ ਸਮੇਤ ਅਦਾ ਕਰਨੀ ਪਵੇਗੀ। ਸਰਕਾਰ ਨੇ ਦਿੱਤਾ 8 ਫ਼ੀਸਦੀ ਡੀਏ ਵਾਧੇ ਦਾ ਹਵਾਲਾ ਸੂਬਾ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ 18 ਸਤੰਬਰ ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਡੀਏ ਵਿੱਚ 8 ਫ਼ੀਸਦੀ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਤੋਂ ਬਾਅਦ ਵਿੱਤ ਵਿਭਾਗ ਨੇ 23 ਸਤੰਬਰ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਡੀਏ 42 ਫ਼ੀਸਦੀ ਤੋਂ ਵਧਾ ਕੇ 50 ਫ਼ੀਸਦੀ ਕਰ ਦਿੱਤਾ ਸੀ, ਜੋ ਕਿ 1 ਸਤੰਬਰ 2026 ਤੋਂ ਲਾਗੂ ਕੀਤਾ ਗਿਆ ਹੈ। ਇਸ ਵਾਧੇ ਨਾਲ ਸਤੰਬਰ ਮਹੀਨੇ ਦੀਆਂ ਤਨਖ਼ਾਹਾਂ ਅਤੇ ਪੈਨਸ਼ਨਾਂ ਦਾ ਭੁਗਤਾਨ ਅਕਤੂਬਰ ਮਹੀਨੇ ਵਿੱਚ ਵਧੀ ਹੋਈ ਦਰ ਨਾਲ ਕੀਤਾ ਜਾ ਚੁੱਕਾ ਹੈ। ਮੁੱਖ ਸਕੱਤਰ ਨੇ ਦੱਸਿਆ ਕਿ ਸਾਲ 2025-26 ਦੇ ਸੋਧੇ ਹੋਏ ਅਨੁਮਾਨਾਂ ਮੁਤਾਬਕ ਸੂਬੇ ਵਿੱਚ ਤਨਖ਼ਾਹਾਂ ਅਤੇ ਪੈਨਸ਼ਨਾਂ 'ਤੇ ਸਾਲਾਨਾ ਲਗਪਗ 58,064 ਕਰੋੜ ਰੁਪਏ ਖ਼ਰਚ ਹੁੰਦੇ ਹਨ, ਜਿਸ ਕਾਰਨ ਡੀਏ ਦੇ ਬਕਾਏ ਦੀ ਅਦਾਇਗੀ ਲਈ ਬਜਟ ਵਿੱਚ ਢੁੱਕਵੇਂ ਵਿੱਤੀ ਪ੍ਰਬੰਧ ਕਰਨ ਦੀ ਲੋੜ ਹੈ। ਸੁਪਰੀਮ ਕੋਰਟ ਵਿੱਚ ਅਪੀਲ ਅਤੇ ਕਾਨੂੰਨੀ ਪੱਖ ਕਾਨੂੰਨੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਸਰਕਾਰ ਨੇ ਦੱਸਿਆ ਕਿ ਹਾਈ ਕੋਰਟ ਦੇ 3 ਅਗਸਤ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੇ ਹੋਏ 1 ਸਤੰਬਰ ਨੂੰ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਇਜਾਜ਼ਤ ਪਟੀਸ਼ਨ (SLP) ਦਾਇਰ ਕੀਤੀ ਗਈ ਸੀ। ਹਾਲਾਂਕਿ, ਸੁਪਰੀਮ ਕੋਰਟ ਦੀ ਰਜਿਸਟਰੀ ਵੱਲੋਂ ਕੁਝ ਤਕਨੀਕੀ ਖਾਮੀਆਂ ਦੱਸੇ ਜਾਣ ਤੋਂ ਬਾਅਦ ਇਸ ਪਟੀਸ਼ਨ ਨੂੰ 1 ਅਕਤੂਬਰ ਨੂੰ ਮੁੜ ਦਾਇਰ ਕੀਤਾ ਗਿਆ ਹੈ। ਸਰਕਾਰ ਨੇ ਤਰਕ ਦਿੱਤਾ ਕਿ ਉਹ ਕਾਨੂੰਨੀ ਰਾਹ ਅਖ਼ਤਿਆਰ ਕਰ ਰਹੀ ਹੈ ਅਤੇ ਬਕਾਏ ਦੀ ਅਦਾਇਗੀ ਵਿੱਚ ਹੋਈ ਦੇਰੀ ਜਾਣਬੁੱਝ ਕੇ ਨਹੀਂ ਕੀਤੀ ਗਈ, ਇਸ ਲਈ ਇਸ ਨੂੰ ਅਦਾਲਤੀ ਹੁਕਮਾਂ ਦੀ ਜਾਣਬੁੱਝ ਕੇ ਕੀਤੀ ਉਲੰਘਣਾ ਨਹੀਂ ਮੰਨਿਆ ਜਾਣਾ ਚਾਹੀਦਾ। ਇਸ ਦੇ ਨਾਲ ਹੀ ਸਰਕਾਰ ਨੇ ਇਹ ਮੰਨਿਆ ਹੈ ਕਿ ਹਾਈ ਕੋਰਟ ਦਾ ਹੁਕਮ ਅਜੇ ਵੀ ਪ੍ਰਭਾਵੀ ਹੈ।