ਗੁਰਦਾਸਪੁਰ: ਗੁਰਦਾਸਪੁਰ ਟਰਾਂਸਪੋਰਟ ਵਿਭਾਗ ਅਤੇ ਟ੍ਰੈਫਿਕ ਪੁਲਿਸ ਨੇ ਮਿਲ ਕੇ ਪੁਰਾਣੇ ਬੱਸ ਸਟੈਂਡ ਤੇ ਆਟੋ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਸੰਬੰਧੀ ਜਾਣਕਾਰੀ ਦਿੱਤੀ। ਜਾਣਕਾਰੀ ਦਿੰਦਿਆਂ ਟਰਾਂਸਪੋਰਟ ਅਫ਼ਸਰ ਦਵਿੰਦਰ ਕੁਮਾਰ ਨੇ ਦੱਸਿਆ ਕਿ ਸੜਕ ਸੁਰੱਖਿਆ ਹਫ਼ਤੇ ਤਹਿਤ ਸ਼ਹਿਰ ਦੇ ਪੁਰਾਣੇ ਬੱਸ ਅੱਡੇ ਵਿਖੇ ਨਾਗਰਿਕਾਂ ਦੀ ਜਾਨ-ਮਾਲ ਦੀ ਰੱਖਿਆ ਲਈ ਕਰਵਾਏ ਗਏ ਸੈਮੀਨਾਰ ਦੌਰਾਨ ਆਟੋ ਚਾਲਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਟ੍ਰੈਫਿਕ ਇੰਚਾਰਜ ਸਤਨਾਮ ਸਿੰਘ, ਟਰਾਂਸਪੋਰਟ ਵਿਭਾਗ ਦੀ ਕਲਰਕ ਕਾਂਤਾ ਰਾਣੀ, ਏਐੱਸਆਈ ਹਰਦੇਵ ਸਿੰਘ, ਪਰਦੁਮਨ ਸਿੰਘ, ਅਸ਼ਵਨੀ ਕੁਮਾਰ ਨੇ ਵੀ ਸੈਮੀਨਾਰ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਆਟੋ ਚਾਲਕਾਂ ਨੂੰ ਕਿਹਾ ਗਿਆ ਕਿ ਉਹ ਨਿਰਧਾਰਤ ਮਾਪਦੰਡਾਂ ਅਨੁਸਾਰ ਹੀ ਯਾਤਰੀਆਂ ਨੂੰ ਲੈ ਕੇ ਜਾਣ। ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਟ੍ਰੈਫਿਕ ਪੁਲਿਸ ਵੱਲੋਂ ਚਲਾਨ ਜਾਰੀ ਕੀਤਾ ਜਾਵੇਗਾ। ਟ੍ਰੈਫਿਕ ਇੰਚਾਰਜ ਸਤਨਾਮ ਸਿੰਘ ਨੇ ਕਿਹਾ ਕਿ ਜੇਕਰ ਸੜਕ ਦੇ ਵਿਚਕਾਰ ਗੱਡੀ ਰੋਕ ਕੇ ਸਵਾਰੀਆਂ ਚੁੱਕੀਆਂ ਜਾਂਦੀਆਂ ਹਨ ਤਾਂ ਸੜਕ ਹਾਦਸੇ ਦਾ ਖ਼ਤਰਾ ਰਹਿੰਦਾ ਹੈ। ਇਸ ਮੌਕੇ ਟਰਾਂਸਪੋਰਟ ਵਿਭਾਗ ਦੀ ਮਹਿਲਾ ਕਰਮਚਾਰੀ ਕਾਂਤਾ ਰਾਣੀ ਨੇ ਕਿਹਾ ਕਿ ਡਰਾਈਵਰਾਂ ਨੂੰ ਨਿਯਮਾਂ ਸੰਬੰਧੀ ਜਾਣਕਾਰੀ ਦੇਣ ਲਈ ਨਿਯਮਿਤ ਤੌਰ ਤੇ ਸੈਮੀਨਾਰ ਕਰਵਾਏ ਜਾਣਗੇ।
Leave a Reply