ਵਿਵਾਦਤ ਵੀਡੀਓ ਮਾਮਲਾ: ਫੋਰੈਂਸਿਕ ਰਿਪੋਰਟ ਮਗਰੋਂ ਮੁੱਖ ਮੰਤਰੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ

ਵਿਵਾਦਤ ਵੀਡੀਓ ਮਾਮਲਾ: ਫੋਰੈਂਸਿਕ ਰਿਪੋਰਟ ਮਗਰੋਂ ਮੁੱਖ ਮੰਤਰੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੁੜੀ ਇੱਕ ਕਥਿਤ ਵਿਵਾਦਤ ਵੀਡੀਓ ਨੂੰ ਲੈ ਕੇ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਤੇਜ਼ ਹੋ ਰਹੇ ਹਨ। ਇਸੇ ਕੜੀ ਵਿੱਚ ਬਰਨਾਲਾ ਦੇ ਕਚਹਿਰੀ ਚੌਕ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਅਤੇ ਵਰਕਰਾਂ ਨੇ ਇਕੱਠੇ ਹੋ ਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਤੋਂ ਬਾਅਦ ਜਥੇਬੰਦੀ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ-ਪੱਤਰ ਵੀ ਸੌਂਪਿਆ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੰਦੀ ਨੇ ਦੱਸਿਆ ਕਿ ਕਰੀਬ ਤਿੰਨ ਤੋਂ ਚਾਰ ਮਹੀਨੇ ਪਹਿਲਾਂ ਮੁੱਖ ਮੰਤਰੀ ਨਾਲ ਸਬੰਧਿਤ ਇੱਕ ਵੀਡੀਓ ਸਾਹਮਣੇ ਆਈ ਸੀ। ਉਨ੍ਹਾਂ ਕਿਹਾ ਕਿ ਇਸ ਵੀਡੀਓ ਦੀ ਜਾਂਚ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੀਪੁਰ ਦੀ ਮਾਨਤਾ ਪ੍ਰਾਪਤ ਫੋਰੈਂਸਿਕ ਲੈਬ ਤੋਂ ਜਾਂਚ ਕਰਵਾਈ ਗਈ। ਉਨ੍ਹਾਂ ਦੇ ਦਾਅਵੇ ਅਨੁਸਾਰ ਲੈਬ ਦੀ ਰਿਪੋਰਟ ਵਿੱਚ ਵੀਡੀਓ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਜਾਂ ਇਸ ਨੂੰ ਏਆਈ (AI) ਰਾਹੀਂ ਤਿਆਰ ਕੀਤੇ ਜਾਣ ਦੇ ਸਬੂਤ ਨਹੀਂ ਮਿਲੇ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਆਪਣੇ ਪਹਿਲਾਂ ਦਿੱਤੇ ਬਿਆਨਾਂ ਤੋਂ ਪਿੱਛੇ ਹਟ ਰਹੇ ਹਨ। ਪ੍ਰਦਰਸ਼ਨ ਦੌਰਾਨ ਜਥੇਬੰਦੀ ਦੇ ਆਗੂ ਗੁਰਮੀਤ ਸਿੰਘ ਨੇ ਦੋਸ਼ ਲਾਇਆ ਕਿ ਵੀਡੀਓ ਵਿੱਚ ਸਿੱਖ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਅਤੇ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪੋਸਟਰਾਂ ਦੀ ਬੇਅਦਬੀ ਕੀਤੀ ਗਈ ਹੈ, ਜਿਸ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਸ ਮਾਮਲੇ ਵਿੱਚ ਤੁਰੰਤ ਕਾਨੂੰਨੀ ਕਾਰਵਾਈ ਨਾ ਹੋਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਉਨ੍ਹਾਂ ਖ਼ਿਲਾਫ਼ ਬੇਅਦਬੀ ਨਾਲ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇ। ਅੰਮ੍ਰਿਤਸਰ ਵਿੱਚ ਵੀ ਹੋਇਆ ਰੋਸ ਪ੍ਰਦਰਸ਼ਨ ਇਸੇ ਮਾਮਲੇ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਵੀ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਉਨ੍ਹਾਂ ਦਾ ਪੁਤਲਾ ਸਾੜਿਆ ਗਿਆ। ਜਥੇਬੰਦੀ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਨੂੰ ਮੰਗ-ਪੱਤਰ ਭੇਜ ਕੇ ਫੋਰੈਂਸਿਕ ਰਿਪੋਰਟਾਂ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ, ਸੁਤੰਤਰ ਨਿਆਂਇਕ ਜਾਂਚ ਅਤੇ ਨੈਤਿਕ ਆਧਾਰ 'ਤੇ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ। ਪਾਰਟੀ ਆਗੂਆਂ ਨੇ ਕਿਹਾ ਕਿ ਵਿਵਾਦਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਇਸ ਨੂੰ ਝੂਠਾ, ਐਡਿਟ ਕੀਤਾ ਹੋਇਆ ਅਤੇ ਰਾਜਨੀਤਿਕ ਸਾਜ਼ਿਸ਼ ਦਾ ਹਿੱਸਾ ਦੱਸਿਆ ਜਾਂਦਾ ਰਿਹਾ। ਉਨ੍ਹਾਂ ਦਾ ਦਾਅਵਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਹੋਈਆਂ ਫੋਰੈਂਸਿਕ ਜਾਂਚਾਂ ਵਿੱਚ ਵੀਡੀਓ ਨਾਲ ਐਡਿਟਿੰਗ, ਟੈਂਪਰਿੰਗ ਜਾਂ ਡੀਪਫੇਕ ਰਾਹੀਂ ਛੇੜਛਾੜ ਹੋਣ ਦੇ ਸਬੂਤ ਨਹੀਂ ਮਿਲੇ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਉਣਾ ਅਤੇ ਜ਼ਿੰਮੇਵਾਰੀ ਤੈਅ ਕਰਨੀ ਲਾਜ਼ਮੀ ਹੈ। ਜਥੇਬੰਦੀ ਨੇ ਕਿਹਾ ਕਿ ਸਿੱਖ ਧਰਮ ਵਿੱਚ ਗੁਰੂ ਸਾਹਿਬਾਨ, ਭਗਤਾਂ, ਸ਼ਹੀਦਾਂ ਅਤੇ ਮਹਾਂਪੁਰਖਾਂ ਦਾ ਸਰਵਉੱਚ ਸਤਿਕਾਰ ਹੈ, ਇਸ ਲਈ ਧਾਰਮਿਕ ਭਾਵਨਾਵਾਂ ਨਾਲ ਜੁੜੇ ਕਿਸੇ ਵੀ ਮਾਮਲੇ ਵਿੱਚ ਕੋਈ ਵੀ ਵਿਅਕਤੀ ਕਾਨੂੰਨ ਤੋਂ ਉੱਪਰ ਨਹੀਂ ਹੋ ਸਕਦਾ। ਉਨ੍ਹਾਂ ਮੰਗ ਕੀਤੀ ਕਿ ਉਪਲਬਧ ਤੱਥਾਂ ਅਤੇ ਫੋਰੈਂਸਿਕ ਰਿਪੋਰਟਾਂ ਦੇ ਆਧਾਰ 'ਤੇ ਮੁੱਖ ਮੰਤਰੀ ਖ਼ਿਲਾਫ਼ ਬਣਦੀਆਂ ਕਾਨੂੰਨੀ ਧਾਰਾਵਾਂ ਤਹਿਤ ਤੁਰੰਤ ਪਰਚਾ ਦਰਜ ਕੀਤਾ ਜਾਵੇ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਇਸ ਮਾਮਲੇ ਦੀ ਸੁਤੰਤਰ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ। ਨਾਲ ਹੀ, ਜਾਂਚ ਦੀ ਨਿਰਪੱਖਤਾ ਬਣਾਈ ਰੱਖਣ ਲਈ ਮੁੱਖ ਮੰਤਰੀ ਤੋਂ ਨੈਤਿਕ ਆਧਾਰ 'ਤੇ ਅਸਤੀਫ਼ੇ ਦੀ ਵੀ ਮੰਗ ਕੀਤੀ ਗਈ।