ਬਠਿੰਡਾ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਹਰਜੋਤ ਸਿੰਘ ਅੱਜ ਨਗਰ ਸੁਧਾਰ ਟਰੱਸਟ ਦੇ ਦਫਤਰ ਪੁੱਜੇ, ਜਿੱਥੇ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਕੈਬਨਿਟ ਮੰਤਰੀ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਭੱਲਾ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਹਰਜੋਤ ਸਿੰਘ ਨਾਲ ਬਠਿੰਡਾ ਦੇ ਵਿਕਾਸ ਕਾਰਜਾਂ ਅਤੇ ਆਉਣ ਵਾਲੇ ਸਮੇਂ ਦੀਆਂ ਯੋਜਨਾਵਾਂ ਤੇ ਵਿਚਾਰ ਚਰਚਾ ਕੀਤੀ। ਭੱਲਾ ਨੇ ਕੈਬਨਿਟ ਮੰਤਰੀ ਨੂੰ ਸ਼ਹਿਰ ਦੇ ਵਿਕਾਸ ਦੀਆਂ ਭਵਿੱਖੀ ਯੋਜਨਾਵਾਂ ਤੋਂ ਜਾਣੂ ਕਰਵਾਇਆ ਅਤੇ ਹੁਣ ਤੱਕ ਹੋਏ ਵਿਕਾਸ ਕੰਮਾਂ ਦਾ ਬਿਓਰਾ ਵੀ ਪੇਸ਼ ਕੀਤਾ।
ਉਨ੍ਹਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਦੇ ਧਿਆਨ ਵਿਚ ਲਟਕ ਰਹੇ ਕੁਝ ਕੰਮਾਂ ਵੱਲ ਵੀ ਦਵਾਇਆ ਜਿਸ ਤੋਂ ਬਾਅਦ ਕੈਬਨਿਟ ਮੰਤਰੀ ਡਾਕਟਰ ਹਰਜੋਤ ਸਿੰਘ ਨੇ ਪੈਂਡਿੰਗ ਪਏ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮਨਜ਼ੂਰੀ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨਗਰ ਸੁਧਾਰ ਟਰੱਸਟ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਨੂੰ ਕਿਹਾ ਕਿ ਉਹ ਵਿਕਾਸ ਦੇ ਨਾਲ ਨਾਲ ਸ਼ਹਿਰ ਦੀ ਸੁੰਦਰਤਾ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਦਾ ਯਤਨ ਕਰਨ। ਉਨ੍ਹਾਂ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਦੇ ਵਿਕਾਸ ਅਤੇ ਸੁੰਦਰਤਾ ਲਈ ਵਿਸ਼ੇਸ਼ ਯਤਨ ਕਰ ਰਹੀ ਹੈ।
ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਦੀ ਅਗਵਾਈ ਹੇਠ ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਹਰਜੋਤ ਸਿੰਘ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਨਗਰ ਨਿਗਮ ਦੇ ਮੇਅਰ ਪਦਮਜੀਤ ਮਹਿਤਾ, ਜੰਗਲਾਤ ਵਿਭਾਗ ਦੇ ਚੇਅਰਮੈਨ ਰਕੇਸ਼ ਪੁਰੀ, ਚੇਅਰਮੈਨ ਰਾਜਨ ਅਮਰਦੀਪ ਸਿੰਘ, ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਐਕਸੀਅਨ ਗੁਰਰਾਜ ਸਿੰਘ ਅਤੇ ਈਓ ਗੋਰਾ ਲਾਲ ਮੌਜੂਦ ਸਨ।
Leave a Reply