Daily Suraj

ਪੰਜਾਬੀ

ਬੋਰਡ ਪ੍ਰੀਖਿਆਵਾਂ ਦੀ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਨਾ ਨਸ਼ਾ ਮੁਕਤੀ ਯਾਤਰਾ ਸਮਾਗਮਾਂ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੀਆਂ

28 May, 2025 10:22 PM

ਫਾਜ਼ਿਲਕਾ : ਦਸਵੀਂ ਅਤੇ ਬਾਰਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੀ ਮੈਰਿਟ ਸੂਚੀ ਵਿੱਚ ਸਥਾਨ ਹਾਸਿਲ ਕਰਕੇ ਜਿਲ੍ਹੇ ਵਿੱਚੋਂ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੱਢੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਦੇ ਸਮਾਗਮਾਂ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੀਆਂ। ਇਸ ਸਮਾਗਮ ਦੀ ਪ੍ਰਧਾਨਗੀ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕੀਤੀ ਜਦੋਂ ਕਿ ਮੁੱਖ ਮਹਿਮਾਨ ਵਜੋਂ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਪਹੁੰਚੇ ।
ਜਿਕਰ ਯੋਗ ਹੈ ਕਿ ਮੈਰਿਟ ਸੂਚੀ ਵਿੱਚ ਆਈਆਂ ਇਹ ਵਿਦਿਆਰਥਨਾ ਅੱਜ ਦੇ ਪੂਰੇ ਦਿਨ ਲਈ ਡਿਪਟੀ ਕਮਿਸ਼ਨਰ ਦੇ ਨਾਲ ਹਨ ਅਤੇ ਉਹ ਇਸ ਦੌਰਾਨ ਉਹਨਾਂ ਦੇ ਕੰਮ ਕਾਜ ਨੂੰ ਸਮਝ ਰਹੇ ਹਨ ਤਾਂ ਜੋ ਇਹਨਾਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਨਾ ਮਿਲ ਸਕੇ ।

ਇਸ ਦੌਰਾਨ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਡੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਜਿੱਥੇ ਖੇਡ ਮੈਦਾਨ ਬਣਾਏ ਜਾ ਰਹੇ ਹਨ, ਉੱਥੇ ਹੀ ਉਹਨਾਂ ਦੇ ਬੌਧਿਕ ਵਿਕਾਸ ਲਈ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ ਅਤੇ ਹਲਕੇ ਵਿੱਚ ਸਕੂਲਾਂ ਲਈ 100 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਹਨਾਂ ਨੇ ਦੱਸਿਆ ਕਿ ਹਲਕੇ ਦੇ ਪਿੰਡ ਸੁਖਚੈਨ ਵਿੱਚ ਸਰਕਾਰੀ ਕਾਲਜ ਵੀ ਬਣਾਇਆ ਗਿਆ ਹੈ। ਇਸ ਮੌਕੇ ਉਨਾਂ ਨੇ ਪਿੰਡ ਭਾਗਸਰ ਲਈ 65 ਲੱਖ ਰੁਪਏ ਅਤੇ ਪਿੰਡ ਕੁਲਾਰ ਲਈ 40 ਲੱਖ ਰੁਪਏ ਦੀ ਗਰਾਂਟ ਵਿਕਾਸ ਕਾਰਜਾਂ ਲਈ ਦੇਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਨੌਜਵਾਨਾਂ ਵਿੱਚ ਊਰਜਾ ਅਤੇ ਜੋਸ਼ ਦੀ ਘਾਟ ਨਹੀਂ ਹੈ, ਜਰੂਰਤ ਹੈ ਉਹ ਆਪਣੇ ਇਸ ਜੋਸ਼ ਅਤੇ ਜਨੂਨ ਦਾ ਸਹੀ ਇਸਤੇਮਾਲ ਕਰਨ। ਉਹਨਾਂ ਨੇ ਇਸ ਮੁਹਿੰਮ ਵਿੱਚ ਲੋਕਾਂ ਦਾ ਸਹਿਯੋਗ ਮੰਗਿਆ ਅਤੇ ਕਿਹਾ ਕਿ ਪ੍ਰਸ਼ਾਸਨ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਲਈ ਦ੍ਰਿੜ ਸੰਕਲਪਿਤ ਹੈ ।
ਇਸ ਮੌਕੇ ਨਸ਼ਾ ਮੁਕਤੀ ਯਾਤਰਾ ਦੇ ਜੋਨਲ ਕੋਆਰਡੀਨੇਟਰ ਚੁਸਪਿੰਦਰ ਸਿੰਘ ਚਹਿਲ ਨੇ ਕਿਹਾ ਕਿ ਪੰਜਾਬ ਦੇ ਭਵਿੱਖ ਨੂੰ ਸੁਰੱਖਿਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਐਸਪੀ ਮੁਖਤਿਆਰ ਰਾਏ ਨੇ ਵੀ ਸੰਬੋਧਨ ਕੀਤਾ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਦੋਸਤਾਨਾ ਰਿਸ਼ਤਾ ਰੱਖਣ ਦੀ ਅਪੀਲ ਕੀਤੀ।

ਇਸ ਤੋਂ ਪਹਿਲਾਂ ਪਿੰਡ ਭਾਗਸਰ ਪਹੁੰਚਣ ਤੇ ਨੌਜਵਾਨ ਸਰਪੰਚ ਸੁਧੀਰ ਕੂਕਨਾ ਨੇ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਿਆ ਅਤੇ ਆਪਣੇ ਪਿੰਡ ਵੱਲੋਂ ਨਸ਼ਾ ਮੁਕਤ ਸਮਾਜ ਸਿਰਜਣ ਵਿੱਚ ਸਹਿਯੋਗ ਦਾ ਭਰੋਸਾ ਦਿੱਤਾ।
 ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੁਭਾਸ਼ ਚੰਦਰ, ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ, ਜਿਲਾ ਸਿੱਖਿਆ ਅਫਸਰ ਸ੍ਰੀ ਅਜੇ ਸ਼ਰਮਾ ਅਤੇ ਸਤੀਸ਼ ਕੁਮਾਰ ਬੀ ਹਾਜ਼ਰ ਸਨ ।

#DrugFreeIndia #MeritStudents #TopperGirls #YouthAgainstDrugs #SayNoToDrugs #EducationForChange #InspiringYouth #PunjabStudents #MeritForChange #StopDrugAbuse

Latest News