ਜਲੰਧਰ ਤੇ ਐੱਸਬੀਐੱਸ ਨਗਰ ਵਿੱਚ ਫਾਇਰਿੰਗ ਦੀਆਂ ਸਾਜ਼ਿਸ਼ਾਂ ਰਚਣ ਵਾਲੇ ਗੈਂਗ 'ਤੇ ਪੁਲੀਸ ਦਾ ਸ਼ਿਕੰਜਾ
ਪੰਜਾਬ ਪੁਲੀਸ ਨੇ ਫਿਰੌਤੀ ਅਤੇ ਫਾਇਰਿੰਗ ਦੀਆਂ ਘਟਨਾਵਾਂ ਵਿੱਚ ਕਥਿਤ ਤੌਰ 'ਤੇ ਸ਼ਾਮਲ ਇੱਕ ਗੈਂਗ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਕਾਰਵਾਈ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਕਾਰਵਾਈ ਜਲੰਧਰ ਕਮਿਸ਼ਨਰੇਟ ਪੁਲੀਸ ਵੱਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਕੁਝ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਜਾਂਚ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਉਹ ਜਲੰਧਰ ਅਤੇ ਐੱਸਬੀਐੱਸ ਨਗਰ ਜ਼ਿਲ੍ਹਿਆਂ ਵਿੱਚ ਗੋਲੀਬਾਰੀ ਦੀਆਂ ਕਈ ਘਟਨਾਵਾਂ ਦੀ ਯੋਜਨਾ ਬਣਾਉਣ ਅਤੇ ਉਨ੍ਹਾਂ ਨੂੰ ਅੰਜਾਮ ਦੇਣ ਵਿੱਚ ਸ਼ਾਮਲ ਸਨ। ਇਸ ਮਾਮਲੇ ਸਬੰਧੀ ਜਲੰਧਰ ਦੇ ਭਾਰਗੋ ਕੈਂਪ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਵੱਲੋਂ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਾਂਚ ਦਾ ਦਾਇਰਾ ਹੋਰ ਵਧਾਇਆ ਜਾ ਰਿਹਾ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਅੱਗੇ ਅਤੇ ਪਿੱਛੇ ਦੇ ਸਾਰੇ ਸਬੰਧਾਂ ਦਾ ਪਤਾ ਲਗਾਇਆ ਜਾ ਸਕੇ। ਨਾਲ ਹੀ, ਇਸ ਗੈਂਗ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਕਰਕੇ ਉਨ੍ਹਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
Posted By: Daily Suraj Bureau