Daily Suraj

ਪੰਜਾਬੀ

ਪਰਵਿੰਦਰ ਝੋਟਾ ਕਤਲ ਕਾਂਡ: ਪੰਜ ਕੇਸਾਂ ਦੇ ਮੁਲਜ਼ਮ ਅਸ਼ਵਨੀ ਕੁਮਾਰ ਦਾ ਅਸਲਾ ਲਾਇਸੈਂਸ ਪ੍ਰਸ਼ਾਸਨ ਨੇ ਕੀਤਾ ਰੱਦ

17 Oct, 2026 08:44 AM

ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵੱਲੋਂ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਪਹਿਲਾਂ ਜਾਰੀ ਕੀਤੇ ਗਏ ਅਸਲਾ ਲਾਇਸੈਂਸ ਨੂੰ ਲੈ ਕੇ ਉੱਠੇ ਸਵਾਲਾਂ ਅਤੇ ਮੀਡੀਆ ਵਿੱਚ ਮਾਮਲਾ ਪ੍ਰਮੁੱਖਤਾ ਨਾਲ ਆਉਣ ਮਗਰੋਂ ਅੱਜ ਦੇਰ ਸ਼ਾਮ ਇਹ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅਸ਼ਵਨੀ ਕੁਮਾਰ ਨੇ ਆਪਣੇ ਇਸੇ ਲਾਇਸੈਂਸੀ ਹਥਿਆਰ ਦੀ ਵਰਤੋਂ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਕਰਨ ਲਈ ਕੀਤੀ ਸੀ। ਅੱਜ ਜ਼ਿਲ੍ਹਾ ਪੁਲੀਸ ਕਪਤਾਨ ਵੱਲੋਂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਵਿੱਚ ਇਸ ਲਾਇਸੈਂਸੀ ਹਥਿਆਰ ਦੇ ਇਸਤੇਮਾਲ ਦਾ ਹਵਾਲਾ ਦਿੰਦਿਆਂ ਲਾਇਸੈਂਸ ਰੱਦ ਕਰਨ ਦੀ ਸਿਫ਼ਾਰਸ਼ ਜ਼ਿਲ੍ਹਾ ਮੈਜਿਸਟਰੇਟ ਨੂੰ ਭੇਜੀ ਗਈ ਸੀ। ਮਾਨਸਾ ਦੀ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲੀਸ ਦੀ ਸਿਫ਼ਾਰਸ਼ ਦੇ ਆਧਾਰ 'ਤੇ ਉਕਤ ਅਸਲਾ ਲਾਇਸੈਂਸ ਨੂੰ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਇਸ ਹਥਿਆਰ ਨੂੰ ਗ਼ੈਰ-ਕਾਨੂੰਨੀ ਗਤੀਵਿਧੀ ਅਤੇ ਅਪਰਾਧ ਵਿੱਚ ਵਰਤੇ ਜਾਣ ਦਾ ਹਵਾਲਾ ਦਿੱਤਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਤਤਕਾਲੀ ਵਧੀਕ ਡਿਪਟੀ ਕਮਿਸ਼ਨਰ ਮਾਨਸਾ ਵੱਲੋਂ 21 ਅਗਸਤ 2024 ਨੂੰ ਅਸ਼ਵਨੀ ਕੁਮਾਰ ਨੂੰ ਅਸਲਾ ਲਾਇਸੈਂਸ ਜਾਰੀ ਕੀਤਾ ਗਿਆ ਸੀ। ਲਾਇਸੈਂਸ ਜਾਰੀ ਕਰਨ ਵੇਲੇ ਮੁਲਜ਼ਮ ਖ਼ਿਲਾਫ਼ ਦਰਜ ਪੰਜ ਪੁਲੀਸ ਕੇਸਾਂ (ਜਿਨ੍ਹਾਂ ਵਿੱਚੋਂ ਤਿੰਨ ਕੇਸ ਧਾਰਾ 144 ਦੀ ਉਲੰਘਣਾ ਦੇ ਸਨ) ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ ਸੀ। ਇਸ ਲਾਇਸੈਂਸ 'ਤੇ ਇੱਕ 7.62 ਐੱਮ.ਐੱਮ. ਪਿਸਟਲ ਅਤੇ ਇੱਕ ਬਾਰਾਂ ਬੋਰ ਦੀ ਬੰਦੂਕ ਦਰਜ ਸੀ, ਜਿਸ ਦੀ ਮਿਆਦ 20 ਅਗਸਤ 2029 ਤੱਕ ਸੀ। ਪ੍ਰਸ਼ਾਸਨ ਦੇ ਇਸ ਸਖ਼ਤ ਕਦਮ ਨਾਲ ਹੁਣ ਇਸ ਵਿਵਾਦਿਤ ਲਾਇਸੈਂਸ ਨੂੰ ਅਧਿਕਾਰਤ ਤੌਰ 'ਤੇ ਖ਼ਤਮ ਕਰ ਦਿੱਤਾ ਗਿਆ ਹੈ।

Latest News