ਬਿਨਾਂ ਪੂਰਵ ਸੂਚਨਾ ਡਰੋਨ ਮੈਪਿੰਗ ’ਤੇ ਭੜਕੇ ਕਿਸਾਨ: ਬੀ.ਕੇ.ਯੂ. (ਖੋਸਾ) ਅਤੇ ਸ਼ੇਰ-ਏ-ਪੰਜਾਬ ਯੂਨੀਅਨ ਦੀ ਅਗਵਾਈ ਵਿੱਚ ਸਖ਼ਤ ਵਿਰੋਧ
ਡਰੋਨ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਦੀ ਮੈਪਿੰਗ ਕਰਨ ਦੀ ਕਾਰਵਾਈ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਖੋਸਾ) ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਗਧਰਾਮ ਅਤੇ ਸ਼ੇਰ-ਏ-ਪੰਜਾਬ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੇ ਮੈਪਿੰਗ ਕਰਨ ਪਹੁੰਚੇ ਵਿਅਕਤੀਆਂ ਨੂੰ ਘੇਰ ਲਿਆ ਅਤੇ ਇਸ ਕਾਰਵਾਈ ਦਾ ਸਖ਼ਤ ਵਿਰੋਧ ਕੀਤਾ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕਿਸਾਨਾਂ ਦੀਆਂ ਜ਼ਮੀਨਾਂ ਦੀ ਡਰੋਨ ਰਾਹੀਂ ਮੈਪਿੰਗ ਕਰਨ ਸਬੰਧੀ ਨਾ ਤਾਂ ਕਿਸਾਨਾਂ ਨੂੰ ਪਹਿਲਾਂ ਕੋਈ ਜਾਣਕਾਰੀ ਦਿੱਤੀ ਗਈ ਅਤੇ ਨਾ ਹੀ ਉਨ੍ਹਾਂ ਨੂੰ ਭਰੋਸੇ ਵਿੱਚ ਲਿਆ ਗਿਆ। ਉਨ੍ਹਾਂ ਸਵਾਲ ਉਠਾਇਆ ਕਿ ਕਿਸਾਨਾਂ ਦੀ ਸਹਿਮਤੀ ਅਤੇ ਜਾਣਕਾਰੀ ਤੋਂ ਬਿਨਾਂ ਉਨ੍ਹਾਂ ਦੀਆਂ ਜ਼ਮੀਨਾਂ ਦੀ ਮੈਪਿੰਗ ਕਰਨ ਦੀ ਕੀ ਲੋੜ ਹੈ ਅਤੇ ਇਸ ਕਾਰਵਾਈ ਪਿੱਛੇ ਸਰਕਾਰ ਦਾ ਅਸਲ ਮਕਸਦ ਕੀ ਹੈ। ਕਿਸਾਨ ਆਗੂਆਂ ਨੇ ਸਪੱਸ਼ਟ ਐਲਾਨ ਕੀਤਾ ਕਿ ਉਹ ਅਜਿਹੀ ਕਿਸੇ ਵੀ ਤਰ੍ਹਾਂ ਦੀ ਮੈਪਿੰਗ ਨਹੀਂ ਹੋਣ ਦੇਣਗੇ, ਜਿਸ ਨਾਲ ਭਵਿੱਖ ਵਿੱਚ ਕਾਰਪੋਰੇਟ ਘਰਾਣਿਆਂ ਦੇ ਹੱਥ ਮਜ਼ਬੂਤ ਹੋਣ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਹੋਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਨਾਲ ਸਬੰਧਤ ਕਿਸੇ ਵੀ ਕਾਰਵਾਈ ਤੋਂ ਪਹਿਲਾਂ ਕਿਸਾਨਾਂ ਨੂੰ ਪੂਰੀ ਜਾਣਕਾਰੀ ਦੇਣੀ ਅਤੇ ਉਨ੍ਹਾਂ ਨੂੰ ਭਰੋਸੇ ਵਿੱਚ ਲੈਣਾ ਲਾਜ਼ਮੀ ਹੈ। ਇਸ ਮਾਮਲੇ ਸਬੰਧੀ ਕਿਸਾਨ ਆਗੂਆਂ ਵੱਲੋਂ ਡੀ.ਡੀ.ਪੀ.ਓ. ਰੂਪਨਗਰ ਨਾਲ ਵੀ ਗੱਲਬਾਤ ਕੀਤੀ ਗਈ, ਪ੍ਰੰਤੂ ਉਹ ਵੀ ਕਿਸਾਨਾਂ ਨੂੰ ਤਸੱਲੀਬਖ਼ਸ਼ ਜਵਾਬ ਦੇਣ ਜਾਂ ਉਨ੍ਹਾਂ ਦੇ ਸ਼ੰਕਿਆਂ ਨੂੰ ਦੂਰ ਕਰਨ ਵਿੱਚ ਕਾਮਯਾਬ ਨਹੀਂ ਹੋ ਸਕੇ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਇਸ ਮੈਪਿੰਗ ਦੇ ਮਕਸਦ ਅਤੇ ਇਸ ਦੇ ਨਤੀਜਿਆਂ ਬਾਰੇ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਉਹ ਇਸ ਕਾਰਵਾਈ ਦਾ ਵਿਰੋਧ ਜਾਰੀ ਰੱਖਣਗੇ। ਦੂਜੇ ਪਾਸੇ, ਜਦੋਂ ਇਸ ਸਬੰਧੀ ਬੀ.ਡੀ.ਪੀ.ਓ. ਰਾਜਵਿੰਦਰ ਕੌਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਬੰਧਤ ਕੰਪਨੀ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਡਰੋਨ ਉਡਾਉਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਬਕਾਇਦਾ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਡਰੋਨ ਕੰਪਨੀ ਦੇ ਕਰਮਚਾਰੀਆਂ ਕੋਲੋਂ ਮੈਪਿੰਗ ਕਰਨ ਵਾਲੇ ਪਿੰਡਾਂ ਦਾ ਸ਼ੈਡਿਊਲ ਮੰਗਿਆ ਗਿਆ ਹੈ, ਤਾਂ ਜੋ ਉਨ੍ਹਾਂ ਪਿੰਡਾਂ ਦੇ ਸਰਪੰਚਾਂ ਨੂੰ ਡਰੋਨ ਮੈਪਿੰਗ ਕਰਨ ਤੋਂ ਪਹਿਲਾਂ ਸੂਚਿਤ ਕੀਤਾ ਜਾ ਸਕੇ।