ਪੈਰਾਡਾਈਜ਼ ਇੰਟਰਨੈਸ਼ਨਲ ’ਚ ਬਾਲ ਦਿਵਸ ਮਨਾਇਆ

ਪੈਰਾਡਾਈਜ਼ ਇੰਟਰਨੈਸ਼ਨਲ ’ਚ ਬਾਲ ਦਿਵਸ ਮਨਾਇਆ

ਪਾਤੜਾਂ : ਦਿ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ, ਘੱਗਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ •ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਸ਼ਬਦ ਨਾਲ ਹੋਈ। ਇਸ ਸਮਾਗਮ ਵਿੱਚ ਬੱਚਿਆਂ ਨੇ ਸ਼ਬਦ, ਭਾਸ਼ਣ, ਕਵਿਤਾਵਾਂ ਅਤੇ ਮੂਲ ਮੰਤਰ ਦੇ ਉਚਾਰਨ ਰਾਹੀਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਿੱਖ ਇਤਿਹਾਸ, ਵਿਰਸੇ ਅਤੇ ਕੇਸ ਅਤੇ ਦਸਤਾਰ ਦੇ ਮਹੱਤਵ ਨੂੰ ਦਰਸਾਉਂਦਾ ਨਾਟਕ ਸਾਰਿਆਂ ਨੇ ਸਰਾਹਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਨੇ ਸ਼ਰਧਾਂਜਲੀ ਭੇਟ ਕਰਦਿਆਂ ਦੱਸਿਆ ਕਿ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਸਾਨੂੰ ਸਬਰ ਸਿਦਕ ਅਤੇ ਹੱਕ ਸੱਚ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਸਾਹਿਬਜ਼ਾਦਿਆਂ ਨੇ ਸੱਚ ਦੇ ਮਾਰਗ ’ਤੇ ਚੱਲਦਿਆ ਧਰਮ ਤੇ ਮਨੁੱਖਤਾ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਅਤੇ ਛੋਟੇ ਸਾਹਿਬਜ਼ਾਦਿਆਂ ਨੇ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਹੋਣ ਦਾ ਖਿਤਾਬ ਹਾਸਲ ਕੀਤਾ ਹੈ। ਇਸ ਮੌਕੇ ਸਕੂਲ ਚੇਅਰਮੈਨ ਡਾ. ਅੰਮ੍ਰਿਤਪਾਲ ਸਿੰਘ ਕਾਲੇਕਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਸਮਾਗਮ ਵਿੱਚ ਦਸਤਾਰ ਸਜਾਉਣ ਦੇ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।