ਸੰਗਰੂਰ ਵਿੱਚ ਭਾਜਪਾ ਦੇ ਜ਼ਿਲ੍ਹਾ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ, ਪੁਲੀਸ ਜਾਂਚ ਵਿੱਚ ਜੁਟੀ
ਸੰਗਰੂਰ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਜ਼ਿਲ੍ਹਾ ਦਫ਼ਤਰ ਨੂੰ ਪੈਟਰੋਲ ਬੰਬ ਨਾਲ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਸ਼ਨੀਵਾਰ ਅੱਧੀ ਰਾਤ ਤੋਂ ਬਾਅਦ ਕਰੀਬ ਦੋ ਵਜੇ ਵਾਪਰੀ ਦੱਸੀ ਜਾ ਰਹੀ ਹੈ। ਹਮਲੇ ਦੇ ਸਮੇਂ ਦਫ਼ਤਰ ਦੇ ਅੰਦਰ ਕੋਈ ਵੀ ਮੌਜੂਦ ਨਹੀਂ ਸੀ। ਐਤਵਾਰ ਸਵੇਰੇ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਪੁਲੀਸ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਐੱਸ.ਪੀ. (ਡੀ) ਦਵਿੰਦਰ ਅਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲੀਸ ਨੂੰ ਸਵੇਰੇ ਇਸ ਘਟਨਾ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਤੁਰੰਤ ਟੀਮਾਂ ਮੌਕੇ 'ਤੇ ਭੇਜੀਆਂ ਗਈਆਂ। ਉਨ੍ਹਾਂ ਕਿਹਾ ਕਿ ਬੀਅਰ ਦੀ ਬੋਤਲ ਵਿੱਚ ਪੈਟਰੋਲ ਭਰ ਕੇ ਦਫ਼ਤਰ ਦੀ ਬਾਹਰੀ ਕੰਧ ਵੱਲ ਸੁੱਟਿਆ ਗਿਆ, ਜਿੱਥੇ ਅੱਗ ਲੱਗਣ ਦੇ ਨਿਸ਼ਾਨ ਮਿਲੇ ਹਨ। ਮੁੱਢਲੀ ਜਾਣਕਾਰੀ ਅਨੁਸਾਰ ਇਹ ਘਟਨਾ ਰਾਤ ਕਰੀਬ ਦੋ ਤੋਂ ਢਾਈ ਵਜੇ ਦਰਮਿਆਨ ਵਾਪਰੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਪੁਲੀਸ ਦੀਆਂ ਵੱਖ-ਵੱਖ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਕੇਸ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੁਲੀਸ ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇਗਾ। ਇਸ ਦੌਰਾਨ ਭਾਜਪਾ ਆਗੂ ਰਣਦੀਪ ਸਿੰਘ ਦਿਓਲ ਨੇ ਦੱਸਿਆ ਕਿ ਸਵੇਰੇ ਜਦੋਂ ਇੱਕ ਵਰਕਰ ਨੇ ਦਫ਼ਤਰ ਦਾ ਤਾਲਾ ਖੋਲ੍ਹਿਆ ਤਾਂ ਘਟਨਾ ਦਾ ਪਤਾ ਲੱਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਪੈਟਰੋਲ ਬੰਬ ਸੁੱਟ ਕੇ ਦਫ਼ਤਰ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਇਮਾਰਤ ਦੇ ਉੱਪਰਲੇ ਹਿੱਸੇ ਤੱਕ ਧੂੰਏਂ ਦੇ ਨਿਸ਼ਾਨ ਦਿਖਾਈ ਦੇ ਰਹੇ ਹਨ। ਰਣਦੀਪ ਸਿੰਘ ਦਿਓਲ ਨੇ ਇਸ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਿਸੇ ਸਿਆਸੀ ਪਾਰਟੀ ਦੇ ਜ਼ਿਲ੍ਹਾ ਦਫ਼ਤਰ 'ਤੇ ਹਮਲਾ ਹੋਣਾ ਕਾਨੂੰਨ-ਵਿਵਸਥਾ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਭਾਜਪਾ ਦੇ ਚੰਡੀਗੜ੍ਹ ਦਫ਼ਤਰ ਅਤੇ ਪੁਲੀਸ ਥਾਣਿਆਂ 'ਤੇ ਵੀ ਹਮਲੇ ਹੋ ਚੁੱਕੇ ਹਨ। ਭਾਜਪਾ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਕਪਿਆਲ ਨੇ ਕਿਹਾ ਕਿ ਇਸ ਘਟਨਾ ਦੀ ਜਾਣਕਾਰੀ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਦੇ ਦਿੱਤੀ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਅਤੇ ਆਮ ਲੋਕਾਂ, ਪੁਲੀਸ ਥਾਣਿਆਂ ਅਤੇ ਸਿਆਸੀ ਪਾਰਟੀਆਂ ਦੇ ਦਫ਼ਤਰਾਂ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ।
Posted By: Daily Suraj Bureau