ਅੰਮ੍ਰਿਤਸਰ ਵਿੱਚ ਪੁਲਿਸ ਦੀ ਵੱਡੀ ਕਾਰਵਾਈ, ਮੁਕਾਬਲੇ ਦੌਰਾਨ ਗੈਂਗਸਟਰ ਹਰਮਨ ਜ਼ਖ਼ਮੀ

ਅੰਮ੍ਰਿਤਸਰ ਵਿੱਚ ਪੁਲਿਸ ਦੀ ਵੱਡੀ ਕਾਰਵਾਈ, ਮੁਕਾਬਲੇ ਦੌਰਾਨ ਗੈਂਗਸਟਰ ਹਰਮਨ ਜ਼ਖ਼ਮੀ

ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਮੱਤੇਵਾਲ ਥਾਣੇ ਦੀ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਗੈਂਗਸਟਰ ਹਰਮਨ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ। ਜਾਣਕਾਰੀ ਮੁਤਾਬਕ ਮੱਤੇਵਾਲ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੈਂਗਸਟਰ ਹਰਮਨ ਇਲਾਕੇ ਵਿੱਚ ਮੌਜੂਦ ਹੈ। ਇਸ ਸੂਚਨਾ ਦੇ ਆਧਾਰ ’ਤੇ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ। ਪੁਲਿਸ ਨੇ ਜਦੋਂ ਹਰਮਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਕਥਿਤ ਤੌਰ ’ਤੇ ਪੁਲਿਸ ’ਤੇ ਗੋਲੀਬਾਰੀ ਕਰ ਦਿੱਤੀ। ਇਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਹਰਮਨ ਦੀ ਲੱਤ ਵਿੱਚ ਗੋਲੀ ਲੱਗੀ। ਜ਼ਖ਼ਮੀ ਹੋਣ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਮੁਤਾਬਕ ਹਰਮਨ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਹਾਲ ਹੀ ਵਿੱਚ ਬੋਪਾ ਰਾਏ ਅੱਡੇ ’ਤੇ ਇੱਕ ਨੌਜਵਾਨ ’ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਵੀ ਉਸ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਗੁਰਦਾਸਪੁਰ ਵਿੱਚ ਹੋਏ ਕਥਿਤ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਵੀ ਪੁਲਿਸ ਵੱਲੋਂ ਹਰਮਨ ਦੀ ਭਾਲ ਕੀਤੀ ਜਾ ਰਹੀ ਸੀ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕਈ ਮਾਮਲੇ ਦਰਜ ਹਨ। ਪੁਲਿਸ ਮੁਤਾਬਕ ਇਲਾਜ ਤੋਂ ਬਾਅਦ ਹਰਮਨ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਉਸ ਕੋਲੋਂ ਹੋਰ ਮਾਮਲਿਆਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।