ਜੰਡਿਆਲਾ ਗੁਰੂ ਹਲਕੇ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼: 4 ਕਰੋੜ ਨਾਲ ਗਲੀਆਂ ਤੇ ਸੜਕਾਂ ਦੇ ਕੰਮ ਸ਼ੁਰੂ
(ਆਰ.ਕੇ. ਸੋਨੀ) – ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲਦੀ ਦਿੱਖ ਰਹੀ ਹੈ। ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪਿੰਡ ਕੋਹਾਟਵਿੰਡ ਹਿੰਦੂਆਂ ਵਿੱਚ 4 ਕਰੋੜ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਗਲੀਆਂ ਅਤੇ ਨਵੀਆਂ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਮੰਤਰੀ ਨੇ ਦੱਸਿਆ ਕਿ ਇਹ ਪ੍ਰੋਜੈਕਟ ਸਪੈਸ਼ਲ ਅਸਿਸਟੈਂਸ ਸਕੀਮ ਫੇਸ-1 ਅਧੀਨ 5054 ਫੰਡਾਂ ਰਾਹੀਂ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਣ ਰਹੀਆਂ ਸੜਕਾਂ ਦੀ ਕੁੱਲ ਲੰਬਾਈ 10.59 ਕਿਲੋਮੀਟਰ ਹੋਵੇਗੀ ਅਤੇ ਇਸ ਕੰਮ ਨੂੰ 12 ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੱਖ-ਵੱਖ ਸੜਕਾਂ ਨੂੰ 400.01 ਲੱਖ ਰੁਪਏ ਦੀ ਲਾਗਤ ਨਾਲ ਅਪਗਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਸਾਲ ਦੇ ਅੰਦਰ ਸਾਰੀਆਂ ਸੰਪਰਕ ਸੜਕਾਂ ਨੂੰ ਅਧੁਨਿਕ ਬਣਾਇਆ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਨਵੀਆਂ ਸੜਕਾਂ ਅਤੇ ਗਲੀਆਂ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਸੜਕੀ ਹਾਦਸਿਆਂ ਵਿੱਚ ਵੀ ਕਮੀ ਆਵੇਗੀ। ਮੰਤਰੀ ਨੇ ਸੰਬੰਧਤ ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਪੂਰਾ ਕਰਨ ਲਈ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਇਸ ਸਾਲ ਨੂੰ “ਵਿਕਾਸ ਵਰ੍ਹਾ” ਵਜੋਂ ਮਨਾਇਆ ਜਾ ਰਿਹਾ ਹੈ ਅਤੇ ਰਾਜ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਜਾਰੀ ਹਨ।
Posted By: Daily Suraj Bureau