ਪੰਜਾਬ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ, ਕੇਵਲ ਸਿੰਘ ਢਿੱਲੋਂ ਨੇ ਅਹੁਦਾ ਸੰਭਾਲਿਆ

ਪੰਜਾਬ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ, ਕੇਵਲ ਸਿੰਘ ਢਿੱਲੋਂ ਨੇ ਅਹੁਦਾ ਸੰਭਾਲਿਆ

ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਚੰਡੀਗੜ੍ਹ ਦੇ ਸੈਕਟਰ-37 ਸਥਿਤ ਸੂਬਾਈ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂਆਂ ਅਤੇ ਸਿਆਸੀ ਸ਼ਖਸੀਅਤਾਂ ਦੀ ਮੌਜੂਦਗੀ ਨੇ ਸਮਾਗਮ ਨੂੰ ਵਿਸ਼ੇਸ਼ ਮਹੱਤਵ ਦਿੱਤਾ। ਅਹੁਦਾ ਸੰਭਾਲਣ ਦੇ ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਰਾਜਸਭਾ ਮੈਂਬਰ ਸਤਨਾਮ ਸਿੰਘ ਸੰਧੂ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਸ਼ਾਮਲ ਹੋਏ। ਕੇਵਲ ਸਿੰਘ ਢਿੱਲੋਂ ਨੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਨੇ ਪਾਰਟੀ ਕਾਰਕੁਨਾਂ ਅਤੇ ਆਗੂਆਂ ਦਾ ਧੰਨਵਾਦ ਕਰਦਿਆਂ ਭਾਜਪਾ ਨੂੰ ਪੰਜਾਬ ਵਿੱਚ ਹੋਰ ਮਜ਼ਬੂਤ ਕਰਨ ਲਈ ਵਚਨਬੱਧਤਾ ਪ੍ਰਗਟਾਈ। ਨਵੇਂ ਪ੍ਰਧਾਨ ਨੇ ਕਿਹਾ ਕਿ ਭਾਜਪਾ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦੀ ਜਾਣਕਾਰੀ ਪਹੁੰਚਾਉਣਾ ਹੈ। ਕੇਵਲ ਸਿੰਘ ਢਿੱਲੋਂ ਨੇ ਇਹ ਵੀ ਕਿਹਾ ਕਿ ਭਾਜਪਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਅੱਗੇ ਰਹੇਗੀ ਅਤੇ ਸੂਬੇ ਦੇ ਮੁੱਦਿਆਂ ਨੂੰ ਪੂਰੀ ਗੰਭੀਰਤਾ ਨਾਲ ਉਠਾਇਆ ਜਾਵੇਗਾ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪਾਰਟੀ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਆਪਣਾ ਜਨ ਆਧਾਰ ਹੋਰ ਮਜ਼ਬੂਤ ਕਰੇਗੀ।