ਰਾਜਨਾਥ ਵੱਲੋਂ CDS ਤੇ ਤਿੰਨੋਂ ਸੈਨਾਵਾਂ ਦੇ ਮੁਖੀਆਂ ਨਾਲ ਸੁਰੱਖਿਆ ਹਾਲਾਤ ਦੀ ਸਮੀਖਿਆ
- ਰਾਸ਼ਟਰੀ
- 09 May,2025

ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਵੱਲੋਂ ਭਾਰਤ ਦੇ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਨਾਕਾਮ ਕੋਸ਼ਿਸ ਤੋਂ ਇਕ ਦਿਨ ਮਗਰੋਂ ਅੱਜ ਸਿਖਰਲੇ ਫੌਜੀ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਦੇਸ਼ ਦੇ ਸੁਰੱਖਿਆ ਹਾਲਾਤ ਦੀ ਵਿਆਪਕ ਸਮੀਖਿਆ ਕੀਤੀ। ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਮੌਜੂਦਾ ਸੁਰੱਖਿਆ ਹਾਲਾਤ ਦੇ ਹਰੇਕ ਪਹਿਲੂ ’ਤੇ ਵਿਚਾਰ ਚਰਚਾ ਕੀਤੀ ਗਈ।
ਮੀਟਿੰਗ ਵਿਚ ਚੀਫ਼ ਆਫ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ, ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ, ਏਅਰ ਚੀਫ਼ ਮਾਰਸ਼ਲ ਏਪੀ ਸਿੰਘ ਤੇ ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਕੇ.ਤ੍ਰਿਪਾਠੀ ਮੌਜੂਦ ਸਨ।
ਕਾਬਿਲੇਗੌਰ ਹੈ ਕਿ ਭਾਰਤ ਨੇ ਵੀਰਵਾਰ ਰਾਤੀਂ ਪਾਕਿਸਤਾਨੀ ਫੌਜ ਵੱਲੋਂ ਜੰਮੂ, ਪਠਾਨਕੋਟ, ਊਧਮਪੁਰ ਅਤੇ ਕੁਝ ਹੋਰ ਥਾਵਾਂ ’ਤੇ ਫੌਜੀ ਸਟੇਸ਼ਨਾਂ ਨੂੰ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਪਾਕਿਸਤਾਨੀ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਮਗਰੋਂ ਰੱਖਿਆ ਮੰਤਰਾਲੇ ਨੇ ਕਿਹਾ ਕਿ ਭਾਰਤ ‘ਆਪਣੀ ਪ੍ਰਭੂਸੱਤਾ ਦੀ ਰੱਖਿਆ ਕਰਨ ਅਤੇ ਆਪਣੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।’
ਭਾਰਤੀ ਫੌਜੀ ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨੀ ਡਰੋਨ ਅਤੇ ਮਿਜ਼ਾਈਲਾਂ ਨੂੰ ਭਾਰਤੀ ਹਥਿਆਰਬੰਦ ਬਲਾਂ ਨੇ ਪ੍ਰਭਾਵਸ਼ਾਲੀ ਢੰਗ ਬੇਅਸਰ ਕੀਤਾ ਅਤੇ ਦੁਸ਼ਮਣ ਦੀਆਂ ਨਾਪਾਕ ਕੋਸ਼ਿਸ਼ਾਂ ਨੂੰ ਨਾਕਾਮ ਬਣਾ ਦਿੱਤਾ।
ਇਸ ਤੋਂ ਪਹਿਲਾਂ ਪਾਕਿਸਤਾਨ ਨੇ ਬੁੱਧਵਾਰ ਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਭਾਰਤ ਦੇ ਉੱਤਰੀ ਅਤੇ ਪੱਛਮੀ ਹਿੱਸਿਆਂ ਦੇ 15 ਸ਼ਹਿਰਾਂ ਵਿੱਚ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਨੂੰ ਭਾਰਤ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ। ਜਿਨ੍ਹਾਂ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਉਨ੍ਹਾਂ ਵਿਚ ਅਵੰਤੀਪੁਰਾ, ਸ੍ਰੀਨਗਰ, ਜੰਮੂ, ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਆਦਮਪੁਰ, ਬਠਿੰਡਾ, ਚੰਡੀਗੜ੍ਹ, ਨਲ, ਫਲੋਦੀ, ਉਤਰਲਾਈ ਅਤੇ ਭੁਜ ਸ਼ਾਮਲ ਸਨ।
#RajnathSingh #CDS #IndianArmy #SecurityReview #Defense #IndianMilitary #NationalSecurity #ArmyChief #IndianDefense #MilitaryStrategy
Posted By:

Leave a Reply