ਲੁਧਿਆਣਾ 'ਚ ਸਿਆਸੀ ਹੰਗਾਮਾ: CM ਭਗਵੰਤ ਮਾਨ ਦੇ ਕਾਫ਼ਲੇ ਅੱਗੇ ਪ੍ਰਦਰਸ਼ਨ ਤੋਂ ਬਾਅਦ ਕੇਂਦਰੀ ਮੰਤਰੀ ਰਵਨੀਤ ਬਿੱਟੂ ਹਿਰਾਸਤ 'ਚ
- ਪੰਜਾਬ
- (Asia/Kolkata)
ਲੁਧਿਆਣਾ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦੇ ਬਾਹਰ ਉਸ ਸਮੇਂ ਭਾਰੀ ਸਿਆਸੀ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਆਪਣੇ ਸਮਰਥਕਾਂ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ਲੇ ਦਾ ਵਿਰੋਧ ਕੀਤਾ। ਮੁੱਖ ਮੰਤਰੀ PAU ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਸ਼ਿਰਕਤ ਕਰਨ ਪਹੁੰਚੇ ਸਨ। ਇਸ ਪ੍ਰਦਰਸ਼ਨ ਦੌਰਾਨ ਕੁਝ ਭਾਜਪਾ ਕਾਰਕੁੰਨਾਂ ਵੱਲੋਂ ਮੁੱਖ ਮੰਤਰੀ ਦੇ ਕਾਫ਼ਲੇ ਵੱਲ ਆਂਡੇ ਅਤੇ ਟਮਾਟਰ ਵੀ ਸੁੱਟੇ ਗਏ, ਜਿਸ ਤੋਂ ਬਾਅਦ ਪੰਜਾਬ ਪੁਲੀਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਰਵਨੀਤ ਸਿੰਘ ਬਿੱਟੂ ਸਮੇਤ ਕਈ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਘਟਨਾ ਬਾਰੇ ਗੱਲ ਕਰਦਿਆਂ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਬੀਤੇ ਦਿਨੀਂ ਬਟਾਲਾ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨੇ ਉਨ੍ਹਾਂ ਦੀ ਗੱਡੀ ’ਤੇ ਟਮਾਟਰ ਅਤੇ ਆਂਡੇ ਸੁੱਟੇ ਸਨ, ਅਤੇ ਉਹ ਅੱਜ ਉਹੀ ‘ਭਾਜੀ’ ਮੋੜਨ ਆਏ ਹਨ। ਜ਼ਿਕਰਯੋਗ ਹੈ ਕਿ ਜਦੋਂ ਬਿੱਟੂ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸ਼ਾਮਲ ਹੋਣ ਲਈ ਪਠਾਨਕੋਟ ਜਾ ਰਹੇ ਸਨ, ਤਾਂ ਬਟਾਲਾ ਨੇੜੇ ‘ਆਪ’ ਵਰਕਰਾਂ ਵੱਲੋਂ ਉਨ੍ਹਾਂ ਦੇ ਕਾਫ਼ਲੇ ਦਾ ਵਿਰੋਧ ਕੀਤਾ ਗਿਆ ਸੀ ਅਤੇ ਵਾਹਨਾਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਵੀ ਲੱਗੇ ਸਨ। ਮੁੱਖ ਮੰਤਰੀ ਦੇ ਦੌਰੇ ਦੌਰਾਨ ਹੋਏ ਇਸ ਵਿਰੋਧ ਪ੍ਰਦਰਸ਼ਨ ਵੇਲੇ ਭਾਜਪਾ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੌਕੇ 'ਤੇ ਮਾਹੌਲ ਤਣਾਅਪੂਰਨ ਹੁੰਦਾ ਦੇਖ ਕੇ ਪੁਲੀਸ ਪ੍ਰਸ਼ਾਸਨ ਨੇ ਮੁਸਤੈਦੀ ਦਿਖਾਉਂਦਿਆਂ ਸਥਿਤੀ ਨੂੰ ਕਾਬੂ 'ਚ ਕੀਤਾ ਅਤੇ ਰਵਨੀਤ ਸਿੰਘ ਬਿੱਟੂ ਤੇ ਹੋਰ ਪ੍ਰਦਰਸ਼ਨਕਾਰੀ ਭਾਜਪਾ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਇਲਾਕੇ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ।
Leave a Reply