ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸਥਾਨਕ ਸਰਕਾਰਾਂ ਚੋਣਾਂ ਦਾ ਸ਼ਡਿਊਲ ਜਾਰੀ, ਸਬੰਧਤ ਖੇਤਰਾਂ ਵਿੱਚ ਚੋਣ ਜ਼ਾਬਤਾ ਲਾਗੂ
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਦੀਆਂ ਤਿੰਨ ਪ੍ਰਮੁੱਖ ਸਥਾਨਕ ਸਰਕਾਰਾਂ ਸੰਸਥਾਵਾਂ ਲਈ ਚੋਣ ਪ੍ਰੋਗਰਾਮ ਦਾ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਸ਼ਡਿਊਲ ਮੁਤਾਬਕ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ, ਬਾਘਾ ਪੁਰਾਣਾ ਨਗਰ ਕੌਂਸਲ ਦੇ 15 ਵਾਰਡਾਂ ਅਤੇ ਧਰਮਕੋਟ ਨਗਰ ਕੌਂਸਲ ਦੇ 7 ਵਾਰਡਾਂ ਵਿੱਚ 28 ਨਵੰਬਰ 2026 ਨੂੰ ਵੋਟਾਂ ਪਾਈਆਂ ਜਾਣਗੀਆਂ। ਚੋਣਾਂ ਦੇ ਐਲਾਨ ਦੇ ਨਾਲ ਹੀ ਇਨ੍ਹਾਂ ਸਮੂਹ ਖੇਤਰਾਂ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਵੇਰਵਿਆਂ ਅਨੁਸਾਰ, ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 13 ਨਵੰਬਰ 2026 ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਸ਼ੁਰੂ ਹੋਵੇਗੀ। ਇਸ ਤੋਂ ਬਾਅਦ 14 ਤੋਂ 16 ਨਵੰਬਰ ਤੱਕ ਛੁੱਟੀ ਰਹੇਗੀ, ਜਦਕਿ 17 ਤੋਂ 19 ਨਵੰਬਰ ਤੱਕ ਮੁੜ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਨਾਮਜ਼ਦਗੀਆਂ ਭਰੀਆਂ ਜਾ ਸਕਣਗੀਆਂ। ਦਾਖ਼ਲ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 20 ਨਵੰਬਰ 2026 ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਕੀਤੀ ਜਾਵੇਗੀ ਅਤੇ 21 ਨਵੰਬਰ ਨੂੰ ਦੁਪਹਿਰ 3:00 ਵਜੇ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ।ਵੋਟਿੰਗ ਵਾਲੇ ਦਿਨ ਯਾਨੀ 28 ਨਵੰਬਰ 2026 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ। ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਵੋਟਾਂ ਦੀ ਗਿਣਤੀ ਸਬੰਧੀ ਲੋੜੀਂਦੀਆਂ ਹਦਾਇਤਾਂ ਬਾਅਦ ਵਿੱਚ ਵੱਖਰੇ ਤੌਰ 'ਤੇ ਜਾਰੀ ਕੀਤੀਆਂ ਜਾਣਗੀਆਂ। ਸਮੁੱਚੀ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੋਟਿੰਗ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVM) ਰਾਹੀਂ ਕਰਵਾਈ ਜਾਵੇਗੀ। ਵੋਟਰਾਂ ਅਤੇ ਪੋਲਿੰਗ ਬੂਥਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਮਿਸ਼ਨ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ ਕੁੱਲ 1,76,429 ਰਜਿਸਟਰਡ ਵੋਟਰ ਆਪਣੇ ਮਤਅਧਿਕਾਰ ਦੀ ਵਰਤੋਂ ਕਰਨਗੇ। ਇਨ੍ਹਾਂ ਵਿੱਚ 91,415 ਪੁਰਸ਼, 84,999 ਮਹਿਲਾ ਅਤੇ 15 ਹੋਰ ਵੋਟਰ ਸ਼ਾਮਲ ਹਨ। ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪਟਿਆਲਾ ਵਿੱਚ 123, ਬਾਘਾ ਪੁਰਾਣਾ ਵਿੱਚ 20 ਅਤੇ ਧਰਮਕੋਟ ਵਿੱਚ 7 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ।ਇਸ ਤੋਂ ਇਲਾਵਾ, ਚੋਣ ਕਮਿਸ਼ਨ ਨੇ ਉਮੀਦਵਾਰਾਂ ਲਈ ਚੋਣ ਖ਼ਰਚੇ ਦੀ ਹੱਦ ਅਤੇ ਦਸਤਾਵੇਜ਼ਾਂ ਬਾਰੇ ਵੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਨਗਰ ਨਿਗਮ (ਮਿਉਂਸਪਲ ਕਾਰਪੋਰੇਸ਼ਨ) ਦੇ ਉਮੀਦਵਾਰਾਂ ਲਈ ਖ਼ਰਚੇ ਦੀ ਵੱਧ ਤੋਂ ਵੱਧ ਹੱਦ 4,00,000 ਰੁਪਏ ਅਤੇ ਕਲਾਸ-II ਨਗਰ ਕੌਂਸਲਾਂ (ਮਿਉਂਸਪਲ ਕੌਂਸਲਾਂ) ਲਈ 2,30,000 ਰੁਪਏ ਨਿਰਧਾਰਤ ਕੀਤੀ ਗਈ ਹੈ। ਹਰੇਕ ਉਮੀਦਵਾਰ ਲਈ ਆਪਣੇ ਨਾਮਜ਼ਦਗੀ ਪੱਤਰ ਨਾਲ ਨਿਰਧਾਰਤ ਹਲਫ਼ਨਾਮਾ (Affidavit) ਨੱਥੀ ਕਰਨਾ ਲਾਜ਼ਮੀ ਹੋਵੇਗਾ, ਜਦਕਿ ਕਿਸੇ ਸਿਆਸੀ ਪਾਰਟੀ ਵੱਲੋਂ ਚੋਣ ਲੜਨ ਵਾਲੇ ਉਮੀਦਵਾਰ ਨੂੰ ਸਬੰਧਤ ਪਾਰਟੀ ਦਾ ਅਧਿਕਾਰ ਪੱਤਰ (Authorization letter) ਜਮ੍ਹਾਂ ਕਰਵਾਉਣਾ ਜ਼ਰੂਰੀ ਹੋਵੇਗਾ।