ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਹਲਕਾ ਦਿੜ੍ਹਬਾ ਦੇ ਆਗੂਆਂ ਨੇ ਕੀਤਾ ਵਿਚਾਰ-ਵਟਾਂਦਰਾ

ਨਸ਼ਾ ਮੁਕਤ ਪੰਜਾਬ ਯਾਤਰਾ ਨੂੰ ਲੈ ਕੇ ਹਲਕਾ ਦਿੜ੍ਹਬਾ ਦੇ ਆਗੂਆਂ ਨੇ ਕੀਤਾ ਵਿਚਾਰ-ਵਟਾਂਦਰਾ

ਰੈਲੀ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਉਣ ਸਬੰਧੀ ਬਣਾਈ ਰਣਨੀਤੀਸੰਗਰੂਰ, (ਜਗਸੀਰ ਸਿੰਘ)- ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਲੈ ਕੇ ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਯਾਤਰਾ ਨੂੰ ਲੈ ਕੇ ਹਲਕੇ ਵਿੱਚ ਕੀਤੀਆਂ ਜਾਣ ਵਾਲੀਆਂ ਤਿਆਰੀਆਂ, ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।
 

ਇਸ ਮੌਕੇ ਬੀਜੇਪੀ ਦੇ ਸੀਨੀਅਰ ਆਗੂ ਜਗਪਾਲ ਮਿੱਤਲ ਅਤੇ ਭਾਜਪਾ ਦੇ ਹਲਕਾ ਦਿੜਬਾ ਤੋਂ ਸੀਨੀਅਰ ਆਗੂ ਬਾਬਾ ਪਰਮਜੀਤ ਸਿੰਘ ਬਡਰੁੱਖਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਸਿਰਫ਼ ਸਰਕਾਰ ਜਾਂ ਕਿਸੇ ਇੱਕ ਸੰਸਥਾ ਦੇ ਯਤਨਾਂ ਦੀ ਬਜਾਏ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।
 

ਵਿਚਾਰ-ਵਟਾਂਦਰੇ ਦੌਰਾਨ ਹਲਕਾ ਦਿੜ੍ਹਬਾ ਵਿੱਚ ਯਾਤਰਾ ਦੇ ਪਹੁੰਚਣ ਮੌਕੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ, ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਨੌਜਵਾਨੀ ਕਿਸੇ ਵੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਹੀ ਪੰਜਾਬ ਦੇ ਭਵਿੱਖ ਨੂੰ ਮਜ਼ਬੂਤ ਬਣਾਇਆ ਜਾ ਸਕਦਾ ਹੈ।
 

ਭਾਜਪਾ ਵੱਲੋਂ ਸ਼ੁਰੂ ਕੀਤੀ ਗਈ ਇਹ 13 ਦਿਨਾਂ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ 18 ਸਤੰਬਰ ਤੋਂ 30 ਸਤੰਬਰ ਤੱਕ ਚੱਲ ਰਹੀ ਹੈ। ਪਾਰਟੀ ਵੱਲੋਂ ਚਾਰ ਵੱਖ-ਵੱਖ ਯਾਤਰਾਵਾਂ ਰਾਹੀਂ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੱਕ ਪਹੁੰਚਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਅਤੇ ਯਾਤਰਾ ਦੌਰਾਨ ਕਰੀਬ 4,000 ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਜਾਣਾ ਹੈ। ਇਸ ਮੁਹਿੰਮ ਦਾ ਸਮਾਪਤੀ ਸਮਾਗਮ 30 ਸਤੰਬਰ ਨੂੰ ਜਲੰਧਰ ਵਿਖੇ ਹੋਣਾ ਹੈ। ਬੀਜੇਪੀ ਵੱਲੋਂ ਯਾਤਰਾ ਨੂੰ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਅਤੇ ਇਸ ਮੁੱਦੇ ਨੂੰ ਲੋਕ ਲਹਿਰ ਦਾ ਰੂਪ ਦੇਣ ਦੀ ਮੁਹਿੰਮ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹਲਕਾ ਦਿੜ੍ਹਬਾ ਦੇ ਆਗੂਆਂ ਵੱਲੋਂ ਵੀ ਯਾਤਰਾ ਸਬੰਧੀ ਤਿਆਰੀਆਂ ਅਤੇ ਲੋਕਾਂ ਦੀ ਭਾਗੀਦਾਰੀ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਸਮੇਂ ਗੁਰਸੇਵਕ ਸਿੰਘ ਕਮਾਲਪੁਰ, ਨੌਜਵਾਨ ਬੀਜੇਪੀ ਆਗੂ ਸਤਨਾਮ ਸਿੰਘ, ਸਾਬਕਾ ਸਰਪੰਚ ਹਰਦੀਪ ਸਿੰਘ ਸਿੰਧੜਾ ਸਮੇਤ ਹੋਰ ਅਹੁਦੇਦਾਰ ਤੇ ਬੀਜੇਪੀ ਵਰਕਰ ਹਾਜ਼ਰ ਸਨ।