ਸਤਯੇਂਦਰ ਜੈਨ ਦੀ ਮੁੜ ਗ੍ਰਿਫ਼ਤਾਰੀ ’ਤੇ ‘ਆਪ’ ਦਾ ਹਮਲਾ, ਕੇਜਰੀਵਾਲ ਬੋਲੇ—ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ

ਸਤਯੇਂਦਰ ਜੈਨ ਦੀ ਮੁੜ ਗ੍ਰਿਫ਼ਤਾਰੀ ’ਤੇ ‘ਆਪ’ ਦਾ ਹਮਲਾ, ਕੇਜਰੀਵਾਲ ਬੋਲੇ—ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਸਹਿ-ਇੰਚਾਰਜ ਅਤੇ ਸਾਬਕਾ ਜਲ ਮੰਤਰੀ ਸਤਯੇਂਦਰ ਜੈਨ ਦੀ ਮੁੜ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ ’ਤੇ ਤਿੱਖਾ ਹਮਲਾ ਕੀਤਾ ਹੈ। ਪਾਰਟੀ ਆਗੂਆਂ ਨੇ ਇਸ ਕਾਰਵਾਈ ਨੂੰ ਕਥਿਤ ਤੌਰ ’ਤੇ ਸਿਆਸੀ ਬਦਲੇ ਦੀ ਕਾਰਵਾਈ ਦੱਸਦਿਆਂ ਇਸ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਨਾਲ ਜੋੜਿਆ ਹੈ। ‘ਆਪ’ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਕਿ ਸਤਯੇਂਦਰ ਜੈਨ ਨੂੰ ਮੁੜ ਝੂਠੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੈਨ ਖ਼ਿਲਾਫ਼ ਪਿਛਲਾ ਮਾਮਲਾ ਵੀ ਝੂਠਾ ਸੀ ਅਤੇ ਮੌਜੂਦਾ ਮਾਮਲਾ ਵੀ ਝੂਠਾ ਸਾਬਤ ਹੋਵੇਗਾ। ਕੇਜਰੀਵਾਲ ਨੇ ਸਵਾਲ ਕੀਤਾ ਕਿ ਭਾਜਪਾ ਦੀ ਇਹ ਕਥਿਤ ਤਾਨਾਸ਼ਾਹੀ ਆਖ਼ਰ ਕਦੋਂ ਤੱਕ ਜਾਰੀ ਰਹੇਗੀ। ਕੇਜਰੀਵਾਲ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਵੀ ਸਤਯੇਂਦਰ ਜੈਨ ਨੂੰ ਜੇਲ੍ਹ ਵਿੱਚ ਰੱਖਿਆ ਗਿਆ ਸੀ ਅਤੇ ਉਸ ਦੌਰਾਨ ਉਨ੍ਹਾਂ ਨਾਲ ਹੋਏ ਕਥਿਤ ਮਾਨਸਿਕ ਪ੍ਰਤਾਡਨਾ ਦੀ ਭਰਪਾਈ ਕੌਣ ਕਰੇਗਾ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਅਤੇ ਦੇਸ਼ ਦੀ ਜਨਤਾ ਸਤਯੇਂਦਰ ਜੈਨ ਦੇ ਨਾਲ ਖੜ੍ਹੀ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਚੋਣਾਂ ਤੋਂ ਠੀਕ ਪਹਿਲਾਂ ਸਤਯੇਂਦਰ ਜੈਨ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੈਨ ਨੂੰ ਪਹਿਲਾਂ ਵੀ ਢਾਈ ਸਾਲ ਤੱਕ ਇੱਕ ਝੂਠੇ ਮਾਮਲੇ ਵਿੱਚ ਜੇਲ੍ਹ ਵਿੱਚ ਰੱਖਿਆ ਗਿਆ ਅਤੇ ਹੁਣ ਮੁੜ ਇੱਕ ਹੋਰ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ। ਸਿਸੋਦੀਆ ਨੇ ਕਿਹਾ ਕਿ ਭਾਜਪਾ ਹੁਣ ਈਡੀ, ਏਸੀਬੀ ਅਤੇ ਸੀਬੀਆਈ ਦੇ ਪੁਰਾਣੇ ਚੋਣ ਹਥਕੰਡਿਆਂ ’ਤੇ ਵਾਪਸ ਆ ਗਈ ਹੈ। ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਦੋਸ਼ ਲਾਇਆ ਕਿ ਭਾਜਪਾ ਸਰਕਾਰ ਦੀ ਨੀਤੀ ਵਿਰੋਧੀ ਸਰਕਾਰਾਂ ਨੂੰ ਕੰਮ ਕਰਨ ਤੋਂ ਰੋਕਣ ਅਤੇ ਉਨ੍ਹਾਂ ’ਤੇ ਦਬਾਅ ਬਣਾਉਣ ਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਚੋਣਾਂ ਤੋਂ ਪਹਿਲਾਂ ਵੀ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸਤਯੇਂਦਰ ਜੈਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਪੰਜਾਬ ਚੋਣਾਂ ਤੋਂ ਪਹਿਲਾਂ ਵੀ ਅਜਿਹਾ ਹੀ ਕੀਤਾ ਜਾ ਰਿਹਾ ਹੈ। ਸੰਜੇ ਸਿੰਘ ਨੇ ਕਿਹਾ ਕਿ ਪਹਿਲਾਂ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਹੁਣ ਪੰਜਾਬ ਦੇ ਸਹਿ-ਇੰਚਾਰਜ ਸਤਯੇਂਦਰ ਜੈਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਕਾਰਵਾਈਆਂ ਪੰਜਾਬ ਦੀਆਂ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਹਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਿੱਖਿਆ, ਮੁਫ਼ਤ ਬਿਜਲੀ, ਔਰਤਾਂ ਲਈ 1000-1500 ਰੁਪਏ ਦੀ ਸਕੀਮ, ਬਜ਼ੁਰਗਾਂ ਲਈ ਤੀਰਥ ਯਾਤਰਾ ਅਤੇ 10 ਲੱਖ ਰੁਪਏ ਤੱਕ ਦੇ ਮੈਡੀਕਲ ਇੰਸ਼ੋਰੈਂਸ ਸਮੇਤ ਕੀਤੇ ਗਏ ਕੰਮਾਂ ਦਾ ਵੀ ਜ਼ਿਕਰ ਕੀਤਾ। ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਸਤਯੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਭਾਜਪਾ ਦੀ ਕਥਿਤ ਸਿਆਸੀ ਬਦਲੇ ਦੀ ਕਾਰਵਾਈ ਦੀ ਇੱਕ ਹੋਰ ਮਿਸਾਲ ਦੱਸਿਆ। ਉਨ੍ਹਾਂ ਕਿਹਾ ਕਿ ਜੈਨ ਨੂੰ ਪਹਿਲਾਂ ਵੀ ਇੱਕ ਕਥਿਤ ਝੂਠੇ ਮਾਮਲੇ ਵਿੱਚ ਜੇਲ੍ਹ ਭੇਜਿਆ ਗਿਆ ਸੀ ਅਤੇ ਹੁਣ ਮੁੜ ਉਹੀ ਸਥਿਤੀ ਬਣਾਈ ਜਾ ਰਹੀ ਹੈ। ਆਤਿਸ਼ੀ ਨੇ ਕਿਹਾ ਕਿ ਸੱਤਾ ਦੀ ਵਰਤੋਂ ਕਰਕੇ ਕਿਸੇ ਨੂੰ ਡਰਾਇਆ ਜਾ ਸਕਦਾ ਹੈ, ਪਰ ਸੱਚ ਨੂੰ ਹਮੇਸ਼ਾ ਲਈ ਦਬਾਇਆ ਨਹੀਂ ਜਾ ਸਕਦਾ। ਇਸੇ ਦੌਰਾਨ ‘ਆਪ’ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਸਤਯੇਂਦਰ ਜੈਨ ਦੀ ਗ੍ਰਿਫ਼ਤਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜਿਸ ਜਲ ਬੋਰਡ ਟੈਂਡਰ ਦਾ ਹਵਾਲਾ ਦਿੱਤਾ ਜਾ ਰਿਹਾ ਹੈ, ਉਹ ਅਕਤੂਬਰ 2022 ਵਿੱਚ ਹੋਇਆ ਸੀ, ਜਦਕਿ ਸਤਯੇਂਦਰ ਜੈਨ ਨੂੰ ਮਈ 2022 ਤੋਂ ਹੀ ਜੇਲ੍ਹ ਵਿੱਚ ਰੱਖਿਆ ਗਿਆ ਸੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਉਹ ਉਸ ਸਮੇਂ ਜੇਲ੍ਹ ਵਿੱਚ ਸਨ ਤਾਂ ਇਸ ਟੈਂਡਰ ਲਈ ਉਨ੍ਹਾਂ ਨੂੰ ਜ਼ਿੰਮੇਵਾਰ ਕਿਵੇਂ ਠਹਿਰਾਇਆ ਜਾ ਸਕਦਾ ਹੈ। ਅਨੁਰਾਗ ਢਾਂਡਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਕਾਰਨ ਸਤਯੇਂਦਰ ਜੈਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਸਿਆਸੀ ਤੌਰ ’ਤੇ ਮੁਕਾਬਲਾ ਨਹੀਂ ਕਰ ਸਕਦੀ, ਇਸ ਲਈ ਕਥਿਤ ਤੌਰ ’ਤੇ ਅਜਿਹੇ ਹਥਕੰਡੇ ਅਪਣਾਏ ਜਾ ਰਹੇ ਹਨ।