ਦਾਦੀ ਦੇ ਅੰਤਿਮ ਸਸਕਾਰ ’ਚ ਸ਼ਾਮਲ ਹੋਏ ਅੰਮ੍ਰਿਤਪਾਲ ਸਿੰਘ, 2027 ਦੀਆਂ ਚੋਣਾਂ ਤੋਂ ਪਹਿਲਾਂ ਸਿਆਸੀ ਚਰਚਾ ਤੇਜ਼

ਦਾਦੀ ਦੇ ਅੰਤਿਮ ਸਸਕਾਰ ’ਚ ਸ਼ਾਮਲ ਹੋਏ ਅੰਮ੍ਰਿਤਪਾਲ ਸਿੰਘ, 2027 ਦੀਆਂ ਚੋਣਾਂ ਤੋਂ ਪਹਿਲਾਂ ਸਿਆਸੀ ਚਰਚਾ ਤੇਜ਼

: ਗ੍ਰਿਫ਼ਤਾਰੀ ਤੋਂ ਸਾਢੇ ਤਿੰਨ ਸਾਲ ਤੋਂ ਵੱਧ ਸਮੇਂ ਬਾਅਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਸ਼ਨਿੱਚਰਵਾਰ ਨੂੰ ਤਿੰਨ ਘੰਟਿਆਂ ਦੀ ਪੈਰੋਲ ’ਤੇ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚੇ। ਉਹ ਆਪਣੀ 84 ਸਾਲਾ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੰਜਾਬ ਲਿਆਂਦੇ ਗਏ।
 

ਅੰਮ੍ਰਿਤਪਾਲ ਸਿੰਘ ਦੀ ਇਸ ਸੰਖੇਪ ਫੇਰੀ ਦੌਰਾਨ ਪਿੰਡ ਵਿੱਚ ਵੱਡੀ ਗਿਣਤੀ ਵਿੱਚ ਸਮਰਥਕ ਇਕੱਠੇ ਹੋਏ। ਉਨ੍ਹਾਂ ਦੀ ਇੱਕ ਝਲਕ ਪਾਉਣ ਲਈ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਸਮਰਥਕਾਂ ਨੇ ਉਨ੍ਹਾਂ ’ਤੇ ਫੁੱਲਾਂ ਦੀ ਵਰਖਾ ਕੀਤੀ ਅਤੇ ਹਾਰ ਪਾ ਕੇ ਸਵਾਗਤ ਕੀਤਾ।
 

ਦਾਦੀ ਦੇ ਅੰਤਿਮ ਸਸਕਾਰ ਮੌਕੇ ਚਿਖਾ ਕੋਲ ਖੜ੍ਹੇ ਹੋ ਕੇ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਦੀ ਤਸਵੀਰ ਸਾਹਮਣੇ ਰੱਖੀ ਅਤੇ ਉੱਥੇ ਮੌਜੂਦ ਲੋਕਾਂ ਦਾ ਹੱਥ ਜੋੜ ਕੇ ਸਵਾਗਤ ਕੀਤਾ। ਅਪਰੈਲ 2023 ਵਿੱਚ ਗ੍ਰਿਫ਼ਤਾਰੀ ਸਮੇਂ ਕਮਜ਼ੋਰ ਦਿਖਾਈ ਦੇਣ ਵਾਲੇ ਅੰਮ੍ਰਿਤਪਾਲ ਇਸ ਵਾਰ ਸਿਹਤਮੰਦ ਨਜ਼ਰ ਆਏ।
 

ਉਨ੍ਹਾਂ ਦੀ ਆਮਦ ਨੂੰ ਮਿਲੇ ਭਰਵੇਂ ਹੁੰਗਾਰੇ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਉਨ੍ਹਾਂ ਦੀ ਭੂਮਿਕਾ ਅਤੇ ਲੋਕਾਂ ਵਿੱਚ ਮੌਜੂਦ ਸਮਰਥਨ ਬਾਰੇ ਨਵੀਂ ਚਰਚਾ ਛੇੜ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪਹਿਲਾਂ ‘ਦਿ ਟ੍ਰਿਬਿਊਨ ਨਿਊਜ਼ਰੂਮ’ ਨਾਲ ਗੱਲਬਾਤ ਦੌਰਾਨ ਕਹਿ ਚੁੱਕੇ ਹਨ ਕਿ ਅੰਮ੍ਰਿਤਪਾਲ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਲੰਬੀ ਕੈਦ ਉਨ੍ਹਾਂ ਦੀ ਲੋਕਪ੍ਰਿਅਤਾ ਹੋਰ ਵਧਾ ਸਕਦੀ ਹੈ।
 

ਦੁਬਈ ਤੋਂ ਵਾਪਸੀ ਮਗਰੋਂ ‘ਵਾਰਿਸ ਪੰਜਾਬ ਦੇ’ ਦੀ ਕਮਾਨ ਸੰਭਾਲੀ
 

ਅੰਮ੍ਰਿਤਪਾਲ ਸਿੰਘ ਦਾ ਜਨਮ 17 ਜਨਵਰੀ 1993 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਹੋਇਆ ਸੀ। ਸਾਲ 2022 ਵਿੱਚ ਭਾਰਤ ਪਰਤਣ ਤੋਂ ਪਹਿਲਾਂ ਉਹ ਲਗਭਗ ਇੱਕ ਦਹਾਕੇ ਤੱਕ ਦੁਬਈ ਵਿੱਚ ਆਪਣੇ ਪਰਿਵਾਰ ਦੇ ਟਰਾਂਸਪੋਰਟ ਕਾਰੋਬਾਰ ਨਾਲ ਜੁੜੇ ਰਹੇ।
 

ਉਹ ਸਤੰਬਰ 2021 ਵਿੱਚ ਅਦਾਕਾਰ ਅਤੇ ਕਾਰਕੁਨ ਦੀਪ ਸਿੱਧੂ ਵੱਲੋਂ ਸਿੱਖ ਸਿਆਸੀ ਚੇਤਨਾ ਨੂੰ ਮੁੜ ਉਭਾਰਨ ਦੇ ਮਕਸਦ ਨਾਲ ਬਣਾਈ ਗਈ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦੀ ਅਗਵਾਈ ਸੰਭਾਲਣ ਤੋਂ ਬਾਅਦ ਚਰਚਾ ਵਿੱਚ ਆਏ। ਫਰਵਰੀ 2022 ਵਿੱਚ ਸੜਕ ਹਾਦਸੇ ਦੌਰਾਨ ਦੀਪ ਸਿੱਧੂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਸਤੰਬਰ 2022 ਵਿੱਚ ਅੰਮ੍ਰਿਤਪਾਲ ਸਿੰਘ ਨੂੰ ਜਥੇਬੰਦੀ ਦਾ ਮੁਖੀ ਬਣਾਇਆ ਗਿਆ।
 

ਉਨ੍ਹਾਂ ਨੇ ਨਸ਼ਿਆਂ ਵਿਰੁੱਧ ਮੁਹਿੰਮਾਂ ਚਲਾਉਣ, ਅੰਮ੍ਰਿਤ ਸੰਚਾਰ ਅਤੇ ਵੱਖਰੇ ਰਾਜ ਦੀ ਵਕਾਲਤ ਰਾਹੀਂ ਆਪਣੀ ਪਛਾਣ ਬਣਾਈ। ਉਨ੍ਹਾਂ ਦੇ ਸਮਰਥਕ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਮੰਨਦੇ ਹਨ, ਜਦਕਿ ਆਲੋਚਕ ਉਨ੍ਹਾਂ ਦੀ ਵੱਖਵਾਦੀ ਬਿਆਨਬਾਜ਼ੀ ਅਤੇ ਟਕਰਾਅ ਵਾਲੀ ਸਿਆਸਤ ’ਤੇ ਸਵਾਲ ਉਠਾਉਂਦੇ ਹਨ।
 

ਅਜਨਾਲਾ ਘਟਨਾ ਤੋਂ ਬਾਅਦ ਪੁਲੀਸ ਨੇ ਕੀਤਾ ਸੀ ਗ੍ਰਿਫ਼ਤਾਰ
 

ਅੰਮ੍ਰਿਤਪਾਲ ਸਿੰਘ 23 ਫਰਵਰੀ 2023 ਨੂੰ ਅਜਨਾਲਾ ਥਾਣੇ ਵਿੱਚ ਹੋਈ ਘਟਨਾ ਤੋਂ ਬਾਅਦ ਸੁਰਖੀਆਂ ਵਿੱਚ ਆਏ ਸਨ। ਉਸ ਦਿਨ ਉਹ ਆਪਣੇ ਸੈਂਕੜੇ ਹਥਿਆਰਬੰਦ ਸਮਰਥਕਾਂ ਨਾਲ ਥਾਣੇ ਪਹੁੰਚੇ ਅਤੇ ਆਪਣੇ ਸਾਥੀ ਲਵਪ੍ਰੀਤ ਸਿੰਘ ਉਰਫ਼ ਤੂਫ਼ਾਨ ਨੂੰ ਪੁਲੀਸ ਹਿਰਾਸਤ ਵਿੱਚੋਂ ਰਿਹਾਅ ਕਰਵਾਇਆ ਸੀ।
 

ਇਸ ਦੌਰਾਨ ਹੋਈ ਝੜਪ ਵਿੱਚ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਵਿਰੁੱਧ ਇਰਾਦਾ-ਏ-ਕਤਲ ਅਤੇ ਅਪਰਾਧਿਕ ਸਾਜ਼ਿਸ਼ ਸਮੇਤ ਕਈ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ।
 

18 ਮਾਰਚ 2023 ਨੂੰ ਪੰਜਾਬ ਪੁਲੀਸ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕੀਤੀ ਸੀ। ਇਸ ਦੌਰਾਨ ਉਹ ਜਲੰਧਰ ਜ਼ਿਲ੍ਹੇ ਵਿੱਚ ਵਾਹਨ ਬਦਲ ਕੇ ਫ਼ਰਾਰ ਹੋ ਗਏ ਅਤੇ 36 ਦਿਨਾਂ ਤੱਕ ਪੁਲੀਸ ਦੀ ਪਕੜ ਤੋਂ ਬਾਹਰ ਰਹੇ। ਆਖ਼ਰਕਾਰ 23 ਅਪਰੈਲ 2023 ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ’ਤੇ ਸਖ਼ਤ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਲਗਾ ਕੇ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ।
 

ਜੇਲ੍ਹ ਵਿੱਚ ਰਹਿੰਦਿਆਂ ਲੋਕ ਸਭਾ ਚੋਣ ਜਿੱਤੀ
 

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਉਨ੍ਹਾਂ ਨੂੰ 4,04,430 ਵੋਟਾਂ ਮਿਲੀਆਂ ਅਤੇ ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾਇਆ।
 

ਇਸ ਜਿੱਤ ਤੋਂ ਬਾਅਦ ਜਨਵਰੀ 2025 ਵਿੱਚ ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੌਰਾਨ ‘ਅਕਾਲੀ ਦਲ (ਵਾਰਿਸ ਪੰਜਾਬ ਦੇ)’ ਦੀ ਸਥਾਪਨਾ ਕੀਤੀ। ਇਸ ਪਾਰਟੀ ਦਾ ਮਕਸਦ ਪੰਥਕ ਸਿਆਸਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬਦਲ ਵਜੋਂ ਆਪਣੀ ਥਾਂ ਬਣਾਉਣਾ ਸੀ।
 

ਹਾਲਾਂਕਿ, ਨਵੀਂ ਪਾਰਟੀ ਨੂੰ ਸ਼ੁਰੂਆਤੀ ਦੌਰ ਵਿੱਚ ਹੀ ਕਈ ਜਥੇਬੰਦਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਨਵਰੀ 2025 ਵਿੱਚ ਚੋਣ ਕਮਿਸ਼ਨ ਕੋਲ ਰਜਿਸਟ੍ਰੇਸ਼ਨ ਲਈ ਦਿੱਤੀ ਗਈ ਅਰਜ਼ੀ ਅਜੇ ਵੀ ਲਟਕ ਰਹੀ ਹੈ। ਇਸ ਤੋਂ ਇਲਾਵਾ ਮਾਨਤਾ ਪ੍ਰਾਪਤ ਚੋਣ ਨਿਸ਼ਾਨ ਨਾ ਮਿਲਣਾ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਹਟਾਉਣ ਦੇ ਮੁੱਦੇ ’ਤੇ ਪਾਰਟੀ ਅੰਦਰ ਪੈਦਾ ਹੋਏ ਮਤਭੇਦਾਂ ਕਾਰਨ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਪ੍ਰਭਾਵਿਤ ਹੋ ਰਹੀਆਂ ਹਨ।
 

12 ਅਪਰਾਧਿਕ ਮਾਮਲੇ ਹਨ ਲੰਬਿਤ
 

ਅੰਮ੍ਰਿਤਪਾਲ ਸਿੰਘ ਵਿਰੁੱਧ ਅਜਨਾਲਾ ਥਾਣੇ ਦੀ ਘਟਨਾ, ਅਗਵਾ, ਫਿਰੌਤੀ, ਧਾਰਮਿਕ ਸਦਭਾਵਨਾ ਵਿਗਾੜਨ ਅਤੇ ਅਸਲਾ ਐਕਟ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ। ਉਨ੍ਹਾਂ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਸਮੇਂ ਦਾਖ਼ਲ ਕੀਤੇ ਗਏ ਹਲਫ਼ਨਾਮੇ ਅਨੁਸਾਰ ਉਨ੍ਹਾਂ ਖ਼ਿਲਾਫ਼ 12 ਕੇਸ ਲੰਬਿਤ ਸਨ।
 

ਭਾਵੇਂ ਇਸ ਸਾਲ ਅਪਰੈਲ ਵਿੱਚ ਉਨ੍ਹਾਂ ਦੀ ਐੱਨਐੱਸਏ ਤਹਿਤ ਹਿਰਾਸਤ ਦੀ ਮਿਆਦ ਖ਼ਤਮ ਹੋ ਗਈ ਸੀ, ਪਰ ਇਸ ਦੇ ਬਾਵਜੂਦ ਉਹ ਜੇਲ੍ਹ ਵਿੱਚ ਹੀ ਹਨ। ਪੰਜਾਬ ਸਰਕਾਰ ਨੇ ਅਮਨ-ਕਾਨੂੰਨ ਅਤੇ ਸੂਬੇ ਦੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਇੱਕ ਹੋਰ ਲੰਬਿਤ ਐੱਫਆਈਆਰ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਦਰਜ ਕਰਵਾਈ ਸੀ। ਇਸ ਕਾਰਨ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਿਆ ਗਿਆ ਹੈ।
 

ਅੰਮ੍ਰਿਤਪਾਲ ਸਿੰਘ ਦੀ ਤਿੰਨ ਘੰਟਿਆਂ ਦੀ ਇਹ ਪੈਰੋਲ ਯਾਤਰਾ ਸਿਰਫ਼ ਪਰਿਵਾਰਕ ਮੌਕੇ ਤੱਕ ਸੀਮਤ ਨਹੀਂ ਰਹੀ, ਸਗੋਂ ਇਸ ਨੇ ਪੰਜਾਬ ਦੀ ਸਿਆਸਤ ਵਿੱਚ ਉਨ੍ਹਾਂ ਦੀ ਮੌਜੂਦਾ ਪਕੜ, ਪਾਰਟੀ ਦੀਆਂ ਤਿਆਰੀਆਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੰਭਾਵਿਤ ਭੂਮਿਕਾ ਬਾਰੇ ਚਰਚਾ ਨੂੰ ਮੁੜ ਤੇਜ਼ ਕਰ ਦਿੱਤਾ ਹੈ।