ਐੱਸ ਯੂ ਐੱਸ ਕਾਲਜ ਮਹਿਲਾਂ ਵਿਖੇ ਓਜ਼ੋਨ ਦਿਵਸ ਮਨਾਇਆ
ਲੌਂਗੋਵਾਲ, (ਜਗਸੀਰ ਸਿੰਘ)- ਚੇਅਰਮੈਨ ਸ. ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਸ. ਕੌਰ ਸਿੰਘ ਦੁੱਲਟ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਮਹਿਲਾਂ ਚੌਂਕ ਵਿਖੇ ਵਾਤਾਵਰਨ ਦੀ ਸੁਰੱਖਿਆ ਅਤੇ ਓਜ਼ੋਨ ਪਰਤ ਦੀ ਮਹੱਤਤਾ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਓਜ਼ੋਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਜਾਗਰੂਕਤਾ ਭਰਪੂਰ ਗਤੀਵਿਧੀਆਂ ਵਿੱਚ ਭਾਗ ਲਿਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਦੇ ਭਾਸ਼ਣ, ਕੁਇਜ਼ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਭਾਸ਼ਣ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਓਜ਼ੋਨ ਪਰਤ ਦੀ ਮਹੱਤਤਾ, ਇਸ ਦੇ ਖ਼ਤਰੇ, ਵਾਤਾਵਰਨ ਵਿੱਚ ਵੱਧ ਰਹੇ ਪ੍ਰਦੂਸ਼ਣ ਅਤੇ ਓਜ਼ੋਨ ਪਰਤ ਦੀ ਸੁਰੱਖਿਆ ਲਈ ਮਨੁੱਖੀ ਜ਼ਿੰਮੇਵਾਰੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਰਾਹੀਂ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ। ਇਸੇ ਤਰ੍ਹਾਂ ਕਰਵਾਏ ਗਏ ਕੁਇਜ਼ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਵਾਤਾਵਰਨ, ਓਜ਼ੋਨ ਪਰਤ, ਗ੍ਰੀਨਹਾਊਸ ਗੈਸਾਂ ਅਤੇ ਜਲਵਾਯੂ ਤਬਦੀਲੀ ਨਾਲ ਸਬੰਧਤ ਪ੍ਰਸ਼ਨਾਂ ਦੇ ਉੱਤਰ ਦੇ ਕੇ ਆਪਣੇ ਗਿਆਨ ਦਾ ਪ੍ਰਦਰਸ਼ਨ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਰਚਨਾਤਮਕ ਢੰਗ ਨਾਲ ਓਜ਼ੋਨ ਪਰਤ ਦੀ ਸੁਰੱਖਿਆ ਅਤੇ ਵਾਤਾਵਰਨ ਸੰਭਾਲ ਨਾਲ ਸਬੰਧਤ ਸੰਦੇਸ਼ ਪੇਸ਼ ਕੀਤੇ। ਉਨ੍ਹਾਂ ਵੱਲੋਂ ਤਿਆਰ ਕੀਤੇ ਪੋਸਟਰਾਂ ਵਿੱਚ ‘ਵਾਤਾਵਰਨ ਬਚਾਓ’, ‘ਓਜ਼ੋਨ ਪਰਤ ਦੀ ਰੱਖਿਆ ਕਰੋ’ ਅਤੇ ਕੁਦਰਤ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਰਗੇ ਸੰਦੇਸ਼ ਉਭਰ ਕੇ ਸਾਹਮਣੇ ਆਏ। ਇਸ ਮੌਕੇ ਪ੍ਰਿੰਸੀਪਲ ਡਾ. ਕੁਲਵੰਤ ਕੌਰ ਅਤੇ ਈ.ਟੀ.ਟੀ ਪ੍ਰਿੰਸੀਪਲ ਡਾ. ਰਾਜਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਓਜ਼ੋਨ ਪਰਤ ਧਰਤੀ ਉੱਤੇ ਜੀਵਨ ਦੀ ਸੁਰੱਖਿਆ ਲਈ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਕੇਵਲ ਸਰਕਾਰ ਜਾਂ ਕਿਸੇ ਇੱਕ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਵਾਤਾਵਰਨ ਪੱਖੀ ਆਦਤਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ, ਪਲਾਸਟਿਕ ਦੀ ਵਰਤੋਂ ਘਟਾਉਣ, ਊਰਜਾ ਦੀ ਬੱਚਤ ਕਰਨ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਵਾਤਾਵਰਨ ਸਬੰਧੀ ਜਾਗਰੂਕਤਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਸਮਾਗਮ ਦੇ ਅੰਤ ਵਿੱਚ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਵਿਭਾਗੀ ਮੁਖੀ ਪ੍ਰੋ ਦਰਸ਼ਨ ਸਿੰਘ, ਪ੍ਰੋ ਸਰਬਜੀਤ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Posted By: Daily Suraj Bureau