ਸੀਬੀਆਈ ਜਾਂਚ ਜਾਰੀ ਰਹੇਗੀ ਪਰ ਗ੍ਰਿਫ਼ਤਾਰੀ ਜਾਂ ਸਖ਼ਤ ਕਾਰਵਾਈ ਤੋਂ ਸੁਰੱਖਿਆ ਮਿਲੀ, ਸੁਪਰੀਮ ਕੋਰਟ ਵੱਲੋਂ ਨੋਟਿਸ ਜਾਰੀ
ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. (OSD) ਰਾਜਬੀਰ ਸਿੰਘ ਘੁੰਮਣ ਨੂੰ ਸੁਪਰੀਮ ਕੋਰਟ ਵੱਲੋਂ ਸੋਮਵਾਰ ਨੂੰ ਇੱਕ ਵੱਡੀ ਰਾਹਤ ਦਿੱਤੀ ਗਈ ਹੈ। ਸਰਬਉੱਚ ਅਦਾਲਤ ਨੇ ਕੇਂਦਰੀ ਜਾਂਚ ਏਜੰਸੀ (CBI) ਨੂੰ ਸਪੱਸ਼ਟ ਤੌਰ ‘ਤੇ ਨਿਰਦੇਸ਼ ਦਿੱਤੇ ਹਨ ਕਿ ਉਹ ਮਾਮਲੇ ਵਿੱਚ ਅਗਲੇ ਹੁਕਮਾਂ ਤੱਕ ਕੋਈ ਵੀ ਜ਼ਬਰੀ ਜਾਂ ਸਖ਼ਤ ਕਾਰਵਾਈ (Coercive steps) ਨਹੀਂ ਕਰੇਗੀ। ਹਾਲਾਂਕਿ, ਅਦਾਲਤ ਨੇ ਕੇਸ ਦੀ ਐੱਫ.ਆਈ.ਆਰ. ਰੱਦ ਕਰਨ ਜਾਂ ਸੀਬੀਆਈ ਜਾਂਚ ‘ਤੇ ਪੂਰਨ ਰੋਕ ਲਗਾਉਣ ਦੀ ਪੰਜਾਬ ਸਰਕਾਰ ਦੀ ਮੰਗ ਨੂੰ ਠੁਕਰਾ ਦਿੱਤਾ ਹੈ। ਸੁਪਰੀਮ ਕੋਰਟ ਦੇ ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਪ੍ਰਸੰਨਾ ਬੀ. ਵਰਾਲ਼ੇ ਦੇ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਸਾਫ਼ ਕੀਤਾ ਹੈ ਕਿ ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਅਤੇ ਹੋਰਨਾਂ ਵਿਅਕਤੀਆਂ ਨੂੰ ਗ੍ਰਿਫ਼ਤਾਰੀ ਜਾਂ ਕਿਸੇ ਹੋਰ ਜ਼ਬਰੀ ਕਾਰਵਾਈ ਤੋਂ ਸੁਰੱਖਿਆ ਰਹੇਗੀ, ਪਰ ਉਨ੍ਹਾਂ ਨੂੰ ਜਾਂਚ ਪ੍ਰਕਿਰਿਆ ਵਿੱਚ ਪੂਰਾ ਸਹਿਯੋਗ ਦੇਣਾ ਪਵੇਗਾ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਜਾਰੀ ਕੀਤੇ ਸਨ, ਜਿਸ ਨੂੰ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਹਾਈ ਕੋਰਟ ਦੇ ਹੁਕਮਾਂ ਮਗਰੋਂ ਸੀਬੀਆਈ ਨੇ ਮਾਮਲਾ ਦਰਜ ਕਰਕੇ ਅਧਿਕਾਰੀਆਂ ਨੂੰ ਪੁੱਛਗਿੱਛ ਲਈ ਸਨਮਾਨ ਭੇਜੇ ਸਨ। ਸੁਪਰੀਮ ਕੋਰਟ ਦੇ ਤਾਜ਼ਾ ਹੁਕਮਾਂ ਨਾਲ ਜਾਂਚ ਜਾਰੀ ਰਹਿਣ ਦੇ ਬਾਵਜੂਦ ਸਬੰਧਤ ਅਧਿਕਾਰੀਆਂ ਨੂੰ ਵੱਡੀ ਰਾਹਤ ਮਿਲ ਗਈ ਹੈ।