ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਦਾਦੀ ਮਾਤਾ ਚਰਨ ਕੌਰ ਨੂੰ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਹਜ਼ਾਰਾਂ ਲੋਕਾਂ ਦਾ ਜਨ ਸੈਲਾਬ
ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲੋਂ ਆਪਣੀ ਦਾਦੀ ਮਾਤਾ ਚਰਨ ਕੌਰ ਨੂੰ ਮੁੱਖ ਅਗਨੀ ਦੇ ਕੇ ਅੰਤਿਮ ਵਿਦਾਈ ਦਿੱਤੀ ਗਈ। ਅੰਤਿਮ ਸੰਸਕਾਰ ਮੌਕੇ ਪੁੱਜੀ ਸੰਗਤ ਨੇ ਬਾਪੂ ਤਰਸੇਮ ਸਿੰਘ, ਮਾਤਾ ਬਲਵਿੰਦਰ ਕੌਰ, ਚਾਚਾ ਹਰਜੀਤ ਸਿੰਘ, ਚਾਚਾ ਸੁਖਚੈਨ ਸਿੰਘ, ਚਾਚਾ ਪ੍ਰਗਟ ਸਿੰਘ ਸੰਧੂ ਅਤੇ ਸੁਖਮਨਜੀਤ ਸਿੰਘ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਉਮੜਿਆ ਜਨ ਸੈਲਾਬ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣਿਆ ਰਿਹਾ। ਦੁੱਖ ਦੀ ਇਸ ਘੜੀ ਵਿੱਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਅਤੇ ਪਰਿਵਾਰ ਨਾਲ ਖੜ੍ਹਦਿਆਂ ਮਾਤਾ ਚਰਨ ਕੌਰ ਪ੍ਰਤੀ ਆਪਣਾ ਸਤਿਕਾਰ ਤੇ ਪਿਆਰ ਪ੍ਰਗਟਾਇਆ। ਇਸ ਮੌਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਵਾਲੀ ਸਮੁੱਚੀ ਸੰਗਤ ਅਤੇ ਦੁੱਖ ਦੀ ਘੜੀ ਵਿੱਚ ਪਰਿਵਾਰ ਦਾ ਸਾਥ ਦੇਣ ਵਾਲੇ ਹਰ ਵਿਅਕਤੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਪਰ ਪੰਜਾਬ ਭਰ ਤੋਂ ਪੁੱਜੇ ਲੋਕਾਂ ਵੱਲੋਂ ਪ੍ਰਗਟਾਈ ਗਈ ਇਕਜੁੱਟਤਾ ਪੰਜਾਬ ਦੀ ਸਾਂਝੀਵਾਲਤਾ, ਰਿਸ਼ਤਿਆਂ ਦੀ ਗੂੜ੍ਹੀ ਸਾਂਝ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਜਿਊਂਦੀ ਮਿਸਾਲ ਹੈ। ਵਿਧਾਇਕ ਇਯਾਲੀ ਨੇ ਕਿਹਾ ਕਿ ਦਾਦੀ ਅਤੇ ਪੋਤੇ ਦਾ ਰਿਸ਼ਤਾ ਬੇਹੱਦ ਗੂੜ੍ਹਾ ਅਤੇ ਮੋਹ ਭਰਿਆ ਹੁੰਦਾ ਹੈ, ਇਸ ਲਈ ਮਨੁੱਖੀ ਭਾਵਨਾਵਾਂ ਅਤੇ ਪਰਿਵਾਰਕ ਰਿਸ਼ਤਿਆਂ ਦਾ ਸਤਿਕਾਰ ਕਿਸੇ ਵੀ ਸਿਆਸੀ ਅਤੇ ਪ੍ਰਸ਼ਾਸਨਿਕ ਸੋਚ ਤੋਂ ਉੱਪਰ ਹੋਣਾ ਚਾਹੀਦਾ ਹੈ। ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਪੈਰੋਲ ਦੇਣ ਦੇ ਮੁੱਦੇ 'ਤੇ ਬੋਲਦਿਆਂ ਸਰਦਾਰ ਇਯਾਲੀ ਨੇ ਕਿਹਾ ਕਿ ਪੈਰੋਲ ਦੇਣ ਨਾਲ ਦੇਸ਼ ਨੂੰ ਕੋਈ ਖ਼ਤਰਾ ਨਹੀਂ, ਸਗੋਂ ਸਿਆਸੀ ਪਾਰਟੀਆਂ ਨੂੰ ਆਪਣੀ ਸਿਆਸੀ ਜ਼ਮੀਨ ਖਿਸਕਣ ਦਾ ਖ਼ਤਰਾ ਮਹਿਸੂਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਆਪਣੇ ਪਰਿਵਾਰ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋਣ ਦਾ ਮੌਕਾ ਦੇਣਾ ਮਨੁੱਖੀ ਅਤੇ ਸੰਵੇਦਨਸ਼ੀਲ ਪਹੁੰਚ ਦਾ ਹਿੱਸਾ ਹੋਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ 'ਤੇ ਪੈਰੋਲ ਸਮੇਂ ਸਖ਼ਤ ਸ਼ਰਤਾਂ ਲਗਾ ਕੇ ਤੰਗ ਦਿਲੀ ਦਿਖਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪਰਿਵਾਰਕ ਮੈਂਬਰ ਦੇ ਅਕਾਲ ਚਲਾਣੇ 'ਤੇ ਸਰਕਾਰ ਨੂੰ ਮਨੁੱਖਤਾ ਪ੍ਰਤੀ ਉਦਾਰਵਾਦੀ ਹੋਣ ਦਾ ਸਬੂਤ ਦੇਣਾ ਚਾਹੀਦਾ ਸੀ। ਇਯਾਲੀ ਅਨੁਸਾਰ, ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਝਲਕ ਪਾਉਣ ਲਈ ਸਾਰੇ ਧਰਮਾਂ ਅਤੇ ਵਰਗਾਂ ਤੋਂ ਆਈ ਸੰਗਤ ਦੇ ਹਜ਼ਾਰਾਂ ਦੀ ਗਿਣਤੀ ਵਿੱਚ ਹੋਏ ਬੇਮਿਸਾਲ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੇ ਰੂਪ ਵਿੱਚ ਆਪਣਾ ਲੀਡਰ ਚੁਣ ਲਿਆ ਹੈ। ਅੰਤ ਵਿੱਚ ਬਾਪੂ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਈ ਸੰਗਤ ਦਾ ਮੁੜ ਧੰਨਵਾਦ ਕੀਤਾ। ਅੱਜ ਅੰਤਿਮ ਸੰਸਕਾਰ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ, ਭਾਈ ਸੁਖਵਿੰਦਰ ਸਿੰਘ ਅਗਵਾਨ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸਰਦਾਰ ਮਨਦੀਪ ਸਿੰਘ ਸਿੱਧੂ ਸਮੇਤ ਪਾਰਟੀ ਦੇ ਤਮਾਮ ਅਹੁਦੇਦਾਰ, ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਹਾਜ਼ਰ ਰਹੇ।