Daily Suraj

ਪੰਜਾਬੀ

ਪਰਵਿੰਦਰ ਝੋਟਾ ਕਤਲ ਕਾਂਡ: ਮਾਨਸਾ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੇ ਘਰ ਚੱਲਿਆ ਬੁਲਡੋਜ਼ਰ

14 Oct, 2026 10:45 AM

ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟਾ ਦੇ ਚਰਚਿਤ ਕਤਲ ਕਾਂਡ ਵਿੱਚ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ ਲੈਂਦਿਆਂ ਬੁਲਡੋਜ਼ਰ ਕਾਰਵਾਈ ਆਰੰਭ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੇ ਮੁੱਖ ਮੁਲਜ਼ਮ ਅਤੇ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਦੇ ਘਰ ’ਤੇ ਜੇ.ਸੀ.ਬੀ./ਬੁਲਡੋਜ਼ਰ ਚਲਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸਥਿਤੀ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਮੌਕੇ ’ਤੇ ਭਾਰੀ ਪੁਲੀਸ ਫ਼ੋਰਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਪਹਿਲਾਂ, ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੇ ਮਾਮਲੇ ਵਿੱਚ ਮੰਗਲਵਾਰ ਦੇਰ ਰਾਤ ਪੁਲੀਸ ਨੂੰ ਵੱਡੀ ਸਫ਼ਲਤਾ ਮਿਲੀ ਸੀ, ਜਿਸ ਤਹਿਤ ਮੁੱਖ ਮੁਲਜ਼ਮ ਨੂੰ ਰਾਜਸਥਾਨ ਤੋਂ ਕਾਬੂ ਕਰ ਲਿਆ ਗਿਆ ਸੀ। ਹਾਲਾਂਕਿ ਮਾਨਸਾ ਪੁਲੀਸ ਵੱਲੋਂ ਇਸ ਦੀ ਅਧਿਕਾਰਤ ਪੁਸ਼ਟੀ ਅਜੇ ਨਹੀਂ ਕੀਤੀ ਗਈ, ਪਰ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨੂੰ, ਜਿਸ ਉੱਤੇ ਪਰਵਿੰਦਰ ਸਿੰਘ ਝੋਟੇ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦਾ ਦੋਸ਼ ਹੈ, ਮਾਨਸਾ ਪੁਲੀਸ ਵੱਲੋਂ ਹਿਰਾਸਤ ਵਿੱਚ ਲਿਆ ਜਾ ਚੁੱਕਾ ਹੈ। ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਮਾਨਸਾ ਵਿਖੇ ਇੱਕ ਕੈਮਿਸਟ ਦੀ ਦੁਕਾਨ ’ਤੇ ਨਸ਼ਿਆਂ ਨੂੰ ਲੈ ਕੇ ਹੋਏ ਤਿੱਖੇ ਵਿਵਾਦ ਦੌਰਾਨ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਹੈ। ਦੂਜੇ ਪਾਸੇ, ਮਾਨਸਾ ਵਿੱਚ ਮ੍ਰਿਤਕ ਆਗੂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ-ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਸੰਘਰਸ਼ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪ੍ਰਸ਼ਾਸਨ ਅੱਗੇ ਆਪਣੀਆਂ ਮੰਗਾਂ ਮਜ਼ਬੂਤੀ ਨਾਲ ਰੱਖਣ ਲਈ ਪ੍ਰਦਰਸ਼ਨਕਾਰੀਆਂ ਵੱਲੋਂ ਇੱਕ ਵਿਸ਼ੇਸ਼ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ, ਜੋ ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੀ ਹੈ।

Latest News