ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਤੇਜ਼, ਪਰਿਵਾਰ ਵੱਲੋਂ ਪ੍ਰੈਸ ਕਾਨਫਰੰਸ
- ਪੰਜਾਬ
- (Asia/Kolkata)
ਪੰਜਾਬ ਵੇਅਰਹਾਊਸ ਦੇ ਅਧਿਕਾਰੀ ਗਗਨਦੀਪ ਸਿੰਘ ਦੀ ਖੁਦਕੁਸ਼ੀ ਤੋਂ ਬਾਅਦ ਮਾਮਲਾ ਗੰਭੀਰ ਹੋ ਗਿਆ ਹੈ। ਮ੍ਰਿਤਕ ਦੇ ਪਰਿਵਾਰ ਨੇ ਪ੍ਰੈਸ ਕਾਨਫਰੰਸ ਕਰਕੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਮ੍ਰਿਤਕ ਦੀ ਪਤਨੀ ਉਪੇਂਦਰ ਕੌਰ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲੀਸ 24 ਘੰਟਿਆਂ ਦੇ ਅੰਦਰ ਕਾਰਵਾਈ ਨਹੀਂ ਕਰਦੀ ਤਾਂ ਉਹ ਆਪਣੇ ਬੱਚਿਆਂ ਸਮੇਤ ਸੜਕਾਂ ‘ਤੇ ਬੈਠਣ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਪਰਿਵਾਰ ਕੋਲ ਹੁਣ ਹੋਰ ਕੋਈ ਵਿਕਲਪ ਨਹੀਂ ਬਚਿਆ। ਮ੍ਰਿਤਕ ਦੀ ਧੀ ਸੀਰਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਨੂੰ ਲਗਾਤਾਰ ਤੰਗ ਕੀਤਾ ਜਾ ਰਿਹਾ ਸੀ ਅਤੇ ਉਹ ਸਾਰੇ ਡੂੰਘੇ ਸਦਮੇ ਵਿੱਚ ਹਨ। ਇਸਦੇ ਨਾਲ ਹੀ ਗਗਨਦੀਪ ਦੀ ਮਾਤਾ ਨੇ ਦੋਸ਼ ਲਾਇਆ ਕਿ ਉਨ੍ਹਾਂ ਦਾ ਪੁੱਤਰ ਮੰਤਰੀ ਵੱਲੋਂ ਪਾਏ ਜਾ ਰਹੇ ਦਬਾਅ ਕਾਰਨ ਬਹੁਤ ਪਰੇਸ਼ਾਨ ਸੀ, ਜਿਸ ਨਾਲ ਉਹ ਮਾਨਸਿਕ ਤੌਰ ‘ਤੇ ਤੰਗ ਰਹਿਣ ਲੱਗ ਪਿਆ ਸੀ। ਪਰਿਵਾਰ ਨੇ ਕਿਹਾ ਕਿ ਇਹ ਗੈਰ-ਜ਼ਮਾਨਤੀ ਅਪਰਾਧ ਹੈ ਅਤੇ ਦੋਸ਼ੀ ਨੂੰ ਜ਼ਮਾਨਤ ਨਹੀਂ ਮਿਲਣੀ ਚਾਹੀਦੀ। ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਉਨ੍ਹਾਂ ਕੋਲ ਕਾਲ ਰਿਕਾਰਡ ਨਹੀਂ ਹਨ, ਪਰ ਫੋਰੈਂਸਿਕ ਜਾਂਚ ਨਾਲ ਸੱਚਾਈ ਸਾਹਮਣੇ ਆ ਸਕਦੀ ਹੈ। ਇਸ ਦੌਰਾਨ ਗਗਨਦੀਪ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਉਹ ਆਪਣੇ ਘਰ ਦੇ ਵਰਾਂਡੇ ਵਿੱਚ ਪਰੇਸ਼ਾਨੀ ਦੀ ਹਾਲਤ ਵਿੱਚ ਘੁੰਮਦੇ ਹੋਏ ਦਿਖਾਈ ਦੇ ਰਹੇ ਹਨ ਅਤੇ ਬਾਅਦ ਵਿੱਚ ਕੋਈ ਜਹਿਰੀਲੀ ਵਸਤੂ ਖਾਂਦੇ ਨਜ਼ਰ ਆਉਂਦੇ ਹਨ। ਘਟਨਾ ਤੋਂ ਤੀਜੇ ਦਿਨ ਤੱਕ ਵੀ ਮ੍ਰਿਤਕ ਦਾ ਪੋਸਟਮਾਰਟਮ ਨਹੀਂ ਕੀਤਾ ਗਿਆ। ਪਰਿਵਾਰ ਇਸ ਗੱਲ ‘ਤੇ ਡਟਿਆ ਹੋਇਆ ਹੈ ਕਿ ਇਸ ਮਾਮਲੇ ਵਿੱਚ ਨਾਮਜ਼ਦ ਸਾਰੇ ਵਿਅਕਤੀਆਂ, ਸਮੇਤ ਸਾਬਕਾ ਮੰਤਰੀ, ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਦੋਸ਼ਾਂ ਹੇਠ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸੁਨੀਲ ਜਾਖੜ ਨੇ ਵੀਡੀਓ ਸੰਦੇਸ਼ ਰਾਹੀਂ ਕਿਹਾ ਕਿ ਭਾਜਪਾ ਪੀੜਤ ਪਰਿਵਾਰ ਨੂੰ ਨਿਆਂ ਮਿਲਣ ਤੱਕ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਦਾਅਵਾ ਕੀਤਾ ਕਿ ਲਾਲਜੀਤ ਸਿੰਘ ਭੁੱਲਰ ਦਾ ਅਸਤੀਫਾ ਦੋ ਦਿਨ ਬਾਅਦ ਗਵਰਨਰ ਹਾਊਸ ਭੇਜਿਆ ਗਿਆ, ਜਿਸ ਨਾਲ ਸਰਕਾਰ ਵੱਲੋਂ ਆਪਣੇ ਆਗੂ ਨੂੰ ਬਚਾਉਣ ਦੀ ਕੋਸ਼ਿਸ਼ ਦਾ ਸੰਕੇਤ ਮਿਲਦਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਭਾਜਪਾ ਵੱਲੋਂ ਇਸ ਮਾਮਲੇ ਨੂੰ ਲੈ ਕੇ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ‘ਤੇ ਧਰਨੇ ਦਿੱਤੇ ਜਾਣਗੇ ਅਤੇ ਉਹ ਖੁਦ ਸ਼ਾਮ ਨੂੰ ਅੰਮ੍ਰਿਤਸਰ ਪਹੁੰਚ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨਗੇ, ਤਾਂ ਜੋ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਨੂੰ ਹੌਸਲਾ ਦਿੱਤਾ ਜਾ ਸਕੇ।
Leave a Reply