ਬੱਚਿਆਂ ਲਈ ਸਾਫ਼-ਸੁਥਰਾ ਅਤੇ ਸੁਰੱਖਿਅਤ ਮਾਹੌਲ ਬਣਾਉਣ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ
ਮੁੱਖ ਮੰਤਰੀ Bhagwant Singh Mann ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਆਂਗਣਵਾੜੀ ਸੈਂਟਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਇਸ ਦੇ ਤਹਿਤ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਫ਼ਾਈ ਅਤੇ ਸਵੱਛਤਾ ਦੀਆਂ ਸੁਵਿਧਾਵਾਂ ਨੂੰ ਸੁਧਾਰਨ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ Dr. Baljit Kaur ਨੇ ਦੱਸਿਆ ਕਿ ਪੇਂਡੂ ਖੇਤਰਾਂ ਦੇ 2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਨਵੇਂ ਟਾਇਲਟ ਬਣਾਏ ਜਾਣਗੇ। ਇਸ ਯੋਜਨਾ ’ਤੇ ਲਗਭਗ 7.78 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਹਰ ਇੱਕ ਟਾਇਲਟ ਦੇ ਨਿਰਮਾਣ ’ਤੇ ਕਰੀਬ 36 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਟਾਇਲਟਾਂ ਦੇ ਨਿਰਮਾਣ ਲਈ ਜਲਦੀ ਹੀ ਜ਼ਿਲ੍ਹਿਆਂ ਨੂੰ ਫੰਡ ਜਾਰੀ ਕਰ ਦਿੱਤੇ ਜਾਣਗੇ ਤਾਂ ਜੋ ਨਿਰਮਾਣ ਕਾਰਜ ਸਮੇਂ ਸਿਰ ਸ਼ੁਰੂ ਕੀਤਾ ਜਾ ਸਕੇ। ਇਹ ਟਾਇਲਟ ਬੱਚਿਆਂ ਦੀ ਸਿਹਤ, ਸੁਰੱਖਿਆ ਅਤੇ ਸਫ਼ਾਈ ਨੂੰ ਧਿਆਨ ਵਿੱਚ ਰੱਖ ਕੇ ਬਣਾਏ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਆਂਗਣਵਾੜੀ ਸੈਂਟਰ ਛੋਟੇ ਬੱਚਿਆਂ ਦੀ ਦੇਖਭਾਲ ਅਤੇ ਸ਼ੁਰੂਆਤੀ ਸਿੱਖਿਆ ਦਾ ਪਹਿਲਾ ਪੜਾਅ ਹੁੰਦੇ ਹਨ। ਇਸ ਲਈ ਬੱਚਿਆਂ ਲਈ ਸੁਰੱਖਿਅਤ, ਸਾਫ਼-ਸੁਥਰਾ ਅਤੇ ਸਿਹਤਮੰਦ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਟਾਇਲਟਾਂ ਦੀਆਂ ਬਿਹਤਰ ਸੁਵਿਧਾਵਾਂ ਨਾਲ ਨਾ ਸਿਰਫ਼ ਬੱਚਿਆਂ ਦੀ ਸਿਹਤ ਦੀ ਰੱਖਿਆ ਹੋਵੇਗੀ, ਸਗੋਂ ਮਾਪਿਆਂ ਦਾ ਭਰੋਸਾ ਵੀ ਆਂਗਣਵਾੜੀ ਸੈਂਟਰਾਂ ’ਤੇ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਹੋਰ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਇਹ ਟਾਇਲਟ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਰਾਹੀਂ ਬਣਾਏ ਜਾਣਗੇ ਅਤੇ ਇਸ ਕੰਮ ਨੂੰ ਤਰਜੀਹ ਦੇ ਆਧਾਰ ’ਤੇ ਜਲਦੀ ਪੂਰਾ ਕੀਤਾ ਜਾਵੇਗਾ।
Posted By: Daily Suraj Bureau