ਭਾਜਪਾ ਵਿੱਚ ਸ਼ਾਮਲ ਹੋਣ ‘ਤੇ ‘ਆਪ’ ਦਾ ਗੁੱਸਾ, ਬਾਗੀ ਸੰਸਦ ਮੈਂਬਰਾਂ ਖ਼ਿਲਾਫ਼ ਰੋਸ
ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਵੱਲੋਂ ਸ਼ਨਿੱਚਰਵਾਰ ਨੂੰ ਜਲੰਧਰ ਵਿੱਚ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ ਰਿਹਾਇਸ਼ ਅਤੇ ਸੰਸਦ ਮੈਂਬਰ ਅਸ਼ੋਕ ਮਿੱਤਲ ਦੀ ਮਲਕੀਅਤ ਵਾਲੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਉਸ ਵੇਲੇ ਹੋਇਆ ਜਦੋਂ ਦੋਵੇਂ ਆਗੂ ਇੱਕ ਦਿਨ ਪਹਿਲਾਂ ਪੰਜ ਹੋਰ ਸੰਸਦ ਮੈਂਬਰਾਂ ਦੇ ਨਾਲ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਜਲੰਧਰ ਦੇ ਛੋਟੀ ਬਾਰਾਦਰੀ ਇਲਾਕੇ ਵਿੱਚ ਸਥਿਤ ਹਰਭਜਨ ਸਿੰਘ ਦੇ ਘਰ ਦੇ ਬਾਹਰ ਕੀਤੇ ਗਏ ਇਸ ਪ੍ਰਦਰਸ਼ਨ ਦੀ ਅਗਵਾਈ ਮੇਅਰ ਵਿਨੀਤ ਧੀਰ ਅਤੇ ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੋਵਾਂ ਆਗੂਆਂ ਦੇ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਅਤੇ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ, ਜਿਨ੍ਹਾਂ ‘ਤੇ ਉਨ੍ਹਾਂ ਨੂੰ ‘ਗੱਦਾਰ’ ਕਰਾਰ ਦਿੱਤਾ ਗਿਆ। ਗੁੱਸੇ ਵਿੱਚ ਆਏ ਕੁਝ ਵਰਕਰਾਂ ਨੇ ਹਰਭਜਨ ਸਿੰਘ ਦੀ ਰਿਹਾਇਸ਼ ਦੇ ਬਾਹਰ ਕੰਧਾਂ ‘ਤੇ ‘ਗੱਦਾਰ’ ਸ਼ਬਦ ਵੀ ਲਿਖ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ “ਭੱਜੀ ਬੀਜੇਪੀ ‘ਚ ਭੱਜ ਗਿਆ” ਵਰਗੇ ਨਾਅਰੇ ਵੀ ਲਗਾਏ ਗਏ। ਵਰਕਰਾਂ ਨੇ ਦੋਸ਼ ਲਾਇਆ ਕਿ ਜਿਨ੍ਹਾਂ ਨੇ ਪਾਰਟੀ ਨਾਲ ਧੋਖਾ ਕੀਤਾ ਹੈ, ਉਹਨਾਂ ਨੂੰ ਸ਼ਰਮ ਮਹਿਸੂਸ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ‘ਵਿਕਾਊ’ ਵੀ ਕਰਾਰ ਦਿੱਤਾ। ਪਾਰਟੀ ਵਰਕਰਾਂ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੂੰ ਹਰਭਜਨ ਸਿੰਘ ‘ਤੇ ਉਸਦੀ ਖੇਡ ਕਾਰਨ ਮਾਣ ਸੀ ਅਤੇ ‘ਆਪ’ ਨੇ ਵੀ ਉਸ ਨੂੰ ਯੋਗ ਸਤਿਕਾਰ ਦਿੱਤਾ, ਪਰ ਹੁਣ ਉਸ ਦੇ ਇਸ ਫੈਸਲੇ ਨਾਲ ਲੋਕਾਂ ਵਿੱਚ ਨਿਰਾਸ਼ਾ ਹੈ। ਇਸ ਦੌਰਾਨ ਦੋਵਾਂ ਥਾਵਾਂ ਦੇ ਬਾਹਰ ਭਾਰੀ ਪੁਲੀਸ ਬੰਦੋਬਸਤ ਵੀ ਕੀਤਾ ਗਿਆ ਸੀ ਤਾਂ ਜੋ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ। ਸਥਿਤੀ ‘ਤੇ ਨਜ਼ਰ ਰੱਖਦੇ ਹੋਏ ਪੁਲਿਸ ਤਾਇਨਾਤ ਰਹੀ।
Posted By: Daily Suraj Bureau