ਸਾਢੇ ਤਿੰਨ ਸਾਲ ਤੋਂ ਵੱਧ ਸਮੇਂ ਬਾਅਦ ਪਰਿਵਾਰ ਨੂੰ ਮਿਲਣਗੇ ਅੰਮ੍ਰਿਤਪਾਲ ਸਿੰਘ, 21 ਨਵੰਬਰ ਨੂੰ ਪਿੰਡ ਜੱਲੂਪੁਰ ਖੇੜਾ ਜਾਣਗੇ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਹੈ। ਅਦਾਲਤ ਵੱਲੋਂ ਦਿੱਤੀ ਗਈ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਤਹਿਤ ਉਹ 21 ਨਵੰਬਰ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਦਾਦੀ ਦੇ ਸਸਕਾਰ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਨੂੰ ਪੰਜਾਬ ਲਿਆਉਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਡੀਐੱਸਪੀ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲੀਸ ਦੀ ਟੀਮ ਡਿਬਰੂਗੜ੍ਹ ਪਹੁੰਚੀ ਸੀ। ਪੁਲੀਸ ਟੀਮ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪਹਿਲਾਂ ਦਿੱਲੀ ਲੈ ਕੇ ਆਵੇਗੀ। ਉਹ ਅੱਜ ਸ਼ਾਮ ਦਿੱਲੀ ਪਹੁੰਚਣਗੇ ਅਤੇ 21 ਨਵੰਬਰ ਨੂੰ ਦੁਪਹਿਰ ਲਗਪਗ 2:30 ਵਜੇ ਹਵਾਈ ਜਹਾਜ਼ ਰਾਹੀਂ ਪੰਜਾਬ ਲਈ ਰਵਾਨਾ ਹੋਣਗੇ।
ਅੰਮ੍ਰਿਤਪਾਲ ਸਿੰਘ ਨੂੰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ, ਰਾਜਾਸਾਂਸੀ ਵਿਖੇ ਲਿਆਂਦਾ ਜਾਵੇਗਾ। ਇਸ ਤੋਂ ਬਾਅਦ ਪੁਲੀਸ ਸੁਰੱਖਿਆ ਹੇਠ ਉਨ੍ਹਾਂ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਂਦੇ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਲਿਜਾਇਆ ਜਾਵੇਗਾ। ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਕਿੱਥੇ ਰੱਖਿਆ ਜਾਵੇਗਾ, ਇਸ ਬਾਰੇ ਪੁਲੀਸ ਵੱਲੋਂ ਹਾਲੇ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਗਈ।
ਅਦਾਲਤ ਨੇ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਦਿੱਤੀ
ਅੰਮ੍ਰਿਤਸਰ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਦਿੱਤੀ ਹੈ। ਅਦਾਲਤੀ ਹੁਕਮਾਂ ਅਨੁਸਾਰ ਉਹ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੁਲੀਸ ਹਿਰਾਸਤ ਵਿੱਚ ਰਹਿੰਦਿਆਂ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣਗੇ।
ਇਸ ਤਰ੍ਹਾਂ ਲਗਪਗ ਤਿੰਨ ਸਾਲ ਸੱਤ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਅੰਮ੍ਰਿਤਪਾਲ ਸਿੰਘ ਆਪਣੇ ਪਰਿਵਾਰ ਨੂੰ ਮਿਲਣਗੇ। ਇਸ ਸਮੇਂ ਦੌਰਾਨ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਰਹੇ ਹਨ।
ਅਜਨਾਲਾ ਥਾਣੇ ਦੀ ਘਟਨਾ ਤੋਂ ਬਾਅਦ ਆਏ ਸਨ ਚਰਚਾ ਵਿੱਚ
ਜ਼ਿਕਰਯੋਗ ਹੈ ਕਿ ਫਰਵਰੀ 2023 ਵਿੱਚ ਅਜਨਾਲਾ ਥਾਣੇ ਵਿਖੇ ਵਾਪਰੀ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਕੇਂਦਰ ਬਣ ਗਏ ਸਨ। 23 ਫਰਵਰੀ 2023 ਨੂੰ ਉਨ੍ਹਾਂ ਦੇ ਸਮਰਥਕਾਂ ਨੇ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਦੀ ਰਿਹਾਈ ਦੀ ਮੰਗ ਕਰਦਿਆਂ ਅਜਨਾਲਾ ਥਾਣੇ ਦੇ ਬਾਹਰ ਲੱਗੇ ਬੈਰੀਕੇਡ ਤੋੜ ਦਿੱਤੇ ਸਨ ਅਤੇ ਥਾਣੇ ਦੇ ਅੰਦਰ ਦਾਖ਼ਲ ਹੋ ਗਏ ਸਨ।
ਇਸ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ ਹੋਇਆ ਸੀ, ਜਿਸ ਵਿੱਚ ਐੱਸਪੀ ਜੁਗਰਾਜ ਸਿੰਘ ਸਮੇਤ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਪੁਲੀਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਕਈ ਮਾਮਲੇ ਦਰਜ ਕੀਤੇ ਸਨ।
ਪੁਲੀਸ ਵੱਲੋਂ ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਭਾਲ ਕੀਤੇ ਜਾਣ ਤੋਂ ਬਾਅਦ 23 ਅਪਰੈਲ 2023 ਨੂੰ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਕੌਮੀ ਸੁਰੱਖਿਆ ਕਾਨੂੰਨ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ।